ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ ਉਹ ਆਪਣੇ ਸਾਥੀ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਦੋ ਸਾਲਾਂ ਦੇ ਕਾਂਗਰਸ ਦੇ ਸੂਬੇ ਵਿੱਚ 47,000 ਕਰੋੜ ਰੁਪਏ ਦਾ ਕਰਜ਼ਾ ਲੈਣ ਦਾ ਖੁਲਾਸਾ ਕਰਨ ਮਗਰੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ।
ਮੀਡੀਆ ਨੂੰ ਜਾਰੀ ਬਿਆਨ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿੱਧੂ ਦੀ ਗੱਲ 'ਤੇ ਵਿਸ਼ਵਾਸ ਕਰੀਏ ਤਾਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੀ ਸਮਾਪਤੀ ਤਕ ਪੰਜਾਬ ਸਿਰ 1,17,000 ਕਰੋੜ ਰੁਪਏ ਦਾ ਕਰਜਾ ਹੋਰ ਚੜ੍ਹ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੁਲਾਸਾ ਮਨਪ੍ਰੀਤ ਬਾਦਲ ਵੱਲੋਂ ਦੋ ਸਾਲਾਂ ਤੋਂ ਕੀਤੇ ਜਾ ਰਹੇ ਦਾਅਵਿਆਂ ਤੋਂ ਉਲਟ ਹੈ।
ਮਜੀਠੀਆ ਨੇ ਕਿਹਾ ਕਿ ਜੇ ਸਿੱਧੂ ਦੀ ਗੱਲ ਸਹੀ ਹੈ ਤਾਂ ਮਨਪ੍ਰੀਤ ਬਾਦਲ ਨੂੰ ਇਹ ਦੱਸਣਾ ਪਵੇਗਾ ਕਿ ਉਹ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਨ ਸਮੇਂ ਇਹ ਜਾਣਕਾਰੀ ਦੇਣ ਵਿੱਚ ਅਸਫਲ ਕਿਉਂ ਰਹੇ। ਉਨ੍ਹਾਂ ਕਿਹਾ ਕਿ ਇਹ ਗਲਤੀ ਨਹੀਂ ਬਲਕਿ ਸਦਨ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ, ਇਸ ਲਈ ਵਿੱਤ ਮੰਤਰੀ ਆਪਣਾ ਅਹੁਦਾ ਛੱਡਣ।