ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸੂਬੇ ਦੇ ਵਿੱਤ ਮੰਤਰੀ ਵੱਲੋਂ 'ਆਪ' ਵਿਧਾਇਕਾਂ ਦੀ ਖਰੀਦ ਫ਼ਰੋਖ਼ਤ ਲਈ ਭਾਜਪਾ 'ਤੇ ਰਿਸ਼ਵਤ ਦੇਣ ਦੀ ਕਤੀ ਗਈ ਪੇਸ਼ਕਸ਼ ਦੇ ਆਰੋਪਾਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਪੰਜਾਬ ਵਿੱਚ ਸ਼ਰਾਬ ਨੀਤੀ ਵਿੱਚ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ 'ਤੇ ਵੀ  ਭ੍ਰਿਸ਼ਟਾਚਾਰ ਦੇ ਆਰੋਪ ਲੱਗ ਰਹੇ ਹਨ। ਸਰਕਾਰ ਦੇ ਮੰਤਰੀ ਭਾਜਪਾ 'ਤੇ ਝੂਠੇ ਦੋਸ਼ ਲਗਾ ਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ ਪਰ ਉਹ ਇਸ ਸਾਜ਼ਿਸ਼ 'ਚ ਕਾਮਯਾਬ ਨਹੀਂ ਹੋਣਗੇ।



ਚੁੱਘ ਨੇ ਕਿਹਾ ਕਿ 'ਆਪ' ਸਰਕਾਰ ਫਰਜ਼ੀ ਕਾਲਾਂ ਦੇ ਆਧਾਰ 'ਤੇ ਸ਼ਿਕਾਇਤ ਲੈ ਕੇ ਡੀਜੀਪੀ ਕੋਲ ਜਾ ਕੇ ਘਟੀਆ ਅਤੇ ਗੁੰਮਰਾਹਕੁੰਨ ਰਾਜਨੀਤੀ ਕਰ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਹ ਸਾਜਿਸ਼ ਆਉਣ ਵਾਲੇ ਸਮੇਂ ਵਿੱਚ ਪੰਜਾਬ ਲਈ ਤਬਾਹੀ ਸਾਬਤ ਹੋਵੇਗੀ। ਅਜਿਹੀ ਹੀ ਸਾਜ਼ਿਸ਼ 'ਆਪ' ਨੇ ਦਿੱਲੀ 'ਚ ਰਚੀ ਸੀ, ਜੋ ਆਖਿਰਕਾਰ ਇੱਕ ਧੋਖਾ ਸਾਬਿਤ ਹੋਈ ਹੈ। ਆਮ ਆਦਮੀ ਪਾਰਟੀ ਦਾ ਇਹ ਦਾਅਵਾ ਵੀ ਝੂਠਾ ਸਾਬਤ ਹੋਇਆ ,ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਭਾਜਪਾ ਦਿੱਲੀ ਵਿੱਚ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ।

ਚੁੱਘ ਨੇ ਕਿਹਾ ਕਿ 'ਆਪ' ਪੰਜਾਬ ਨੂੰ ਗੰਭੀਰ ਖ਼ਤਰੇ ਵਾਲੇ ਮੁੱਖ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਮਜ਼ਾਕ ਤੇ ਮਿਕਰੀ ਦੀ ਰਾਜਨੀਤੀ ਕਰ ਰਹੀ ਹੈ। ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ‘ਆਪ’ ਸਰਕਾਰ ਆਪਣੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਬੇਬੁਨਿਆਦ ਕਹਾਣੀਆਂ ਨਾਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ।

 

ਓਧਰ ਆਮ ਆਦਮੀ ਪਾਰਟੀ ਨੇ 'ਆਪਰੇਸ਼ਨ ਲੋਟਸ' ਬਾਰੇ ਪੰਜਾਬ ਦੇ ਪੁਲਿਸ ਮੁਖੀ ਕੋਲ ਸ਼ਿਕਾਇਤ ਕੀਤੀ ਹੈ। 'ਆਪ' ਦੇ ਇੱਕ ਦਰਜਨ ਵਿਧਾਇਕ ਡੀਜੀਪੀ ਕੋਲ ਸ਼ਿਕਾਇਤ ਕਰਨ ਪਹੁੰਚੇ ਤੇ ਭਾਜਪਾ ਆਗੂਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। 'ਆਪ' ਦੇ ਸੀਨੀਅਰ ਲੀਡਰ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਬੀਜੇਪੀ ਨੇ 'ਆਪਰੇਸ਼ਨ ਲੋਟਸ' ਤਹਿਤ 11 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ।

ਹਰਪਾਲ ਚੀਮਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇੱਕ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਾਇਕਾਂ ਵਿੱਚ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧ ਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੂਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਮਨਜੀਤ ਸਿੰਘ ਬਿਲਾਸਪੁਰ, ਲਾਭ ਸਿੰਘ ਉਗੋਕੋ ਤੇ ਬਲਜਿੰਦਰ ਕੌਰ ਸ਼ਾਮਲ ਹਨ। ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਰੇਸ਼ਨ ਲੋਟਸ ਤਹਿਤ ਕਰਨਾਟਕ, ਗੋਆ, ਅਰੁਣਾਚਲ ਪ੍ਰਦੇਸ਼ 'ਚ ਵਿਧਾਇਕਾਂ ਦੀ ਖਰੀਦੋ-ਫਰੋਖਤ ਕੀਤੀ। ਉਸ ਤੋਂ ਬਾਅਦ ਦਿੱਲੀ ਵਿੱਚ 'ਆਪ' ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੀ। ਹੁਣ ਪੰਜਾਬ ਵਿੱਚ ਵੀ ਅਜਿਹੀ ਕੋਸਿਸ਼ ਕਰ ਰਹੀ ਹੈ।