ਬੀਜੇਪੀ ਲੀਡਰ ਦਾ ਵੱਡਾ ਦਾਅਵਾ, ਕਿਸਾਨ ਅੰਦੋਲਨ ਨੂੰ ਨਕਸਲੀ ਸ਼ਹਿ, ਕੈਪਟਨ ਦੇ ਜੋੜੇ ਖਾਲਿਸਤਾਨੀਆਂ ਦੇ ਤਾਰ
ਬੀਜੇਪੀ ਲੀਡਰ ਨੇ ਕਿਹਾ ਕਿ ਇਸ ਅੰਦੋਲਨ ਨੂੰ ਬਾਹਰ ਬੈਠੀਆਂ ਵਿਦੇਸ਼ੀ ਤਾਕਤਾਂ ਫੰਡਿੰਗ ਕਰ ਰਹੀਆਂ ਹਨ ਤੇ ਪੰਜਾਬ ਦੇ ਨਕਸਲੀ ਇਸ ਵਿੱਚ ਸ਼ਾਮਲ ਹੋ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।
ਬਠਿੰਡਾ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਬੀਜੇਪੀ ਲੀਡਰਾਂ ਵੱਲੋਂ ਵੱਖੋ-ਵੱਖ ਨਾਂ ਦਿੱਤੇ ਜਾ ਰਹੇ ਹਨ। ਅਜਿਹੇ ਚ ਹੁਣ ਬਠਿੰਡਾ ਪਹੁੰਚੇ ਬੀਜੇਪੀ ਦੇ ਸੀਨੀਅਰ ਲੀਡਰ ਮਦਨ ਮੋਹਨ ਮਿੱਤਲ ਨੇ ਕਿਸਾਨ ਅੰਦੋਲਨ ਨੂੰ ਨਕਸਲਵਾਦ ਦੀ ਸ਼ਹਿ ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ਬਾਹਰੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਇਸ ਅੰਦੋਲਨ ਨੂੰ ਸ਼ਹਿ ਦੇ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਦੇਸ਼ ਦੀ ਜਾਨ ਹੈ ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਿਸੇ ਵੀ ਦੇਸ਼ ਦੀ ਸਰਕਾਰ ਉਸ ਦੇਸ਼ ਦੇ ਕਿਸਾਨਾਂ ਨੂੰ ਕਦੇ ਵੀ ਤਬਾਹ ਨਹੀਂ ਕਰਦੀ।
ਕਿਸਾਨ ਅੰਦੋਲਨ ਨੂੰ ਬਾਹਰੀ ਤਾਕਤਾਂ ਦੀ ਸ਼ਹਿ 'ਤੇ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੂੰ ਬਾਹਰ ਬੈਠੀਆਂ ਵਿਦੇਸ਼ੀ ਤਾਕਤਾਂ ਫੰਡਿੰਗ ਕਰ ਰਹੀਆਂ ਹਨ ਤੇ ਪੰਜਾਬ ਦੇ ਨਕਸਲੀ ਇਸ ਵਿੱਚ ਸ਼ਾਮਲ ਹੋ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਜਿਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਪੰਜਾਬ 'ਚ ਖਾਲਿਸਤਾਨ ਦੇ ਪੋਸਟਰ ਤੇ ਲੱਗ ਰਹੇ ਨਾਅਰਿਆਂ ਦੇ ਸਵਾਲ 'ਤੇ ਜਵਾਬ ਦਿੰਦਿਆ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੀ ਸ਼ਹਿ ਤੇ ਬਾਹਰੀ ਤਾਕਤਾਂ ਪੰਜਾਬ ਦੇ ਨੌਜਵਾਨਾਂ ਨੂੰ ਵਰਗਲਾ ਰਹੀਆਂ ਹਨ।
ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਬੀਜੇਪੀ ਵੱਲੋਂ ਚੋਣ ਲੜਨ ਦੇ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਬਠਿੰਡਾ ਨਗਰ ਨਿਗਮ ਚੋਣਾਂ ਵਿਚ ਪੰਜਾਹ ਵਾਰਡਾਂ ਵਿੱਚ ਆਪਣੇ ਦਮ 'ਤੇ ਚੋਣ ਲੜੇਗੀ ਤੇ 2022 ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਦਮ 'ਤੇ 117 ਸੀਟਾਂ 'ਤੇ ਇਕੱਲਿਆਂ ਚੋਣ ਲੜਕੇ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਵੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ