ਚੰਡੀਗੜ੍ਹ: ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਵੀਡਿਓ ਵਾਇਰਲ ਕਰਨ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਫਿਲਹਾਲ ਇਸ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ ਪਰ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁਹਾਲੀ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਚੰਡੀਗੜ੍ਹ ਨੇੜੇ ਪ੍ਰਾਈਵੇਟ ਯੂਨੀਵਰਸਿਟੀ ਵਿਚ 8 ਕੁੜੀਆਂ ਵੱਲੋਂ ਕਥਿਤ ਖੁਦਕੁਸ਼ੀ ਦੀਆਂ ਖ਼ਬਰਾਂ ਅਫ਼ਵਾਹ ਹੈ। ਕੁੜੀਆਂ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਉਹ ਰੋਸ ਪ੍ਰਗਟਾਵਾ ਕਰਨ ਵੇਲੇ ਗਰਮੀ ਕਾਰਨ ਬੇਹੋਸ਼ ਹੋ ਗਈਆਂ ਸਨ।ਮਾਮਲੇ ਦੀ ਜਾਂਚ ਕਰ ਰਹੀ ਖਰੜ ਦੀ ਪੁਲਿਸ ਡੀਐੱਸਪੀ ਰੁਪਿੰਦਰ ਕੌਰ ਨੇ ਮੀਡੀਆ ਨੂੰ ਦੱਸਿਆ ਕਿ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕੀਤੇ ਜਾਣ ਦੀ ਜਾਂਚ ਕੀਤੀ ਜਾ ਰਹੀ ਹੈ।
ਡੀਐੱਸਪੀ ਰੁਪਿੰਦਰ ਕੌਰ ਮੁਤਾਬਕ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕਰਵਾਉਣ ਦੇ ਮਾਮਲੇ ਵਿਚ ਐੱਫ਼ਆਈਆਰ ਦਰਜ ਕਰ ਲਈ ਹੈ ਅਤੇ ਮੁਲਜ਼ਮ ਵਿਦਿਆਰਥਣ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਮਾਮਲੇ 'ਤੇ ਸਿਆਸਤ ਵੀ ਗਰਮਾ ਗਈ ਹੈ।ਪੰਜਾਬ ਦੇ ਕਈ ਲੀਡਰਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਇਨਸਾਫ ਦੀ ਮੰਗ ਕਰ ਰਹੇ ਹਨ। ਅਕਾਲੀ ਆਗੂ ਬਿਕਰਮਜੀਤ ਮਜੀਠੀਆ ਨੇ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ ਅਤੇ ਵਿਦਿਆਰਥਣਾਂ ਲਈ ਇਨਸਾਫ਼ ਮੰਗਿਆ ਹੈ।
ਮਜੀਠੀਆ ਨੇ ਟਵੀਟ ਕਰ ਕਿਹਾ, "ਸਾਡੀਆਂ ਧੀਆਂ ਦੀ ਇੱਜ਼ਤ ਦੀ ਰਾਖੀ ਸਭ ਤੋਂ ਮਹੱਤਵਪੂਰਨ ਹੈ। ਉਹਨਾਂ ਦੀ ਗੋਪਨੀਯਤਾ ਦੀ ਰੱਖਿਆ ਲਈ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਉਹਨਾਂ ਵਿਰੁੱਧ ਅਪਰਾਧ ਦੇ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਚੰਡੀਗੜ੍ਹ ਯੂਨੀਵਰਸਿਟੀ ਅੱਤਿਆਚਾਰ ਦੀ ਸਮਾਂਬੱਧ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ।"
ਜਿੱਥੇ ਪੁਲਿਸ ਖੁਦਕੁਸ਼ੀ ਦੀਆਂ ਕੋਸ਼ਿਸ਼ਾਂ ਤੋਂ ਇਨਕਾਰ ਕਰ ਰਹੀ ਹੈ। ਉਥੇ ਹੀ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਯੂਨੀਵਰਸਿਟੀ ਵਿੱਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀਆਂ ਵਿਦਿਆਰਥਣਾਂ ਦੇ ਇਲਾਜ ਲਈ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦੇ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦਾ ਸਾਈਬਰ ਸੈੱਲ ਵੀ ਸਰਗਰਮ ਹੋ ਗਿਆ ਹੈ ਤੇ ਜੋ ਵੀ ਵੀਡੀਓ ਇੰਟਰਨੈਟ 'ਤੇ ਅਪਲੋਡ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਜਲਦੀ ਹੀ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਘਬਰਾਉਣ ਦੀ ਲੋੜ ਨਹੀਂ। ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ।