Bikram Majithia being mentally tortured in jail


ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜੇਲ੍ਹ ਅੰਦਰ ਜਾਣਬੁੱਝ ਕੇ ਪ੍ਰੇਸ਼ਾਨ ਕੀਤੀ ਜਾ ਰਿਹਾ ਹੈ। ਮਜੀਠੀਆ ਨੂੰ 12 ਸਾਲ ਤੋਂ ਖਾਲੀ ਪਈ ਬੈਰਕ ਵਿੱਚ ਰੱਖਿਆ ਗਿਆ ਹੈ। ਮਜੀਠੀਆ ’ਤੇ ਜੇਲ੍ਹ ਵਿੱਚ ਮਾਨਸਿਕ ਤਸ਼ੱਦਦ ਕਰਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।


ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਸਿੰਘ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਸਥਾਪਤ ਲੋਕਤੰਤਰੀ ਨਿਯਮਾਂ ਤੇ ਜੇਲ੍ਹ ਮੈਨੁਅਲ ਦੀ ਉਲੰਘਣਾ ਕਰ ਕੇ ਬਿਕਰਮ ਮਜੀਠੀਆ ਨਾਲ ਅਣਮਨੁੱਖੀ ਵਿਹਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਹਵਾਲਾਤੀ ਵਜੋਂ ਜਿਹੜੀਆਂ ਸਹੂਲਤਾਂ ਮਜੀਠੀਆ ਨੂੰ ਮਿਲਣੀਆਂ ਚਾਹੀਦੀਆਂ ਹਨ, ਉਹ ਵੀ ਨਹੀਂ ਦਿੱਤੀਆਂ ਜਾ ਰਹੀਆਂ।


ਦੱਸ ਦਈਏ ਕਿ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਸ਼ਾ ਤਸਕਰੀ ਕੇਸ ਵਿੱਚ ਜੇਲ੍ਹ ਅੰਦਰ ਬੰਦ ਹਨ। ਉਨ੍ਹਾਂ ਨੇ ਜ਼ਮਾਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਬਿਕਰਮ ਮਜੀਠੀਆ ਨੇ ਅਦਾਲਤ ਕੋਲ ਪਹੁੰਚ ਕਰਕੇ ਇਹ ਵੀ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।


ਮਜੀਠੀਆ ਨੇ ਅਦਾਲਤ ਨੂੰ ਦੱਸਿਆ ਸੀ ਕਿ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਸਭ ਠੀਕ ਨਹੀਂ। ਉਨ੍ਹਾਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਤੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਐਫ) ਵਰਗੀਆਂ ਜਥੇਬੰਦੀਆਂ ਤੋਂ ਇਲਾਵਾ ਗੈਂਗਸਟਰਾਂ ਤੋਂ ਜਾਨ ਦੇ ਖਤਰੇ ਦਾ ਹਵਾਲਾ ਦਿੱਤਾ ਸੀ।


ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹ ਮੰਤਰੀ ਹਰਜੋਤ ਬੈਂਸ ਦੀ ਫੇਰੀ ਤੋਂ ਬਾਅਦ ਉਨ੍ਹਾਂ ਨੂੰ ਜਨਰਲ ਬੈਰਕ ਵਿੱਚ ਡੱਕ ਦਿੱਤਾ ਗਿਆ। ਜਿੱਥੇ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਇੰਟੈਲੀਜੈਂਸ ਨੇ ਇਸ ਸਬੰਧੀ ਰਿਪੋਰਟ ਵੀ ਦਿੱਤੀ ਹੈ। ਉਨ੍ਹਾਂ ਨੂੰ ਵਾਪਸ ਵੱਖਰੀ ਬੈਰਕ ਵਿੱਚ ਰੱਖਣ ਦੀ ਮੰਗ ਕੀਤੀ ਹੈ।


ਇਹ ਵੀ ਪੜ੍ਹੋ: Gold-Silver Price Today: ਅੱਜ ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਤਾਜ਼ਾ ਰੇਟ