ਚੰਡੀਗੜ੍ਹ: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਿਆਸਤ ਜ਼ੋਰਾਂ ’ਤੇ ਚੱਲ ਰਹੀ ਹੈ। ਸਿਆਸੀ ਪਾਰਟੀਆਂ ਇੱਕ-ਦੂਜੇ ਖ਼ਿਲਾਫ਼ ਰੱਜ ਕੇ ਦੂਸ਼ਣਬਾਜ਼ੀ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਵੀ ਸਰਕਾਰ ’ਤੇ ਤਾਜ਼ਾ ਸਿਆਸੀ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪੰਚਾਇਤੀ ਚੋਣਾਂ ਕਰਵਾ ਕੇ ਸਿਰਫ ਲੋਕਤੰਤਰੀ ਹੋਣ ਦਾ ਦਿਖਾਵਾ ਕਰ ਰਹੀ ਹੈ ਜਦਕਿ ਸੱਚ ਇਹ ਹੈ ਕਿ ਸਰਕਾਰ ਇਨ੍ਹਾਂ ਚੋਣਾਂ ਵਿੱਚ ਸਿਰਫ ਧੱਕੇਸ਼ਾਹੀ ਹੀ ਕਰ ਰਹੀ ਹੈ।


ਮਜੀਠੀਆ ਨੇ ਕਿਹਾ ਕਿ ਜੇ ਇਸੇ ਤਰ੍ਹਾਂ ਹੀ ਚੋਣਾਂ ਕਰਵਾਉਣੀਆਂ ਸੀ ਤਾਂ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਆਪ ਹੀ ਕਾਂਗਰਸ ਭਵਨ ਵਿੱਚ ਸਰਪੰਚ ਤੇ ਪੰਚਾਂ ਦੀ ਲਿਸਟ ਬਣਾ ਕੇ ਲਗਾ ਦਿੰਦੀ। ਇਸ ਨਾਲ ਸਰਕਾਰ ਦਾ ਖ਼ਰਚਾ ਵੀ ਬਚ ਜਾਣਾ ਸੀ। ਜ਼ਿਕਰਯੋਗ ਹੈ ਕਿ ਫ਼ਰੀਦਕੋਟ ਬਲਾਕ ਅਧੀਨ ਪੈਂਦੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 'ਚ ਉੱਤਰੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਵਿੱਚ ਅਕਾਲੀ ਅਤੇ ਗ਼ੈਰ ਕਾਂਗਰਸੀ ਉਮੀਦਵਾਰਾਂ ਦੀਆਂ ਨਾਮਜ਼ਦਗੀ ਕਾਗਜ਼ ਰੱਦ ਹੋਏ ਹਨ।

ਇਸੇ ਸਬੰਧੀ ਕਾਂਗਰਸੀ ਵਿਧਾਇਕ ਦੀ ਧੱਕੇਸ਼ਾਹੀ ਅਤੇ ਗ਼ੈਰ ਕਾਂਗਰਸੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਰਿਹਾਇਸ਼ ਦੇ ਬਾਹਰ ਨੈਸ਼ਨਲ ਹਾਈਵੇ 54 ’ਤੇ ਅੱਜ ਧਰਨਾ ਵੀ ਲਾਇਆ।