ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਖਰੀਦ ਫ਼ਰੋਖ਼ਤ ਨੂੰ ਲੈ ਕੇ ਪਾਰਟੀ ਵੱਲੋਂ ਲਗਾਏ ਇਲਜਾਮਾਂ ਤੋਂ ਬਾਅਦ ਪੰਜਾਬ 'ਚ ਸਿਆਸਤ ਗਰਮਾਈ ਹੋਈ ਹੈ। ਵਿਰੋਧੀ ਲਗਾਤਾਰ ਮਾਨ ਸਰਕਾਰ 'ਤੇ ਸਵਾਲ ਚੁੱਕ ਰਹੇ ਹਨ ਅਤੇ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਅੱਜ ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ 'ਆਪ' 'ਤੇ ਵਰ੍ਹਦਿਆਂ ਮਜੀਠੀਆ ਨੇ ਹਰਪਾਲ ਚੀਮਾ ਸਮੇਤ ਸਾਰੇ ਵਿਧਾਇਕਾਂ 'ਤੇ ਸਵਾਲ ਉਠਾਏ ਹਨ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਅਜੇ ਤੱਕ ਕੋਈ ਸਬੂਤ ਪੇਸ਼ ਨਹੀਂ ਕੀਤਾ : ਮਜੀਠੀਆ
ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਮਜੀਠੀਆ ਨੇ ਕਿਹਾ ਕਿ 'ਆਪ' ਲੋਕਾਂ ਦੀਆਂ ਵੋਟਾਂ ਨਾਲ ਖਿਲਵਾੜ ਨਹੀਂ ਕਰ ਸਕਦੀ। ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੇ 24 ਘੰਟੇ ਬੀਤ ਚੁੱਕੇ ਹਨ ਪਰ ਅਜੇ ਤੱਕ ਨਾ ਤਾਂ ਕੋਈ ਸਬੂਤ ਅਤੇ ਨਾ ਹੀ ਕੋਈ ਤੱਥ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਵਿਦੇਸ਼ ਤੋਂ ਵਾਪਸ ਆਉਣ ਤੋਂ ਬਾਅਦ ਅਸੀਂ ਸੈਸ਼ਨ ਬੁਲਾਵਾਂਗੇ ਤਾਂ ਜੋ ਉਹ ਆਪਣਾ ਬਹੁਮਤ ਸਾਬਤ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਹਿਣਾ ਚਾਹੁੰਦਾ ਹਾਂ ਕਿ ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿੱਚ ਕੁਝ ਨਹੀਂ ਕਰਨਾ ਚਾਹੀਦਾ ਪਰ ਉਹ ਇਸ ਮਾਮਲੇ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਜਾਂਚ ਸ਼ੁਰੂ ਕਰੇ।
ਵਿਧਾਇਕ ਸ਼ੀਤਲ ਅੰਗੁਰਾਲ ਦੀਆਂ ਦਿਖਾਈਆਂ ਤਸਵੀਰਾਂ
ਮਜੀਠੀਆ ਨੇ ਆਪਣੀ ਪ੍ਰੈੱਸ ਕਾਨਫਰੰਸ 'ਚ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ 'ਤੇ ਵੀ ਨਿਸ਼ਾਨਾ ਸਾਧਿਆ। ਭਾਜਪਾ ਆਗੂਆਂ ਨਾਲ ਸ਼ੀਤਲ ਅੰਗੁਰਾਲ ਦੀਆਂ ਪੁਰਾਣੀਆਂ ਤਸਵੀਰਾਂ ਦਿਖਾਉਂਦੇ ਹੋਏ ਉਨ੍ਹਾਂ ਕਿਹਾ ਕਿ ਅਜਿਹਾ ਇੱਕ ਹੀ ਮਾਮਲਾ ਹੋਵੇਗਾ, ਜੋ ਉਨ੍ਹਾਂ ਖ਼ਿਲਾਫ਼ ਦਰਜ ਨਹੀਂ ਹੈ। ਪਾਰਟੀ ਇੱਥੇ ਵੀ ਦਿੱਲੀ ਦਾ ਡਰਾਮਾ ਰਚੇਗੀ ਅਤੇ ਵਿਸ਼ੇਸ਼ ਸੈਸ਼ਨ ਬੁਲਾ ਕੇ ਆਪਣਾ ਵਿਸ਼ਵਾਸ ਮਤ ਸਾਬਿਤ ਕਰੇਗੀ।
ਦੂਜੇ ਪਾਸੇ ਮਜੀਠੀਆ ਨੇ ਅੱਗੇ ਕਿਹਾ ਕਿ ਕੱਲ੍ਹ ਅਸੀਂ ਚੰਡੀਗੜ੍ਹ ਪੁਲਿਸ ਦੇ ਐਸ.ਐਸ.ਪੀ ਨੂੰ ਸ਼ਿਕਾਇਤ ਦੇਵਾਂਗੇ ਕਿ ਮਾਮਲੇ ਦੀ ਜਾਂਚ ਕੀਤੀ ਜਾਵੇ। ਜੇਕਰ ਕਿਸੇ ਦੀ ਜਾਨ ਨੂੰ ਖਤਰਾ ਹੈ ਤਾਂ ਉਸਦੀ ਰੱਖਿਆ ਹੋਵੇ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।