ਚੰਡੀਗੜ੍ਹ: ਡਰੱਗਜ਼ ਮਾਮਲੇ 'ਚ ਫਸੇ ਦਿੱਗਜ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਮੁਹਾਲੀ ਦੀ ਅਦਾਲਤ 'ਚ ਸੁਣਵਾਈ ਹੋਵੇਗੀ। ਮਜੀਠੀਆ ਨੇ ਖੁਦ ਦਾਅਵਾ ਕੀਤਾ ਹੈ ਕਿ ਪਟਿਆਲਾ ਸੈਂਟਰਲ ਜੇਲ੍ਹ 'ਚ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਇਸ ਸਬੰਧੀ ਉਨ੍ਹਾਂ ਮੁਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਇਸ ਤੋਂ ਬਾਅਦ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਤੋਂ ਜਵਾਬ ਤਲਬ ਕੀਤਾ ਸੀ। ਪਿਛਲੀ ਸੁਣਵਾਈ ਦੌਰਾਨ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਸੁਣਵਾਈ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ 'ਤੇ ਅੱਜ ਮੋਹਾਲੀ ਅਦਾਲਤ ਆਪਣਾ ਫੈਸਲਾ ਸੁਣਾ ਸਕਦੀ ਹੈ।
ਸੂਬੇ 'ਚ 23 ਕਤਲ ਹੋ ਗਏ ਪਰ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਦੀਆਂ ਠੰਢੀਆਂ ਹਵਾਵਾਂ 'ਚੋਂ ਬਾਹਰ ਨਹੀਂ ਨਿਕਲ ਰਹੇ: ਨਵਜੋਤ ਸਿੱਧੂ
ਮਜੀਠੀਆ ਨੇ ਅਦਾਲਤ ਨੂੰ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਸਭ ਠੀਕ ਨਹੀਂ ਹੈ। ਉਨ੍ਹਾਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਤੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਐਫ) ਵਰਗੀਆਂ ਜਥੇਬੰਦੀਆਂ ਤੋਂ ਇਲਾਵਾ ਗੈਂਗਸਟਰਾਂ ਤੋਂ ਜਾਨ ਦੇ ਖਤਰੇ ਦਾ ਹਵਾਲਾ ਦਿੱਤਾ।
ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹ ਮੰਤਰੀ ਹਰਜੋਤ ਬੈਂਸ ਦੀ ਫੇਰੀ ਤੋਂ ਬਾਅਦ ਉਨ੍ਹਾਂ ਨੂੰ ਜਨਰਲ ਬੈਰਕ ਵਿੱਚ ਡੱਕ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਇੰਟੈਲੀਜੈਂਸ ਨੇ ਇਸ ਸਬੰਧੀ ਰਿਪੋਰਟ ਵੀ ਦਿੱਤੀ ਹੈ। ਉਨ੍ਹਾਂ ਨੂੰ ਵਾਪਸ ਵੱਖਰੀ ਬੈਰਕ ਵਿੱਚ ਰੱਖਣ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਕਿ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀਰਵਾਰ ਨੂੰ ਅਚਾਨਕ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਪਹੁੰਚ ਗਏ। ਇੱਥੇ ਉਨ੍ਹਾਂ ਨੇ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ। ਹਾਲਾਂਕਿ ਇਸ ਮੁਲਾਕਾਤ ਨੂੰ ਗੁਪਤ ਰੱਖਿਆ ਗਿਆ ਸੀ। ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਬਿਕਰਮ ਮਜੀਠੀਆ ਦੀ ਧਰਮ ਪਤਨੀ ਗਨੀਵ ਕੌਰ ਮਜੀਠੀਆ ਵੀ ਮੁਹਾਲੀ ਅਦਾਲਤ ਪਹੁੰਚੀ ਸੀ।