ਬਿਕਰਮ ਮਜੀਠੀਆ ਨੇ ਆਪ ਸਰਕਾਰ 'ਤੇ ਸਾਧੇ ਤਿੱਖੇ ਨਿਸ਼ਾਨੇ, 'ਆਪ' ਸਰਕਾਰ ਹਰ ਫਰੰਟ 'ਤੇ ਫੇਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅੱਜ ਪਟਿਆਲਾ ਦੇ ਨਜ਼ਦੀਕੀ ਪਿੰਡ ਭੇਡਪੁਰਾ ਦੇ ਹਾਈਵੋਲਟੇਜ ਟਾਵਰ 'ਤੇ ਪ੍ਰਦਰਸ਼ਨ ਕਰ ਰਹੇ ਲਾਈਨਮੈਨ ਯੂਨੀਅਨ ਦੇ ਆਗੂਆਂ ਦੇ ਨਾਲ ਮੁਲਾਕਾਤ ਕੀਤੀ।
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅੱਜ ਪਟਿਆਲਾ ਦੇ ਨਜ਼ਦੀਕੀ ਪਿੰਡ ਭੇਡਪੁਰਾ ਦੇ ਹਾਈਵੋਲਟੇਜ ਟਾਵਰ 'ਤੇ ਪ੍ਰਦਰਸ਼ਨ ਕਰ ਰਹੇ ਲਾਈਨਮੈਨ ਯੂਨੀਅਨ ਦੇ ਆਗੂਆਂ ਦੇ ਨਾਲ ਮੁਲਾਕਾਤ ਕੀਤੀ।
ਪਿਛਲੇ ਦੋ ਮਹੀਨੇ ਤੋਂ ਲਗਾਤਾਰ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਦੇ ਬਾਹਰ ਪੱਕਾ ਮੋਰਚਾ ਲਾ ਕੇ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਆਗੂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਟਿਆਲਾ ਸੰਗਰੂਰ ਰੋਡ 'ਤੇ ਨਜ਼ਦੀਕ ਪਿੰਡ ਭੇਡਪੁਰਾ ਦੇ ਹਾਈ ਵੋਲਟੇਜ ਬਿਜਲੀ ਦੇ ਟਾਵਰ 'ਤੇ ਚੜ੍ਹ ਕੇ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।
1690 ਪੋਸਟਾਂ ਦੀ ਭਰਤੀ ਲਈ ਲਏ ਜਾ ਰਹੇ ਪੇਪਰ ਨੂੰ ਰੱਦ ਕਰਵਾਉਣ ਲਈ ਯੂਨੀਅਨ ਦੇ ਆਗੂ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।ਹਾਈ ਵੋਲਟੇਜ਼ ਟਾਵਰ 'ਤੇ ਚੜ੍ਹੇ ਇਨ੍ਹਾਂ ਆਗੂਆਂ ਦੀ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਸਰਕਾਰ ਦੇ ਵਿਧਾਇਕਾਂ ਨੇ ਕੋਈ ਸਾਰ ਤੱਕ ਨਹੀਂ ਲਈ ਪਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅੱਜ ਇਨ੍ਹਾਂ ਬੇਰੋਜ਼ਗਾਰ ਲਾਈਨਮੈਨ ਯੂਨੀਅਨ ਦੇ ਆਗੂਆਂ ਦਾ ਹਾਲ ਜਾਨਣ ਲਈ ਮੌਕੇ 'ਤੇ ਪਹੁੰਚੇ। ਜਿੱਥੇ ਇਨ੍ਹਾਂ ਆਗੂਆਂ ਦੀ ਸਾਰੀ ਗੱਲਬਾਤ ਬਿਕਰਮ ਮਜੀਠੀਆ ਵੱਲੋਂ ਸੁਣੀ ਗਈ ਉੱਥੇ ਹੀ ਵਿਸ਼ੇਸ਼ ਤੌਰ 'ਤੇ ਪਹੁੰਚੇ ਬਿਕਰਮ ਮਜੀਠੀਆ ਦੇ ਨਾਲ ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਅਮਿਤ ਸਿੰਘ ਰਾਠੀ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਬਿਕਰਮ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਵੋਟਾਂ ਹਾਸਲ ਕੀਤੀਆਂ ਗਈਆਂ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਕੋਈ ਵੀ ਨੌਜਵਾਨ ਧਰਨਾ ਪ੍ਰਦਰਸ਼ਨ ਨਹੀਂ ਕਰਨਗੇ। ਪਰ ਸਰਕਾਰ ਅੱਜ ਆਪਣੇ ਵਾਅਦੇ ਤੋਂ ਮੁੱਕਰ ਗਈ ਅਤੇ ਹੁਣ ਪੰਜਾਬ ਵਿੱਚ ਨੌਜਵਾਨ ਲੜਕੇ ਲੜਕੀਆਂ ਨੌਕਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਬੜੇ ਹੀ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਵਿਧਾਇਕਾਂ ਨੇ ਇਨ੍ਹਾਂ ਲਾਈਨਮੈਨ ਯੂਨੀਅਨ ਦੇ ਆਗੂਆਂ ਦੇ ਨਾਲ ਕੋਈ ਵੀ ਮੁਲਾਕਾਤ ਨਹੀਂ ਕੀਤੀ ਅਤੇ ਇਹ ਆਗੂ ਹਾਈ ਵੋਲਟੇਜ਼ ਟਾਵਰ 'ਤੇ ਚੜ੍ਹ ਕੇ ਆਪਣੀ ਜਾਨ ਜੋਖ਼ਮ ਵਿੱਚ ਪਾ ਰਹੇ ਹਨ।ਪਰ ਫਿਰ ਵੀ ਸਰਕਾਰ ਦਾ ਕੋਈ ਨੁਮਾਇੰਦਾ ਇਨ੍ਹਾਂ ਕੋਲ ਨਹੀਂ ਪਹੁੰਚਿਆ।
ਉੱਥੇ ਹੀ ਬਿਕਰਮ ਮਜੀਠੀਆ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਇਲਾਵਾ ਅਨੇਕਾਂ ਮੁੱਦਿਆਂ 'ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦਾ ਭਾਣਜਾ ਵੀ ਇਸੇ ਟਾਵਰ 'ਤੇ ਚੜ੍ਹ ਕੇ ਨੌਕਰੀ ਦੀ ਮੰਗ ਕਰ ਰਿਹਾ ਹੈ। ਇਸ ਮੌਕੇ ਬਿਕਰਮ ਮਜੀਠੀਆ ਨੇ ਰਵਨੀਤ ਬਿੱਟੂ ਅਤੇ ਚਰਨਜੀਤ ਚੰਨੀ 'ਤੇ ਵੀ ਤਨਜ ਕੱਸੇ ਹਨ।
ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਅਮਿਤ ਸਿੰਘ ਰਾਠੀ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਅੱਜ ਨੌਜਵਾਨ ਲੜਕੇ-ਲੜਕੀਆਂ ਟਾਵਰਾਂ ਅਤੇ ਪਾਣੀ ਵਾਲੀਆਂ ਟੈਂਕੀਆਂ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ।ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਹੈਲੀਕਾਪਟਰ ਦੇ ਝੂਟੇ ਲੈ ਰਿਹਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਗੱਲ ਕਹਿ ਕੇ ਉਨ੍ਹਾਂ ਨੂੰ ਗੁੰਮਰਾਹ ਕਰਕੇ ਵੋਟਾਂ ਹਾਸਲ ਕੀਤੀਆਂ ਅਤੇ ਅੱਜ ਪੰਜਾਬ ਵਿੱਚ ਇਨ੍ਹਾਂ ਨੌਜਵਾਨਾਂ 'ਤੇ ਸਰਕਾਰ ਵੱਲੋਂ ਲਾਠੀਚਾਰਜ ਕਰਕੇ ਤਸ਼ੱਦਦ ਕੀਤਾ ਜਾ ਰਿਹਾ ਹੈ।
ਮਜੀਠੀਆ ਨੇ ਕਿਹਾ ਕਿ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਦੀ ਜੇਕਰ ਕਿਸੇ ਪਾਰਟੀ ਨੇ ਬਾਂਹ ਫੜੀ ਸੀ ਤਾਂ ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫੜੀ ਸੀ। ਨੌਜਵਾਨਾਂ ਨੂੰ ਅਨੇਕਾਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਪਰ ਅੱਜ ਪੰਜਾਬ ਵਿੱਚ ਨੌਜਵਾਨ ਰੁਜ਼ਗਾਰ ਹਾਸਲ ਕਰਨ ਲਈ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਪ੍ਰਦਰਸ਼ਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਲੋਕ ਠੱਗਾਂ ਦੀ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚੋਂ ਚਲਦਾ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੱਤਾ 'ਚ ਲਿਆਉਣਗੇ।