ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਅੰਦੋਲਨ ਦਾ ਹਮਾਇਤ ਕਰਨ 'ਤੇ ਬੀਜੇਪੀ ਨੂੰ ਇਤਰਾਜ਼ ਹੈ। ਇਸ ਬਾਰੇ ਬੀਜੇਪੀ ਦੇ ਸੀਨੀਅਰ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਦੇ ਨਾਂ ਪੱਤਰ ਭੇਜਿਆ ਹੈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਨੇ ਸਖਤ ਸਟੈਂਡ ਲੈਂਦਿਆਂ ਸਪਸ਼ਟ ਕੀਤਾ ਹੈ ਕਿ ਕਿਸਾਨਾਂ ਦੀ ਹਮਾਇਤ ਜਾਰੀ ਰੱਖੇਗੀ।


ਦਰਅਸਲ ਬੀਜੇਪੀ ਦੇ ਸੀਨੀਅਰ ਲੀਡਰ ਹਰਜੀਤ ਗਰੇਵਾਲ ਨੇ ਇਲਜ਼ਾਮ ਲਾਇਆ ਹੈ ਕਿ ਸ਼੍ਰੋਮਣੀ ਕਮੇਟੀ ਕਿਸਾਨ ਅੰਦੋਲਨ ਨੂੰ ਫਿਰਕੂ ਰੰਗਤ ਦੇ ਰਹੀ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਨੂੰ ਦਿੱਲੀ ਮੋਰਚੇ 'ਤੇ ਸ਼ੈੱਡ ਬਣਾ ਕੇ ਦੇਣ ਤੇ ਪੱਖੇ ਲਵਾਉਣ ਦੇ ਫ਼ੈਸਲੇ ’ਤੇ ਇਤਰਾਜ ਕਰਦਿਆਂ ਕਿਹਾ ਹੈ ਕਿ ਗੁਰੂ ਦੀ ਗੋਲਕ ਵਿੱਚ ਸ਼ਰਧਾਲੂਆਂ ਵੱਲੋਂ ਦਿੱਤੀ ਜਾਂਦੀ ਮਾਇਆ ਸਿੱਖ ਗੁਰਦੁਆਰਾ ਐਕਟ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ਦੇ ਪ੍ਰਬੰਧ, ਧਰਮ ਪ੍ਰਚਾਰ ਤੇ ਇਸ ਦੇ ਪਸਾਰ ਵਾਸਤੇ ਖਰਚੀ ਜਾਣੀ ਚਾਹੀਦੀ ਹੈ।


ਗਰੇਵਾਲ ਨੇ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਇੱਕ ਇੱਕ ਲੱਖ ਰੁਪਏ ਵਿੱਤੀ ਮਦਦ ਸਣੇ ਲੰਗਰ ਤੇ ਆਰਜ਼ੀ ਪਖਾਨਿਆਂ ਦੀ ਸੇਵਾ ਦੇਣ ਦਾ ਐਲਾਨ ਗੁਰਦੁਆਰਾ ਐਕਟ ਦੇ ਉਲਟ ਹੈ।


ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਨੂੰ ਅਜਿਹੀਆਂ ਗਤੀਵਿਧੀਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਧਾਰਮਿਕ ਸੰਸਥਾ ਦੀ ਸਾਖ ਬਰਕਰਾਰ ਰੱਖਣੀ ਚਾਹੀਦੀ ਹੈ। ਇਸ ਸਬੰਧ ਵਿੱਚ ਭਾਜਪਾ ਆਗੂ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ।


ਇਸ ਦਾ ਜਵਾਬ ਦਿੰਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਹੈ ਕਿ ਸਿੱਖ ਸੰਸਥਾ ਸੰਘਰਸ਼ੀ ਕਿਸਾਨਾਂ ਦੀ ਮਦਦ ਜਾਰੀ ਰੱਖੇਗੀ ਤੇ ਇਸ ਤੋਂ ਪਿਛਾਂਹ ਨਹੀਂ ਹਟੇਗੀ। ਉਨ੍ਹਾਂ ਨੇ ਹਰਜੀਤ ਗਰੇਵਾਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਪਣੀ ਸਾਖ ਬਹਾਲ ਰੱਖਣ ਲਈ ਕਿਸਾਨਾਂ ਦੀ ਮਦਦ ਨਾ ਕਰਨ ਦੇ ਸੁਝਾਅ ਨੂੰ ਮੁੱਢੋਂ ਰੱਦ ਕਰ ਦਿੱਤਾ।


ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਜਪਾ ਆਗੂ ਸਿੱਖ ਰਵਾਇਤਾਂ ਦੇ ਖ਼ਿਲਾਫ਼ ਗੱਲ ਕਰ ਰਹੇ ਹਨ। ਉਨ੍ਹਾਂ ਨੂੰ ਸਿੱਖ ਧਰਮ ਦੇ ਸਿਧਾਂਤਾਂ ਬਾਰੇ ਗਿਆਨ ਨਹੀਂ। ਗੁਰੂ ਸਾਹਿਬਾਨ ਨੇ ਹਮੇਸ਼ਾਂ ਹੀ ਸੇਵਾ ਕਾਰਜਾਂ ਨੂੰ ਪ੍ਰਮੁੱਖਤਾ ਦਿੱਤੀ ਹੈ ਤੇ ਸਮਾਜ ਦਾ ਸਾਥ ਦੇਣਾ ਸਿਖਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904