ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸਾਬਕਾ ਵਿਧਾਇਕ ਬੀਰ ਦਵਿੰਦਰ ਸਿੰਘ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਪੰਜਾਬ ਪ੍ਰੈੱਸ ਕਲੱਬ, ਜਲੰਧਰ ਵਿੱਚ ਇੱਕ ਸਮਾਗਮ ਦੌਰਾਨ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਕੀਤਾ ਗਿਆ।

ਬੀਰ ਦਵਿੰਦਰ ਸਿੰਘ 1967 ਵਿੱਚ ਬਤੌਰ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸਿਆਸਤ ਵਿੱਚ ਸ਼ਾਮਲ ’ਚ ਹੋਏ ਸਨ। 1980 ਵਿੱਚ ਉਹ ਸਰਹਿੰਦ ਤੋਂ ਵਿਧਾਇਕ ਤੇ 2002 ਵਿੱਚ ਖਰੜ ਤੋਂ ਵਿਧਾਇਕ ਚੁਣੇ ਗਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਤਭੇਦ ਹੋਣ ਕਰਕੇ ਉਹ ਕਾਂਗਰਸ ਤੋਂ ਵੱਖ ਹੋ ਗਏ।

ਆਪਣੇ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋਣ ਬਾਰੇ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਸਿਆਸੀ ਗਲਿਆਰਿਆਂ ਵਿੱਚ ਮੌਜੂਦ ਖ਼ਾਲੀ ਥਾਂ ਭਰਨ ਤੇ ਪਾਰਟੀ ਨੂੰ ਹੋਰ ਤਾਕਤਵਰ ਬਣਾਉਣ ਲਈ ਟਕਸਾਲੀ ਦਲ ਵਿੱਚ ਸ਼ਾਮਲ ਹੋਏ ਹਨ।