Punjab News: ਦਿੱਲੀ ਦੀ ਸ਼ਰਾਬ ਨੀਤੀ ਦਾ ਪੰਜਾਬ ਤੱਕ ਸੇਕ, ਸੀਐਮ ਭਗਵੰਤ ਮਾਨ ਖਿਲਾਫ ਵੀ ਹੋਏ ਜਾਂਚ, ਚੋਣ ਕਮਿਸ਼ਨ ਨੂੰ ਮਿਲੇਗੀ ਬੀਜੇਪੀ
Punjab News: ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਸ਼ਰਾਬ ਨੀਤੀ ਦੀ ਜਾਂਚ ਕਰਵਾਈ ਜਾਏ ਤਾਂ ਸੀਐਮ ਭਗਵੰਤ ਮਾਨ ਵੀ ਅੰਦਰ ਜਾਣਗੇ।
Punjab News: ਦਿੱਲੀ ਦੀ ਸ਼ਰਾਬ ਨੀਤੀ ਦਾ ਸਾਇਆ ਪੰਜਾਬ ਉਪਰ ਪੈ ਸਕਦਾ ਹੈ। ਦਿੱਲੀ ਦੇ ਸੀਐਮ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਪੰਜਾਬ ਅੰਦਰ ਵਿਰੋਧੀ ਧਿਰਾਂ ਨੇ ਸੀਐਮ ਭਗਵੰਤ ਮਾਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਸ਼ਰਾਬ ਨੀਤੀ ਦੀ ਜਾਂਚ ਕਰਵਾਈ ਜਾਏ ਤਾਂ ਸੀਐਮ ਭਗਵੰਤ ਮਾਨ ਵੀ ਅੰਦਰ ਜਾਣਗੇ।
ਪੰਜਾਬ ਬੀਜੇਪੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਚੋਣ ਕਮਿਸ਼ਨ ਕੋਲ ਪਹੁੰਚ ਕਰੇਗੀ ਤੇ ਸੂਬੇ ਦੀ ਆਬਕਾਰੀ ਨੀਤੀ ਦੀ ਜਾਂਚ ਦੀ ਮੰਗ ਕਰੇਗੀ। ਜਾਖੜ ਨੇ ਦਾਅਵਾ ਕੀਤਾ ਕਿ ਦਿੱਲੀ ਦੀ ਤਰਜ਼ 'ਤੇ ਪੰਜਾਬ 'ਚ ਵੀ ਆਬਕਾਰੀ ਨੀਤੀ ਲਿਆਂਦੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਜਿਸ ਤਰ੍ਹਾਂ ਕੇਜਰੀਵਾਲ ਨੂੰ ਦਿੱਲੀ ਦੀ ਆਬਕਾਰੀ ਨੀਤੀ ਕਾਰਨ ਇਨ੍ਹਾਂ ਦਿਨਾਂ ਵਿੱਚ ਖੱਜਲ-ਖੁਆਰ ਹੋਣਾ ਪਿਆ ਹੈ, ਉਹੀ ਮਾਡਲ ਪੰਜਾਬ ਵਿੱਚ ਵੀ ਅਪਣਾਇਆ ਗਿਆ ਹੈ।
ਯਾਦ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਦੇਰ ਰਾਤ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ। ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਦਾ ਉੱਚ ਪੱਧਰੀ ਵਫ਼ਦ ਸ਼ਨੀਵਾਰ ਨੂੰ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੂੰ ਮਿਲੇਗਾ ਤੇ ਉਨ੍ਹਾਂ ਤੋਂ ਈਡੀ ਤੋਂ ਜਾਂਚ ਦੀ ਮੰਗ ਕਰੇਗਾ। ਜਾਖੜ ਨੇ ਕਿਹਾ ਕਿ ਜਿਸ ਆਬਕਾਰੀ ਨੀਤੀ ਕਾਰਨ ਦਿੱਲੀ ਦੇ ਕਈ ਮੰਤਰੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ, ਉਸੇ ਨੀਤੀ ਨੂੰ ਪੰਜਾਬ ਵਿੱਚ ਕੇਜਰੀਵਾਲ ਤੇ ਭਗਵੰਤ ਮਾਨ ਨੇ ਲਾਗੂ ਕੀਤਾ ਹੈ।
ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਅਸਤੀਫਾ ਦੇ ਦੇਣਾ ਚਾਹੀਦਾ ਸੀ ਪਰ ਉਨ੍ਹਾਂ ਦੀ ਪਾਰਟੀ ਦੇ ਆਗੂ ਕਹਿ ਰਹੇ ਹਨ ਕਿ ਕੇਜਰੀਵਾਲ ਮੁੱਖ ਮੰਤਰੀ ਬਣੇ ਰਹਿਣਗੇ। ਇਸ ਤੋਂ ਪਤਾ ਲੱਗਦਾ ਹੈ ਕਿ 'ਆਪ' ਮੁਖੀ ਨੂੰ ਆਪਣੀ ਪਾਰਟੀ ਦੇ ਆਗੂਆਂ 'ਤੇ ਭਰੋਸਾ ਨਹੀਂ ਤੇ ਉਨ੍ਹਾਂ ਦੀ ਪਾਰਟੀ ਸੱਤਾ ਦੀ ਭੁੱਖੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਜਿਹੜੇ ਕਾਂਗਰਸੀ ਆਗੂ ਪਹਿਲਾਂ ਆਬਕਾਰੀ ਨੀਤੀ ਮਾਮਲੇ ਦੀ ਈਡੀ ਤੋਂ ਜਾਂਚ ਦੀ ਮੰਗ ਕਰ ਚੁੱਕੇ ਹਨ, ਉਨ੍ਹਾਂ ਨੂੰ ਵੀ ਚੋਣ ਕਮਿਸ਼ਨ ਕੋਲ ਪਹੁੰਚ ਕਰਨੀ ਚਾਹੀਦੀ ਹੈ।
ਕੇਜਰੀਵਾਲ 'ਤੇ ਨਿਸ਼ਾਨਾ ਸਾਧਦੇ ਹੋਏ ਜਾਖੜ ਨੇ ਕਿਹਾ ਕਿ ਉਹ ਇਤਿਹਾਸ ਦੀ ਕਹਾਣੀ 'ਚ ਸ਼ਾਮਲ ਹੋਣਗੇ ਕਿਉਂਕਿ ਉਹ ਪਹਿਲੇ ਮੁੱਖ ਮੰਤਰੀ ਹਨ ਜੋ ਸ਼ਰਾਬ ਨੀਤੀ ਮਾਮਲੇ 'ਚ ਜੇਲ੍ਹ ਗਏ ਹਨ। ਦੂਜੇ ਪਾਸੇ ਕੇਜਰੀਵਾਲ ਨੂੰ ਗ੍ਰਿਫਤਾਰੀ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਹੁਣ ਤੱਕ ਮਨੀਸ਼ ਸਿਸੋਦੀਆ ਤੇ ਸੰਜੇ ਸਿੰਘ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ: Barnala news: ਬਰਨਾਲਾ 'ਚ ਜੈਜ਼ੀ ਬੀ ਵਿਰੁੱਧ ਕਿਸਾਨ ਯੂਨੀਅਨ ਦਾ ਪ੍ਰਦਰਸ਼ਨ, ਗਾਇਕ ਦੇ ਨਵੇਂ ਗੀਤ 'ਤੇ ਜਤਾਇਆ ਇਤਰਾਜ਼