ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਵਿਧਾਇਕਾਂ ਵੱਲੋਂ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਨੂੰ ਲੈ ਕੇ ਪੰਜਾਬ ਭਾਜਪਾ ਦੇ ਯੁਵਾ ਮੋਰਚਾ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ (Ashok Sareen) ਨੇ ਤਿੱਖਾ ਹਮਲਾ ਬੋਲਿਆ  ਹੈ। ਉਨ੍ਹਾਂ ਨੇ ਪ੍ਰਮੁੱਖ ਪੁਲਿਸ ਅਧਿਕਾਰੀਆਂ ਸਮੇਤ NIA, ED, DRI, Income Tax ਅਤੇ CBI ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਅਸ਼ੋਕ ਸਰੀਨ ਨੇ ਆਮ ਆਦਮੀ ਪਾਰਟੀ ਵੱਲੋਂ BJP 'ਤੇ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਸਬੰਧੀ ਲਾਏ ਦੋਸ਼ਾਂ ਦੀ ਨਿਖੇਧੀ ਕੀਤੀ ਹੈ। 





ਦੱਸ ਦੇਈਏ ਕਿ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਭਾਜਪਾ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਅਤੇ ਧਮਕੀਆਂ ਦੇਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਹਰਪਾਲ ਸਿੰਘ ਚੀਮਾ ਸਮੇਤ 10 ਹੋਰ ਵਿਧਾਇਕ ਡੀਜੀਪੀ ਸਾਹਮਣੇ ਪੇਸ਼ ਹੋਏ ਅਤੇ ਸਬੂਤ ਪੇਸ਼ ਕਰਨ ਦੀ ਗੱਲ ਕਹੀ ਹੈ।







 

ਓਧਰ ਆਮ ਆਦਮੀ ਪਾਰਟੀ ਨੇ 'ਆਪਰੇਸ਼ਨ ਲੋਟਸ' ਬਾਰੇ ਪੰਜਾਬ ਦੇ ਪੁਲਿਸ ਮੁਖੀ ਕੋਲ ਸ਼ਿਕਾਇਤ ਕੀਤੀ ਹੈ। 'ਆਪ' ਦੇ ਇੱਕ ਦਰਜਨ ਵਿਧਾਇਕ ਡੀਜੀਪੀ ਕੋਲ ਸ਼ਿਕਾਇਤ ਕਰਨ ਪਹੁੰਚੇ ਤੇ ਭਾਜਪਾ ਆਗੂਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। 'ਆਪ' ਦੇ ਸੀਨੀਅਰ ਲੀਡਰ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਬੀਜੇਪੀ ਨੇ 'ਆਪਰੇਸ਼ਨ ਲੋਟਸ' ਤਹਿਤ 11 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ।


ਹਰਪਾਲ ਚੀਮਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇੱਕ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਾਇਕਾਂ ਵਿੱਚ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧ ਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੂਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਮਨਜੀਤ ਸਿੰਘ ਬਿਲਾਸਪੁਰ, ਲਾਭ ਸਿੰਘ ਉਗੋਕੋ ਤੇ ਬਲਜਿੰਦਰ ਕੌਰ ਸ਼ਾਮਲ ਹਨ।

ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਰੇਸ਼ਨ ਲੋਟਸ ਤਹਿਤ ਕਰਨਾਟਕ, ਗੋਆ, ਅਰੁਣਾਚਲ ਪ੍ਰਦੇਸ਼ 'ਚ ਵਿਧਾਇਕਾਂ ਦੀ ਖਰੀਦੋ-ਫਰੋਖਤ ਕੀਤੀ। ਉਸ ਤੋਂ ਬਾਅਦ ਦਿੱਲੀ ਵਿੱਚ 'ਆਪ' ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੀ। ਹੁਣ ਪੰਜਾਬ ਵਿੱਚ ਵੀ ਅਜਿਹੀ ਕੋਸਿਸ਼ ਕਰ ਰਹੀ ਹੈ।

  ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਦੋਸ਼ ਲਾਇਆ ਕਿ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਤਾਂ ਮੰਗਲਵਾਰ ਦੀ ਪ੍ਰੈੱਸ ਕਾਨਫੰਰਸ ਤੋਂ ਬਾਅਦ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਕੱਲੇ ਨਹੀਂ ਹਨ, ਕੁਝ ਹੋਰਨਾਂ ਵਿਧਾਇਕਾਂ  ਨੂੰ ਭਾਜਪਾ ਦੇ ਏਜੰਟਾਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ 'ਆਪ' ਦੇ 35 ਵਿਧਾਇਕ‍ਾਂ ਤਕ ਪਹੁੰਚ ਕੀਤੀ ਤੇ ਇਨ੍ਹਾਂ ਵਿਚੋਂ 10 ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।