BJP Punjab: ਪੰਜਾਬ ਦੀ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਸਰਕਾਰ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ 'ਤੇ ਲੱਗੇ ਦੋਸ਼ਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਹੁਣ ਪੰਜਾਬ ਭਾਜਪਾ ਵੀ ਇਸ ਮਾਮਲੇ ਵਿੱਚ ਅੱਗੇ ਆ ਗਈ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ 'ਚ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ ਪੱਤਰ ਲਿਖਿਆ ਹੈ।
ਉਨ੍ਹਾਂ ਕਿਹਾ ਹੈ ਕਿ 'ਆਪ' ਸਰਕਾਰ ਦੇ ਮੰਤਰੀ 'ਤੇ ਲੱਗੇ ਦੋਸ਼ ਗੰਭੀਰ ਹਨ। ਇਨ੍ਹਾਂ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਜੇ ਇਹ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਹਾਲਾਂਕਿ ਇਸ ਤੋਂ ਪਹਿਲਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਇਸ ਮਾਮਲੇ 'ਤੇ ਰਾਜਪਾਲ ਨਾਲ ਮੁਲਾਕਾਤ ਕਰ ਚੁੱਕੇ ਹਨ। ਉਨ੍ਹਾਂ ਨੇ ਇਸ ਮਾਮਲੇ ਨਾਲ ਸਬੰਧਤ ਇੱਕ ਇਤਰਾਜ਼ਯੋਗ ਵੀਡੀਓ ਰਾਜਪਾਲ ਨੂੰ ਸੌਂਪੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੀੜਤਾ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਕਾਰਨ ਉਹ ਮੰਤਰੀ ਵਿਰੁੱਧ ਕੇਸ ਦਰਜ ਕਰਵਾਉਣ ਲਈ ਅੱਗੇ ਨਹੀਂ ਆ ਰਹੀ।
ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਤਿੰਨ ਮਹੀਨੇ ਪਹਿਲਾਂ ਵੀ ਇਹ ਮੁੱਦਾ ਉਠਾਇਆ ਸੀ ਕਿ ਉਨ੍ਹਾਂ ਨੂੰ ਸਰਕਾਰ ਦੇ ਇੱਕ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਮਿਲੀ ਸੀ। ਇਸ ਬਾਰੇ ਉਨ੍ਹਾਂ ਪਹਿਲਾਂ ਮੁੱਖ ਮੰਤਰੀ ਨੂੰ ਸੂਚਿਤ ਕੀਤਾ ਸੀ ਕਿ ਉਨ੍ਹਾਂ ਕੋਲ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਹੈ ਅਤੇ ਉਹ ਇਸ ਨੂੰ ਉਨ੍ਹਾਂ ਹਵਾਲੇ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 'ਮੈਂ ਲਾਈਵ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਉਨ੍ਹਾਂ ਦਾ ਨੰਬਰ ਡਾਇਲ ਕਰਕੇ ਸੰਪਰਕ ਕੀਤਾ ਸੀ। ਮਜੀਠੀਆ ਨੇ ਕਿਹਾ ਕਿ ਇਸ ਤੋਂ ਬਾਅਦ ਮੰਤਰੀ ਖਿਲਾਫ ਕਾਰਵਾਈ ਕਰਨ ਦੀ ਬਜਾਏ ਮੇਰੇ ਖਿਲਾਫ ਬਦਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਪਰ, ਉਹ ਸਫਲ ਨਹੀਂ ਹੋਏ।