Bikram Singh Majithia News: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜੋ ਕਿ ਇਸ ਵੇਲੇ ਨਵੀਂ ਨਭਾ ਜੇਲ੍ਹ ਵਿੱਚ ਬੰਦ ਹਨ, ਨੇ ਮੋਹਾਲੀ ਦੀ ਅਦਾਲਤ ਵਿੱਚ ਇੱਕ ਯਾਚਿਕਾ ਦਾਇਰ ਕੀਤੀ ਹੈ। ਇਹ ਯਾਚਿਕਾ ਉਨ੍ਹਾਂ ਨੇ ਜੇਲ੍ਹ ਵਿੱਚ ਆਪਣੀ ਬੈਰਕ ਬਦਲਵਾਉਣ ਲਈ ਲਗਾਈ ਹੈ।

ਮਜੀਠੀਆ ਦਾ ਕਹਿਣਾ ਹੈ ਕਿ ਉਹ ਸਾਬਕਾ ਮੰਤਰੀ ਅਤੇ ਵਿਧਾਇਕ ਰਹਿ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ "ਔਰੇਂਜ ਕੈਟੇਗਰੀ" ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਉਹ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਉਨ੍ਹਾਂ ਕੈਦੀਆਂ ਤੋਂ ਵੱਖ ਰੱਖਿਆ ਜਾਵੇ, ਜੋ ਅੰਡਰ ਟ੍ਰਾਇਲ ਹਨ ਜਾਂ ਜਿਨ੍ਹਾਂ ਨੂੰ ਸਜ਼ਾ ਹੋ ਚੁੱਕੀ ਹੈ।

ਅਦਾਲਤ ਨੇ ਇਸ ਯਾਚਿਕਾ ‘ਤੇ ਸੁਣਵਾਈ ਕਰਦੇ ਹੋਏ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਅਗਲੀ ਸੁਣਵਾਈ ਸੋਮਵਾਰ ਨੂੰ ਹੋਏਗੀ। ਫਿਲਹਾਲ ਮਜੀਠੀਆ 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ।

ਸੀਸੀਟੀਵੀ ਕੈਮਰੇ ਲਗਾਉਣ ਦਾ ਦਾਅਵਾ

ਇਸ ਤੋਂ ਪਹਿਲਾਂ, ਜਦੋਂ ਮਜੀਠੀਆ ਨੂੰ ਨਵੀਂ ਨਭਾ ਜੇਲ੍ਹ ਭੇਜਿਆ ਗਿਆ ਸੀ, ਤਾਂ ਪੰਜਾਬ ਸਰਕਾਰ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਬੈਰਕ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਤਾਂ ਜੋ ਉਨ੍ਹਾਂ ਦੀ ਸੁਰੱਖਿਆ ਨਾਲ ਕੋਈ ਚੇੜਛਾੜ ਨਾ ਹੋ ਸਕੇ।

ਇਸਦੇ ਨਾਲ ਹੀ ਸਰਕਾਰ ਨੇ ਸਾਫ਼ ਕੀਤਾ ਸੀ ਕਿ ਮਜੀਠੀਆ ਨੂੰ ਜੇਲ੍ਹ ਵਿੱਚ ਆਮ ਕੈਦੀਆਂ ਵਾਂਗ ਹੀ ਸਹੂਲਤਾਂ ਮਿਲਣਗੀਆਂ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ VIP ਸਹੂਲਤ ਨਹੀਂ ਦਿੱਤੀ ਜਾਵੇਗੀ।

ਮਜੀਠੀਆ ਪਹਿਲਾਂ ਵੀ ਜੇਲ੍ਹ ਵਿਚ ਰਹਿ ਚੁੱਕੇ ਹਨ

ਸਾਲ 2021 ਵਿੱਚ ਕਾਂਗਰਸ ਸਰਕਾਰ ਦੇ ਦੌਰਾਨ ਬਿਕਰਮ ਸਿੰਘ ਮਜੀਠੀਆ ਉੱਤੇ ਡਰੱਗ ਤਸਕਰੀ ਨਾਲ ਜੁੜਿਆ ਇੱਕ ਮਾਮਲਾ ਦਰਜ ਕੀਤਾ ਗਿਆ ਸੀ।2022 ਦੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਨੇ ਸਰੈਂਡਰ ਕਰ ਦਿੱਤਾ, ਜਿਸ ਤੋਂ ਬਾਅਦ ਕੋਰਟ ਨੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਸੀ। ਉੱਥੇ ਉਹ ਲਗਭਗ ਛੇ ਮਹੀਨੇ ਤੱਕ ਰਹੇ, ਪਰ ਉਸ ਸਮੇਂ ਉਨ੍ਹਾਂ ਵੱਲੋਂ ਕਦੇ ਵੀ ਬੈਰਕ ਬਦਲਣ ਜਿਹੀ ਕੋਈ ਯਾਚਿਕਾ ਨਹੀਂ ਦਿੱਤੀ ਗਈ ਸੀ।

ਹੁਣ ਜਦੋਂ ਉਨ੍ਹਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਚੱਲ ਰਿਹਾ ਹੈ, ਵਿਜੀਲੈਂਸ ਵਿਭਾਗ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਟੀਮ ਨੇ ਗੋਰਖਪੁਰ ਨਾਲ ਸਬੰਧਤ ਦਸਤਾਵੇਜ਼ਾਂ ਦਾ ਸਾਰਾ ਰਿਕਾਰਡ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਹ ਰਿਕਾਰਡ ਲਗਭਗ 10,000 ਤੋਂ ਵੱਧ ਪੰਨਿਆਂ ਦਾ ਹੈ।

 

ਇਸ ਦਿਨ ਲਿਆ ਗਿਆ ਸੀ ਹਿਰਾਸਤ 'ਚ

ਵਿਜੀਲੈਂਸ ਬਿਊਰੋ ਨੇ 540 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 25 ਜੂਨ ਦੀ ਸਵੇਰੇ 4:30 ਵਜੇ ਕੇਸ ਦਰਜ ਕੀਤਾ। ਇਸ ਤੋਂ ਬਾਅਦ ਰਾਜ ਭਰ ਵਿੱਚ ਮਜੀਠੀਆ ਨਾਲ ਜੁੜੇ 26 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਫਿਰ ਸਵੇਰੇ 11:30 ਵਜੇ ਤੋਂ ਬਾਅਦ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਦੌਰਾਨ ਵਿਜੀਲੈਂਸ ਵੱਲੋਂ 29 ਮੋਬਾਈਲ ਫੋਨ, 5 ਲੈਪਟੌਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਕਈ ਦਸਤਾਵੇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ। ਇਹ ਸਾਰੀਆਂ ਚੀਜ਼ਾਂ ਮਜੀਠੀਆ ਕੋਲੋਂ ਮਿਲਣ ਦਾ ਦਾਅਵਾ ਕੀਤਾ ਗਿਆ ਹੈ।

ਇਸ ਤੋਂ ਬਾਅਦ 6 ਜੁਲਾਈ ਨੂੰ ਮੋਹਾਲੀ ਅਦਾਲਤ ਨੇ ਰਿਮਾਂਡ ਖਤਮ ਹੋਣ 'ਤੇ ਮਜੀਠੀਆ ਨੂੰ ਨਿਆਂਇਕ ਹਿਰਾਸਤ 'ਚ ਨਵੀਂ ਨਭਾ ਜੇਲ੍ਹ ਭੇਜ ਦਿੱਤਾ ਸੀ। ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਨਿਧਾਰਤ ਕੀਤੀ ਗਈ ਹੈ।