Bikram Singh Majithia Case:  ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ। 


ਪੰਜਾਬ ਸਰਕਾਰ ਨੇ ਨਸ਼ਿਆਂ ਦੀ ਜਾਂਚ ਦੇ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਦਾ ਬਦਲਾਅ ਕਰ ਦਿੱਤਾ ਹੈ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਹੈ।


ਹੁਣ ਇਸ ਸਿੱਟ ਦੀ ਕਮਾਨ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੌਂਪ ਦਿੱਤੀ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਐਸਆਈਟੀ ਵਿੱਚ ਸ਼ਾਮਲ ਕੀਤਾ ਗਿਆ ਹੈ।


ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ 2021 ਨੂੰ NDPS ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਲਈ ਐਸਆਈਟੀ ਦੀ ਕਮਾਨ ਪਹਿਲਾਂ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਨੂੰ ਸੌਂਪੀ ਗਈ ਸੀ। ਉਹ ਅੱਠ ਮਹੀਨੇ ਇਸ ਐਸਆਈਟੀ ਦੇ ਮੁਖੀ ਰਹੇ।


ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਾਲੀ ਸਿੱਟ ਨੇ ਬਿਕਰਮ ਸਿੰਘ ਮਜੀਠੀਆ ਤੋਂ 2 ਵਾਰ ਪੁੱਛਗਿੱਛ ਕੀਤੀ ਹੈ। ਪਹਿਲਾਂ  11 ਦਸੰਬਰ ਨੂੰ ਸੰਮਨ ਭੇਜ ਕੇ ਮਜੀਠੀਆ ਨੂੰ 18 ਦਸੰਬਰ ਨੂੰ ਤਲਬ ਕੀਤਾ ਸੀ ਉਦੋਂ ਕਰੀਬ 7 ਘੰਟੇ ਸਵਾਲ ਕੀਤੇ ਗਏ ਸਨ।  ਫਿਰ 30 ਦਸੰਬਰ ਨੂੰ ਮਜੀਠੀਆ ਤੋਂ ਚਾਰ ਘੰਟੇ ਪੁੱਛਗਿੱਛ ਕੀਤੀ ਗਈ।


2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਤਿੰਨ ਮਹੀਨੇ ਪਹਿਲਾਂ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਤਾਂ ਮਜੀਠੀਆ ਖ਼ਿਲਾਫ਼ ਸਟੇਟ ਕ੍ਰਾਈਮ ਬ੍ਰਾਂਚ ਵਿੱਚ NDPS ਐਕਟ ਦੀਆਂ ਧਾਰਾਵਾਂ 25, 27ਏ ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਸੀ।


 2018 ਦੀ ਰਿਪੋਰਟ ਦੇ ਆਧਾਰ 'ਤੇ 49 ਪੰਨਿਆਂ ਦੀ ਐਫਆਈਆਰ ਵਿੱਚ ਮਜੀਠੀਆ ਉੱਤੇ ਗੰਭੀਰ ਦੋਸ਼ ਲਾਏ ਗਏ ਸਨ। ਕੇਸ ਦਰਜ ਹੋਣ ਮਗਰੋਂ ਮਜੀਠੀਆ ਨੇ ਅੰਮ੍ਰਿਤਸਰ ਤੋਂ ਚੋਣ ਲੜੀ ਸੀ ਪਰ ਉਸ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਫਿਲਹਾਲ ਉਹ 10 ਅਗਸਤ 2022 ਤੋਂ ਜ਼ਮਾਨਤ 'ਤੇ ਬਾਹਰ ਹੈ।


 


 



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial