ਚੰਡੀਗੜ੍ਹ: ਬੀਜੇਪੀ ਨੂੰ ਅਜੇ ਵੀ ਭਰੋਸਾ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਭਗਵਾ ਪਾਰਟੀ ਦੀ ਹੀ ਬਣਗੇ। ਪਾਰਟੀ ਨੇ ਤਾਜ਼ਾ ਸਿਆਸੀ ਹਾਲਾਤ ਤੇ ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਸਮੀਖਿਆ ਲਈ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਕੀਤੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਮਗਰੋਂ ਬੀਜੇਪੀ ਲੀਡਰਾਂ ਨੇ ਸਪਸ਼ਟ ਐਲਾਨ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀਆਂ 117 ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ ਤੇ ਲੋਕਾਂ ਦੇ ਸਮਰਥਨ ਨਾਲ ਜਿੱਤ ਹਾਸਲ ਕਰਕੇ ਸੂਬੇ ਵਿੱਚ ਮਜ਼ਬੂਤ ਸਰਕਾਰ ਬਣਾਏਗੀ।
ਇਸ ਦੇ ਨਾਲ ਹੀ ਬੀਜੇਪੀ ਨੇ ਇਹ ਵੀ ਐਲਾਨ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਬੀਜੇਪੀ ਸਰਕਾਰ ਆਉਣ ਤੋਂ ਬਾਅਦ 24 ਘੰਟੇ ਸਸਤੀ ਬਿਜਲੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਅੱਜ ਦੇ ਯੁੱਗ ਮੁਤਾਬਕ ਢਾਲਣ ਲਈ ਪ੍ਰੇਰਿਆ ਜਾਵੇਗਾ।
ਇਸ ਮੀਟਿੰਗ ਵਿੱਚ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ, ਸੰਗਠਨ ਦੇ ਜਨਰਲ ਸਕੱਤਰ ਦਿਨੇਸ਼ ਕੁਮਾਰ, ਸੂਬਾ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ, ਸਾਬਕਾ ਮੰਤਰੀ ਮਦਨ ਮੋਹਨ ਮਿੱਤਲ, ਮਨੋਰੰਜਨ ਕਾਲੀਆ, ਸੁਰਜੀਤ ਕੁਮਾਰ ਜਿਆਣੀ, ਤੀਕਸਨ ਸੂਦ, ਅਰੁਣ ਨਾਰੰਗ, ਹਰਜੀਤ ਸਿੰਘ ਗਰੇਵਾਲ, ਪ੍ਰੋ. ਰਜਿੰਦਰ ਭੰਡਾਰੀ ਤੇ ਬਿਕਰਮਜੀਤ ਸਿੰਘ ਚੀਮਾ ਹਾਜ਼ਰ ਸਨ।
ਕੈਪਟਨ ਦੀ ਥਾਂ ਨਵਜੋਤ ਸਿੱਧੂ ਨਿਸ਼ਾਨੇ 'ਤੇ
ਖਾਸ ਗੱਲ ਹੈ ਕਿ ਬੀਜੇਪੀ ਕਾਂਗਰਸ ਨੂੰ ਘੇਰਨ ਲਈ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬਜਾਏ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਘੇਰ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਕਾਂਗਰਸ ਦੇ ਭ੍ਰਿਸ਼ਟ ਮੰਤਰੀਆਂ ਦੇ ਮਾਮਲੇ ’ਤੇ ਚੁੱਪ ਧਾਰ ਲੈਣ ਤੋਂ ਸਪੱਸ਼ਟ ਹੁੰਦਾ ਹੈ ਕਿ ਸਿੱਧੂ ਭ੍ਰਿਸ਼ਟਾਚਾਰੀਆਂ ਦੇ ਨਾਲ ਖੜ੍ਹੇ ਹਨ।
ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਨਵਜੋਤ ਸਿੱਧੂ ਵੱਲੋਂ ਖੁਦ ਉਨ੍ਹਾਂ ਦੀ ਆਪਣੀ ਕਾਂਗਰਸ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਵਿਰੁੱਧ ਆਵਾਜ਼ ਚੁੱਕੀ ਗਈ ਸੀ ਤੇ ਮੰਤਰੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਸਵਾਲ ਕੀਤੀ ਕਿ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਉਹ ਸਭ ਠੀਕ ਕਿਵੇਂ ਹੋ ਗਏ? ਉਨ੍ਹਾਂ ਕਿਹਾ ਕਿ ਸਿੱਧੂ ਪੰਜਾਬ ਦੇ ਲੋਕਾਂ ਨੂੰ 3 ਰੁਪਏ ਯੂਨਿਟ ਬਿਜਲੀ ਦੇਣ ਦਾ ਵਾਅਦਾ ਕਰ ਰਹੇ ਹਨ। ਭਾਜਪਾ ਨੇ ਸਿੱਧੂ ਨੂੰ ਪੁੱਛਿਆ ਕਿ ਉਹ ਇਸ ਨੂੰ ਹੁਣ ਪੂਰਾ ਕਿਉਂ ਨਹੀਂ ਕਰ ਸਕਦੇ?