Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫਿਲਹਾਲ ਸਿਆਸਤ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਰਹਿਣਗੇ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਕੈਪਟਨ ਨੂੰ ਰਾਜਪਾਲ ਬਣਾਏ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ ਪਰ ਐਤਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਜਾਰੀ ਹੁਕਮਾਂ ਨੇ ਇਨ੍ਹਾਂ ਚਰਚਾਵਾਂ 'ਤੇ ਵਿਰਾਮ ਲਗਾ ਦਿੱਤਾ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਅਤੇ ਲੱਦਾਖ ਦੇ ਐਲਜੀ ਰਾਧਾ ਕ੍ਰਿਸ਼ਨਨ ਮਾਥੁਰ ਦੇ ਅਸਤੀਫ਼ੇ ਸਵੀਕਾਰ ਕਰ ਲਏ ਹਨ। ਉਨ੍ਹਾਂ ਨੇ ਮਹਾਰਾਸ਼ਟਰ ਦੇ ਰਾਜਪਾਲ ਦੀ ਜ਼ਿੰਮੇਵਾਰੀ ਰਮੇਸ਼ ਬੈਸ ਨੂੰ ਸੌਂਪ ਦਿੱਤੀ ਹੈ, ਜੋ ਝਾਰਖੰਡ ਦੇ ਰਾਜਪਾਲ ਸਨ। ਜਦੋਂ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਸੀ।
13 ਰਾਜਪਾਲਾਂ ਦੀਆਂ ਨਿਯੁਕਤੀਆਂ ਦਾ ਕੀਤਾ ਗਿਆ ਐਲਾਨ
ਰਾਸ਼ਟਰਪਤੀ ਨੇ ਐਤਵਾਰ ਨੂੰ 13 ਰਾਜਾਂ ਵਿੱਚ ਨਵੇਂ ਰਾਜਪਾਲਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਵੱਲੋਂ ਜਾਰੀ ਸੂਚੀ ਅਨੁਸਾਰ ਗੁਲਾਬਚੰਦ ਕਟਾਰੀਆ ਨੂੰ ਅਸਾਮ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਝਾਰਖੰਡ ਦੇ ਰਾਜਪਾਲ ਰਮੇਸ਼ ਬੈਸ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਰਾਜੇਂਦਰ ਵਿਸ਼ਵਨਾਥ ਨੂੰ ਬਿਹਾਰ ਦਾ ਰਾਜਪਾਲ ਬਣਾਇਆ ਗਿਆ ਹੈ। ਲਕਸ਼ਮਣ ਪ੍ਰਸਾਦ ਅਚਾਰੀਆ ਨੂੰ ਸਿੱਕਮ ਦਾ ਰਾਜਪਾਲ ਬਣਾਇਆ ਗਿਆ ਹੈ। ਸੀਪੀ ਰਾਧਾਕ੍ਰਿਸ਼ਨ ਨੂੰ ਝਾਰਖੰਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਿਵ ਪ੍ਰਤਾਪ ਸ਼ੁਕਲਾ ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਜਸਟਿਸ (ਸੇਵਾਮੁਕਤ) ਐਸ ਅਬਦੁਲ ਨਜ਼ੀਰ ਨੂੰ ਆਂਧਰਾ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਮਨੀਪੁਰ ਦੇ ਰਾਜਪਾਲ ਐਲ ਗਣੇਸ਼ਨ ਨੂੰ ਨਾਗਾਲੈਂਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਬਿਹਾਰ ਦੇ ਰਾਜਪਾਲ ਫੱਗੂ ਚੌਹਾਨ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਬਿਹਾਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਝਾਰਖੰਡ ਦੇ ਰਾਜਪਾਲ ਰਮੇਸ਼ ਬੈਸ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਗਿਆ ਹੈ। ਆਂਧਰਾ ਪ੍ਰਦੇਸ਼ ਦੇ ਰਾਜਪਾਲ ਬਿਸਵਾ ਭੂਸ਼ਣ ਹਰੀਚੰਦਨ ਨੂੰ ਛੱਤੀਸਗੜ੍ਹ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਛੱਤੀਸਗੜ੍ਹ ਦੀ ਰਾਜਪਾਲ ਅਨੁਸੂਈਆ ਉਈਕੇ ਨੂੰ ਮਣੀਪੁਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।