ਆਖ਼ਰ ਕਾਹਦਾ ਡਰ....! BJP ਨੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਫਿਰ ਅਚਾਨਕ ਸੋਸ਼ਲ ਮੀਡੀਆ ਤੋਂ ਡਿਲੀਟ ਕੀਤੀ ਪੋਸਟ, ਜਾਣੋ ਕਿਉਂ...?
ਜਥੇਦਾਰ ਗੜਗੱਜ ਨੇ ਕਿਹਾ ਕਿ ਜੂਨ 1984 ਦਾ ਫੌਜੀ ਹਮਲਾ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਤੇ ਹਰ ਸਾਲ ਜੂਨ ਦਾ ਪਹਿਲਾ ਹਫ਼ਤਾ ਕੌਮ ਲਈ ਬਹੁਤ ਹੀ ਭਾਵਨਾਤਮਕ ਤੇ ਵਿਰਾਗਮਈ ਹੁੰਦਾ ਹੈ।

Operation Blue Star: 1984 ਵਿੱਚ ਸਾਕਾ ਨੀਲਾ ਤਾਰਾ (Operation Blue Star) ਦੀ ਵਰ੍ਹੇਗੰਢ 'ਤੇ ਸੋਸ਼ਲ ਮੀਡੀਆ 'ਤੇ ਪੰਜਾਬ ਭਾਜਪਾ ਵੱਲੋਂ ਪਾਈ ਗਈ ਸ਼ਰਧਾਂਜਲੀ ਪੋਸਟ ਨੂੰ ਕੁਝ ਘੰਟਿਆਂ ਵਿੱਚ ਹੀ ਹਟਾ ਦਿੱਤਾ ਗਿਆ। ਪੋਸਟ ਵਿੱਚ, ਭਾਜਪਾ ਨੇ ਇਸ ਆਪ੍ਰੇਸ਼ਨ ਨੂੰ ਭਾਰਤ ਦੇ ਇਤਿਹਾਸ ਦਾ ਇੱਕ ਕਾਲਾ ਤੇ ਦਰਦਨਾਕ ਅਧਿਆਇ ਦੱਸਿਆ ਸੀ ਤੇ ਇਸ ਫੌਜੀ ਕਾਰਵਾਈ ਦੇ ਪਹਿਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ ਸੀ।
ਭਾਜਪਾ ਦੀ ਇਸ ਪੋਸਟ ਵਿੱਚ 1984 ਦੀਆਂ ਕੁਝ ਦੁਰਲੱਭ ਤਸਵੀਰਾਂ ਵੀ ਸ਼ਾਮਲ ਸਨ, ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਤਾਇਨਾਤ ਫੌਜੀ ਟੈਂਕਾਂ ਨੂੰ ਹੋਏ ਨੁਕਸਾਨ ਨੂੰ ਸਾਫ਼-ਸਾਫ਼ ਦੇਖਿਆ ਜਾ ਸਕਦਾ ਸੀ। ਪੋਸਟ ਵਿੱਚ ਲਿਖਿਆ ਸੀ, 1 ਜੂਨ 1984, ਸਾਕਾ ਨੀਲਾ ਤਾਰਾ, ਕਾਂਗਰਸ ਸਰਕਾਰ ਵੱਲੋਂ ਦਰਬਾਰ ਸਾਹਿਬ ਉੱਤੇ ਕੀਤੇ ਗਏ ਹਮਲੇ ਦੇ ਪਹਿਲੇ ਦਿਨ ਸ਼ਹੀਦ ਹੋਏ ਸਮੂਹ ਸ਼ਹੀਦਾਂ ਨੂੰ ਸਨਿਮਰ ਪ੍ਰਣਾਮ

ਹਾਲਾਂਕਿ, ਇਸ ਪੋਸਟ ਨੂੰ ਸਿਰਫ਼ ਚਾਰ ਘੰਟਿਆਂ ਵਿੱਚ ਹਟਾ ਦਿੱਤਾ ਗਿਆ ਸੀ ਤੇ ਇਸਨੂੰ 6 ਹਜ਼ਾਰ ਤੋਂ ਵੱਧ ਲੋਕਾਂ ਨੇ ਦੇਖਿਆ ਸੀ। ਇਸ ਤੋਂ ਪਹਿਲਾਂ ਪੋਸਟ ਵਿੱਚ, ਕਾਂਗਰਸ ਸਰਕਾਰ ਦੀ ਫੌਜੀ ਕਾਰਵਾਈ ਦੀ ਵੀ ਆਲੋਚਨਾ ਕੀਤੀ ਗਈ ਸੀ, ਜੋ ਕਿ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੀ ਗਈ ਸੀ।
ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਤੋਂ ਸ਼ੁਰੂ ਹੋਏ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਸਬੰਧੀ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਇਹ ਦਿਹਾੜੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਮਨਾਏ ਜਾਣ। ਜਥੇਦਾਰ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਤਾਕੀਦ ਕੀਤੀ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰੂ ਘਰਾਂ ਅੰਦਰ ਵਿਸ਼ੇਸ਼ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣ ਤੇ ਜੇਕਰ ਸਮੇਂ ਦੀ ਘਾਟ ਹੋਵੇ ਤਾਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਜਾਣ।
ਜਥੇਦਾਰ ਗੜਗੱਜ ਨੇ ਕਿਹਾ ਕਿ ਜੂਨ 1984 ਦਾ ਫੌਜੀ ਹਮਲਾ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਤੇ ਹਰ ਸਾਲ ਜੂਨ ਦਾ ਪਹਿਲਾ ਹਫ਼ਤਾ ਕੌਮ ਲਈ ਬਹੁਤ ਹੀ ਭਾਵਨਾਤਮਕ ਤੇ ਵਿਰਾਗਮਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ 1 ਤੋਂ 6 ਜੂਨ ਤੱਕ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਕੌਮ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ, ਲੈਕਚਰ ਤੇ ਸੈਮੀਨਾਰ ਕਰਵਾਏ ਜਾਣ ਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਸੱਚੀ ਸ਼ਰਧਾਂਜਲੀ ਭੇਟ ਕਰਨ ਲਈ ਇਨ੍ਹਾਂ ਸ਼ਹੀਦਾਂ ਦੇ ਜੀਵਨਾਂ ਉੱਤੇ ਵੱਧ ਤੋਂ ਵੱਧ ਰਿਸਰਚ ਕਰਕੇ ਦਸਤਾਵੇਜ਼ ਤੇ ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾਣ ਤਾਂ ਜੋ ਆਉਣ ਵਾਲੀ ਪੀੜ੍ਹੀ ਲਈ ਇਹ ਇਤਿਹਾਸ ਸਾਂਭਿਆ ਜਾ ਸਕੇ।






















