Parambans Singh Romana Cyber Crime : ਸਾਈਬਰ ਕ੍ਰਾਈਮ ਮਮਾਲੇ ਵਿੱਚ ਗ੍ਰਿਫ਼ਤਾਰ ਕੀਤੇ ਅਕਾਲੀ ਦਲ ਦੇ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਮਾਮਲੇ 'ਤੇ ਅਕਾਲੀ ਦਲ ਨੇ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸੁਖਬੀਰ ਬਾਦਲ ਤੋਂ ਬਾਅਦ ਹੁਣ ਬਿਕਰਮ ਮਜੀਠੀਆ ਦਾ ਬਿਆਨ ਵੀ ਸਾਹਮਣੇ ਆਇਆ ਹੈ। ਮਜੀਠੀਆ ਨੇ ਟਵੀਟ ਕਰਦੇ ਹੋਏ ਲਿਖਿਆ ਕਿ - 



''ਵਿਚਾਰਾਂ ਦੇ ਪ੍ਰਗਟਾਵੇ 'ਤੇ ਪਾਬੰਦੀ ਲਗਾਉਂਦਿਆਂ ਭਗਵੰਤ ਮਾਨ ਸਰਕਾਰ ਨੇ ਜਿਸ ਤਰ੍ਹਾਂ ਅਕਾਲੀ ਆਗੂ ਪਰਮਬੰਸ ਸਿੰਘ ਰੋਮਾਣਾ ਉੱਤੇ ਨਾਜਾਇਜ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਉਸਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਸਮੁੱਚਾ ਸ਼੍ਰੋਮਣੀ ਅਕਾਲੀ ਦਲ ਸ. ਰੋਮਾਣਾ ਦੇ ਨਾਲ ਡੱਟ ਕੇ ਖੜ੍ਹਾ ਹੈ। ਭਗਵੰਤ ਮਾਨ ਦੀ ਤਾਨਾਸ਼ਾਹੀ ਸ਼੍ਰੋਮਣੀ ਅਕਾਲੀ ਦਲ ਦੇ ਹੌਂਸਲੇ ਨਹੀਂ ਡੇਗ ਸਕਦੀ। ਇਸ ਤਾਨਾਸ਼ਾਹੀ ਦਾ ਅਸੀਂ ਹਮੇਸ਼ਾ ਵਿਰੋਧ ਕਰਦੇ ਰਹਾਂਗੇ।''




ਇਸ ਤੋਂ ਪਹਿਲਾ ਸੁਖਬੀਰ ਬਾਦਲ ਨੇ ਕਿਹਾ ਸੀ ਕਿ - ਸਿਆਸੀ ਬਦਲਾਖੋਰੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ.ਪਰਮਬੰਸ ਸਿੰਘ ਰੋਮਾਣਾ ਦੀ ਨਜਾਇਜ਼ ਦੋਸ਼ ਹੇਠ ਕੀਤੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕਰਦਾ ਹਾਂ। ਅਜਿਹਾ ਕਰਕੇ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਅਤੇ ਪੰਜਾਬੀਆਂ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣਾ ਅਤੇ ਆਪਣੀਆਂ ਅਸਫਲਤਾਵਾਂ ਨੂੰ ਛੁਪਾਉਣਾ ਚਾਹੁੰਦੀ ਹੈ। ਸ਼੍ਰੋਮਣੀ ਅਕਾਲੀ ਦਲ ਅਜਿਹੀਆਂ ਗਿੱਧੜ ਧਮਕੀਆਂ ਤੋਂ ਡਰਨ ਵਾਲਾ ਨਹੀਂ। ਪਾਰਟੀ ਪਰਮਬੰਸ ਸਿੰਘ ਰੋਮਾਣਾ ਦੇ ਪੂਰਨ ਤੌਰ ‘ਤੇ ਨਾਲ ਖੜ੍ਹੀ ਹੈ ਅਤੇ ਇਹ ਯਕੀਨੀ ਬਣਾਏਗੀ ਕਿ ਆਪ ਸਰਕਾਰ ਦੀ ਅਰਾਜਕਤਾ ਨੂੰ ਠੱਲ ਪਾਈ ਜਾਵੇ।




ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਖਿਲਾਫ ਪੁਲਿਸ ਨੇ ਆਈਟੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਰੋਮਾਣਾ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਵਰ ਗਰੇਵਾਲ ਦੇ ਗੀਤ ਨਾਲ ਛੇੜਛਾੜ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਮ ਗੀਤ ਵਿੱਚ ਗਲਤ ਢੰਗ ਨਾਲ ਐਡਿਟ ਕੀਤਾ ਹੈ।


ਇਹ ਗੀਤ ਨੂੰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਗਿਆ ਹੈ ਇਸ ਗੀਤ ਨਾਲ ਸੂਬਾ ਸਰਕਾਰ ਦੀ ਖੂਬ ਭੰਡੀ ਹੋ ਰਹੀ ਹੈ ਦੱਸਿਆ ਜਾਂਦਾ ਹੈ ਕਿ ਬੀਤੀ ਸਵੇਰੇ ਚੰਡੀਗੜ੍ਹ ਪੁਲਿਸ ਨੇ ਬੰਟੀ ਰੋਮਾਣਾ ਨੂੰ ਹਿਰਾਸਤ ਵਿੱਚ ਲਿਆ ਤੇ ਬਾਅਦ ਵਿੱਚ ਮੁਹਾਲੀ ਪੁਲਿਸ ਦੇ ਸਪੁਰਦ ਕਰ ਦਿੱਤਾ।  ਬੰਟੀ ਰੋਮਾਣਾ  ਦੇ ਖਿਲ਼ਾਫ ਧਾਰਾ 468,469,500,ਤੇ 43,66 IT ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ।