Bikram Majithia: ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਮਗਰੋਂ ਪੰਜਾਬ ਦਾ ਮਾਹੌਲ ਗਰਮਾਇਆ ਹੋਇਆ ਹੈ। ਅੱਜ ਮਜੀਠੀਆ ਦੀ ਪੇਸ਼ੀ ਮੌਕੇ ਮੁਹਾਲੀ ਅਦਾਲਤ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮਜੀਠੀਆ ਅਦਾਲਤ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਮੌਕੇ 'ਤੇ ਹੀ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਸੁਖਬੀਰ ਬਾਦਲ ਤੇ ਪੁਲਿਸ ਵਿਚਕਾਰ ਬਹਿਸ ਵੀ ਦੇਖਣ ਨੂੰ ਮਿਲੀ। 

ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪੁਲਿਸ ਨੇ ਸੁਖਬੀਰ ਬਾਦਲ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਦੌਰਾਨ ਮੀਡੀਆ ਨੂੰ ਵੀ ਅਦਾਲਤ ਕੰਪਲੈਕਸ ਤੋਂ ਦੂਰ ਰੱਖਿਆ ਗਿਆ ਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਘਟਨਾ ਤੋਂ ਬਾਅਦ ਅਕਾਲੀ ਸਮਰਥਕਾਂ ਵਿੱਚ ਗੁੱਸਾ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਪੁਲਿਸ ਦੀ ਕਾਰਵਾਈ ਨੂੰ ਲੋਕਤੰਤਰ ਦੇ ਵਿਰੁੱਧ ਦੱਸਿਆ। ਮੌਕੇ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੇ ਫਾਇਰ ਬ੍ਰਿਗੇਡ ਤਾਇਨਾਤ ਹਨ।

ਦੱਸ ਦਈਏ ਕਿ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਸੱਤ ਦਿਨਾ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਹੈ। ਮੁਹਾਲੀ ਕੋਰਟ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਮਜੀਠੀਆ ਦੇ ਵਕੀਲ ਉਨ੍ਹਾਂ ਦੀ ਗ੍ਰਿਫ਼ਤਾਰੀ ਖਿਲਾਫ਼ ਪਹਿਲਾਂ ਹੀ ਹਾਈਕੋਰਟ ਪਹੁੰਚ ਗਏ ਹਨ।

ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਅਣਐਲਾਨੀ ਐਮਰਜੈਂਸੀ ਲਾ ਦਿੱਤੀ ਹੈ। ਆਪਣੇ ਫੇਸਬੁੱਕ ਅਕਾਊਂਟ ਉੱਤੇ ਲੋਧੀ ਨੰਗਲ ਖੇਤਰ ਦੇ ਅਕਾਲੀ ਵਰਕਰਾਂ ਦੀ ਇੱਕ ਵੀਡੀਓ ਕਲਿੱਪ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ ਕਿ ਅੱਜ ਮੁਹਾਲੀ ਕੋਰਟ ਵਿਚ ਬਿਕਰਮ ਮਜੀਠੀਆ ਦੀ ਪੇਸ਼ੀ ਮੌਕੇ ਉਨ੍ਹਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਆ ਰਹੇ ਅਕਾਲੀ ਵਰਕਰਾਂ ਨੂੰ ਨਾਕਾਬੰਦੀ ਕਰਕੇ ਰਸਤਿਆਂ ਵਿੱਚ ਰੋਕਿਆ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਮੁਹਾਲੀ ਨਹੀਂ ਆਉਣ ਦਿੱਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਅਜਿਹੀਆਂ ਦਮਨਕਾਰੀ ਕਾਰਵਾਈਆਂ ਨਾਲ ਅਕਾਲੀ ਵਰਕਰ ਡਰਨ ਵਾਲੇ ਨਹੀਂ ਹਨ ਤੇ ਉਹ ਇਸ ਦਾ ਲੋਕ ਲਹਿਰ ਬਣਾ ਕੇ ਡਟ ਕੇ ਜਵਾਬ ਦੇਣਗੇ। ਅਕਾਲੀ ਦਲ ਵੱਲੋਂ ਇਸ ਸਬੰਧੀ ਮੁਹਾਲੀ ਦੇ ਫੇਜ਼ ਅੱਠ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰਤਾ ਸੱਦੀ ਗਈ ਹੈ। ਵਿਧਾਨ ਸਭਾ ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਦਿਸ਼ਾ ਨਿਰਦੇਸ਼ ’ਤੇ ਮੁਹਾਲੀ ਜਾ ਰਹੇ ਅਕਾਲੀ ਵਰਕਰਾਂ ਨੂੰ ਪਿੰਡ ਭਾਈ ਦੇਸਾ ਵਿਖੇ ਨਾਕੇ ਦੌਰਾਨ ਪੁਲਿਸ ਨੇ ਰੋਕ ਲਿਆ। ਇਨ੍ਹਾਂ ਸਾਰਿਆਂ ਨੂੰ ਬਠਿੰਡਾ ਦੇ ਥਾਣਾ ਕੋਟ ਫੱਤਾ ਵਿੱਚ ਰੱਖਿਆ ਗਿਆ ਹੈ।