Bikram Majithia ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ: 7 ਦਿਨ ਪਹਿਲਾਂ ਮੋਹਾਲੀ ਅਦਾਲਤ ਵਿੱਚ ਪਾਈ ਸੀ ਪਟੀਸ਼ਨ
Bikram Majithia : ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਮਿਲ ਗਈ ਹੈ। ਮੋਹਾਲੀ ਦੀ ਅਦਾਲਤ ਨੇ ਉਨ੍ਹਾਂ ਨੂੰ 18 ਦਸੰਬਰ 2
Bikram Majithia : ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਮਿਲ ਗਈ ਹੈ। ਮੋਹਾਲੀ ਦੀ ਅਦਾਲਤ ਨੇ ਉਨ੍ਹਾਂ ਨੂੰ 18 ਦਸੰਬਰ 2026 ਤੋਂ 6 ਜਨਵਰੀ 2027 ਤੱਕ ਵਿਦੇਸ਼ ਯਾਤਰਾ ਕਰਨ ਦੀ ਮਨਜ਼ੂਰੀ ਦਿੱਤੀ ਹੈ। ਹਾਲਾਂਕਿ, ਅਦਾਲਤ ਨੇ ਇਸ ਲਈ 8 ਸਖ਼ਤ ਸ਼ਰਤਾਂ ਵੀ ਲਗਾਈਆਂ ਹਨ।
ਇਨ੍ਹਾਂ ਸ਼ਰਤਾਂ ਵਿੱਚ 30 ਲੱਖ ਰੁਪਏ ਦੀ ਬੈਂਕ ਗਾਰੰਟੀ, 30 ਲੱਖ ਰੁਪਏ ਦਾ ਨਿੱਜੀ ਮੁਚੱਲਕਾ ਅਤੇ ਜ਼ਮਾਨਤੀ ਦੇਣ ਦੀ ਸ਼ਰਤ ਸ਼ਾਮਲ ਹੈ। ਇਸ ਤੋਂ ਇਲਾਵਾ ਮਜੀਠੀਆ ਨੂੰ ਆਪਣੀਆਂ ਸਾਰੀਆਂ ਅਚੱਲ ਜਾਇਦਾਦਾਂ ਦਾ ਪੂਰਾ ਵੇਰਵਾ ਹਲਫ਼ਨਾਮੇ ਰਾਹੀਂ ਅਦਾਲਤ ਵਿੱਚ ਜਮ੍ਹਾਂ ਕਰਵਾਉਣਾ ਪਵੇਗਾ। ਉਨ੍ਹਾਂ ਨੂੰ ਤੈਅ ਸਮੇਂ ਅੰਦਰ ਭਾਰਤ ਵਾਪਸ ਆਉਣਾ ਹੋਵੇਗਾ ਅਤੇ ਵਿਦੇਸ਼ ਵਿੱਚ ਰਹਿਣ ਵਾਲੀ ਥਾਂ ਦਾ ਪੂਰਾ ਪਤਾ ਵੀ ਅਦਾਲਤ ਨੂੰ ਦੇਣਾ ਪਵੇਗਾ।
ਬੰਦ ਲਿਫ਼ਾਫ਼ੇ ਵਿੱਚ ਦਿੱਤਾ ਯਾਤਰਾ ਦਾ ਵੇਰਵਾ
ਬਿਕਰਮ ਮਜੀਠੀਆ ਨੇ ਆਪਣੀ ਵਿਦੇਸ਼ ਯਾਤਰਾ ਦਾ ਪੂਰਾ ਪ੍ਰੋਗਰਾਮ ਜਨਤਕ ਕਰਨ ਦੀ ਬਜਾਏ ਬੰਦ ਲਿਫ਼ਾਫ਼ੇ ਵਿੱਚ ਅਦਾਲਤ ਅਤੇ ਜਾਂਚ ਅਧਿਕਾਰੀ ਨੂੰ ਸੌਂਪਿਆ ਸੀ। ਉਨ੍ਹਾਂ ਵੱਲੋਂ ਦਲੀਲ ਦਿੱਤੀ ਗਈ ਕਿ ਉਨ੍ਹਾਂ ਨੂੰ ਪੁਲਸ ਸੁਰੱਖਿਆ ਮਿਲੀ ਹੋਈ ਹੈ ਅਤੇ ਸਰਹੱਦ ਪਾਰ ਦੇ ਅੱਤਵਾਦੀ ਸੰਗਠਨਾਂ ਤੇ ਗੈਂਗਸਟਰਾਂ ਦੀ ਹਿੱਟ ਲਿਸਟ ਵਿੱਚ ਹੋਣ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਯਾਤਰਾ ਦਾ ਵੇਰਵਾ ਗੁਪਤ ਰੱਖਣਾ ਜ਼ਰੂਰੀ ਹੈ।
ਸਰਕਾਰ ਨੇ ਕੀਤਾ ਸੀ ਵਿਰੋਧ
ਪੰਜਾਬ ਸਰਕਾਰ ਦੇ ਵਕੀਲਾਂ ਨੇ ਮਜੀਠੀਆ ਦੀ ਪਟੀਸ਼ਨ ਦਾ ਵਿਰੋਧ ਕੀਤਾ ਸੀ। ਸਰਕਾਰ ਦਾ ਕਹਿਣਾ ਸੀ ਕਿ ਬੰਦ ਲਿਫ਼ਾਫ਼ੇ ਵਿੱਚ ਦਿੱਤੀ ਜਾਣਕਾਰੀ ਅਧੂਰੀ ਹੈ ਅਤੇ ਇਸ ਵਿੱਚ ਸਿਰਫ਼ ਸੰਭਾਵਿਤ ਤਰੀਕਾਂ ਦਾ ਜ਼ਿਕਰ ਕੀਤਾ ਗਿਆ ਹੈ।
ਦੂਜੇ ਪਾਸੇ, ਅਦਾਲਤ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਜਾਂਚ ਪੂਰੀ ਹੋ ਚੁੱਕੀ ਹੈ। 22 ਅਗਸਤ 2025 ਨੂੰ ਚਲਾਨ ਵੀ ਪੇਸ਼ ਕੀਤਾ ਜਾ ਚੁੱਕਾ ਹੈ। ਹੁਣ ਸਿਰਫ਼ ਸਹਿ-ਮੁਲਜ਼ਮਾਂ ਖ਼ਿਲਾਫ਼ ਪੂਰਕ ਚਲਾਨ ਪੇਸ਼ ਕੀਤਾ ਗਿਆ ਹੈ। ਅਦਾਲਤ ਮੁਤਾਬਕ ਸਿਰਫ਼ ਮੁਕੱਦਮਾ ਲੰਬਿਤ ਹੋਣ ਕਾਰਨ ਕਿਸੇ ਵਿਅਕਤੀ ਨੂੰ ਵਿਦੇਸ਼ ਜਾਣ ਦੇ ਅਧਿਕਾਰ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ।
ਇਸ ਤਰ੍ਹਾਂ ਹੋਈ ਪਟੀਸ਼ਨ 'ਤੇ ਸੁਣਵਾਈ
1. 16 ਨਵੰਬਰ: ਬਿਕਰਮ ਮਜੀਠੀਆ ਨੇ ਵਿਦੇਸ਼ ਜਾਣ ਦੀ ਇਜਾਜ਼ਤ ਲਈ ਮੋਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ।
2. 18-19 ਨਵੰਬਰ: ਅਦਾਲਤ ਨੇ ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਤੋਂ ਜਵਾਬ ਮੰਗਿਆ। ਜਵਾਬ ਦਾਖ਼ਲ ਨਾ ਹੋਣ ਕਾਰਨ ਸੁਣਵਾਈ 21 ਨਵੰਬਰ ਤੱਕ ਟਾਲ ਦਿੱਤੀ ਗਈ।
3. 21 ਨਵੰਬਰ: ਵਿਜੀਲੈਂਸ ਨੇ ਅਰਜ਼ੀ ਵਿੱਚ ਪੂਰੀ ਜਾਣਕਾਰੀ ਨਾ ਹੋਣ 'ਤੇ ਇਤਰਾਜ਼ ਜਤਾਇਆ। ਵਿਭਾਗ ਨੇ ਕਿਹਾ ਕਿ ਫਲਾਈਟ, ਮੰਜ਼ਿਲ ਵਾਲੇ ਸ਼ਹਿਰ ਅਤੇ ਰਹਿਣ ਦੀ ਥਾਂ ਦਾ ਵੇਰਵਾ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ 23 ਨਵੰਬਰ ਲਈ ਤੈਅ ਕੀਤੀ।
ਮਜੀਠੀਆ ਨੂੰ ਅਦਾਲਤ ਦੀ ਇਜਾਜ਼ਤ ਲੈਣੀ ਕਿਉਂ ਸੀ ਜ਼ਰੂਰੀ?
ਦੱਸ ਦੇਈਏ ਕਿ ਬਿਕਰਮ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਮਿਲੀ ਸ਼ਰਤਾਂ ਵਾਲੀ ਜ਼ਮਾਨਤ 'ਤੇ ਬਾਹਰ ਹਨ। ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਉਹ ਮੋਹਾਲੀ ਦੀ ਟਰਾਇਲ ਕੋਰਟ ਦੀ ਪਹਿਲਾਂ ਤੋਂ ਮਨਜ਼ੂਰੀ ਲਏ ਬਿਨਾਂ ਵਿਦੇਸ਼ ਨਹੀਂ ਜਾ ਸਕਦੇ।
ਇਸ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ, ਹਾਲਾਂਕਿ ਇਸ 'ਤੇ ਰੋਕ ਲੱਗ ਚੁੱਕੀ ਹੈ। ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਦੇਸ਼ ਛੱਡਣ ਦੀ ਕੋਸ਼ਿਸ਼ ਕਰਨ 'ਤੇ ਉਨ੍ਹਾਂ ਦੀ ਜ਼ਮਾਨਤ ਰੱਦ ਹੋ ਸਕਦੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 6 ਜਨਵਰੀ 2027 ਨੂੰ ਹੋਣੀ ਤੈਅ ਹੈ।
ਟ੍ਰੈਂਡਿੰਗ ਟੌਪਿਕ





















