Punjab News:  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ  'ਤੇ ਤਿੱਖਾ ਹਮਲਾ ਕਰਦੀਆਂ ਕਿਹਾ ਕਿ ਦੋਵੇਂ ਪਾਰਟੀਆਂ ਕਿਸਾਨ ਵਿਰੋਧੀ ਹਨ ਅਤੇ ਆਪਣੇ ਵੋਟ ਬੈਂਕ ਲਈ ਉਨਾਂ ਨੂੰ ਵਰਤਦੀਆਂ ਹਨ।


 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ  ਕਿਹਾ ਕਿ ਲਖੀਮਪੁਰ ਖੇੜੀ ਕਾਂਡ ਅਤੇ ਇਸ ਦੇ ਦੋਸ਼ੀਆਂ ਤੋਂ ਹਰ ਕੋਈ ਜਾਣੂ ਹੈ।  ਪਰ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਹੋ ਗਿਆ ਹੈ ਕਿਉਂਕਿ ਉਨ੍ਹਾਂ ਨੇ ਕਿਸਾਨ ਕਾਤਲ ਦੇ ਪਿਤਾ ਅਜੈ ਮਿਸ਼ਰਾ ਟੈਣੀ ਨੂੰ ਲਖੀਮਪੁਰ ਖੇੜੀ ਤੋਂ ਆਪਣਾ ਉਮੀਦਵਾਰ ਬਣਾਇਆ ਹੈ।  ਕੰਗ ਨੇ ਅੱਗੇ ਕਿਹਾ ਕਿ ਕਿਸਾਨ ਲਖੀਮਪੁਰ ਖੇੜੀ ਕਾਂਡ ਵਿੱਚ ਘੱਟੋ-ਘੱਟ ਸਮਰਥਨ ਮੁੱਲ ਅਤੇ ਇਨਸਾਫ਼ ਲਈ ਆਪਣੀਆਂ ਜਾਇਜ਼ ਮੰਗਾਂ ਲਈ ਮੁੜ ਪ੍ਰਦਰਸ਼ਨ ਕਰ ਰਹੇ ਹਨ ਪਰ ਇਸ ਦੀ ਬਜਾਏ ਭਾਜਪਾ ਅਜੇ ਕੁਮਾਰ ਮਿਸ਼ਰਾ ਨੂੰ ਟਿਕਟ ਦੇ ਕੇ ਆਪਣਾ ਕਿਸਾਨ ਵਿਰੋਧੀ ਸਟੈਂਡ ਸਪੱਸ਼ਟ ਕਰ ਰਹੀ ਹੈ।



ਮਲਵਿੰਦਰ ਕੰਗ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਘੇਰਦਿਆਂ ਕਿਹਾ ਕਿ ਸਾਬਕਾ ਕਾਂਗਰਸੀਆਂ ਦਾ ਪਾਖੰਡ ਹਾਸੋਹੀਣਾ ਹੈ।  ਅੱਜ ਉਹ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਧਰਨਾ ਦੇ ਰਹੇ ਸਨ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਿਸਾਨਾਂ ਅਤੇ ਜਵਾਨਾਂ ਲਈ ਦਿਨ ਰਾਤ ਕੰਮ ਕਰ ਰਹੀ ਹੈ।  ਕੰਗ ਨੇ ਅੱਗੇ ਕਿਹਾ ਕਿ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਮਲਹੋਤਰਾ ਨੇ ਕਿਹਾ ਕਿ ਕਿਸਾਨ ਕਿਸੇ ਵੀ ਚੀਜ਼ ਦੇ ਹੱਕਦਾਰ ਨਹੀਂ ਹਨ। ਇਸ ਲਈ ਸੁਨੀਲ ਜਾਖੜ ਨੂੰ ਉਨਾਂ ਦੇ ਘਰ ਦੇ ਸਾਹਮਣੇ ਜਾਂ ਭਾਜਪਾ ਦੇ ਮੁੱਖ ਦਫਤਰ ਅੱਗੇ ਕਿਸਾਨਾਂ 'ਤੇ ਹੋਏ ਅੱਤਿਆਚਾਰਾਂ ਲਈ ਧਰਨਾ ਦੇਣਾ ਚਾਹੀਦਾ ਹੈ।



 ਕੰਗ ਨੇ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਸੁਨੀਲ ਜਾਖੜ ਨੇ ਬਠਿੰਡਾ ਦੇ ਇੱਕ ਗਰੀਬ ਕਿਸਾਨ ਜਿਸਦਾ ਹਰਿਆਣਾ ਦੀ ਸਰਹੱਦ 'ਤੇ ਕਤਲ ਕੀਤਾ ਗਿਆ ਸੀ, ਲਈ ਇੱਕ ਵੀ ਸ਼ਬਦ ਨਹੀਂ ਬੋਲਿਆ, ਪੰਜਾਬ ਦੇ ਕਿਸਾਨਾਂ ਪ੍ਰਤੀ ਹਰਿਆਣਾ ਸਰਕਾਰ ਦੇ ਰਵੱਈਏ ਵਿਰੁੱਧ ਇੱਕ ਸ਼ਬਦ ਵੀ ਨਹੀਂ ਬੋਲਿਆ।  ਪਰ ਹੁਣ ਉਹ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਧਰਨਾ ਦੇ ਰਹੇ ਹਨ।



 ਕੰਗ ਨੇ ਕਾਂਗਰਸੀ ਆਗੂਆਂ ਦੀ ਵੀ ਆਲੋਚਨਾ ਕਰਦਿਆਂ ਕਿਹਾ ਕਿ ਸੱਤਾ ਵਿੱਚ ਰਹਿੰਦਿਆਂ ਇਨ੍ਹਾਂ ਆਗੂਆਂ ਨੇ ਕਦੇ ਵੀ ਕਿਸਾਨਾਂ ਦੀ ਗੱਲ ਨਹੀਂ ਕੀਤੀ, ਉਹ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਐਸ਼ੋ-ਆਰਾਮ ਦਾ ਸਮਾਂ ਬਤੀਤ ਕਰ ਰਹੇ ਸਨ ਅਤੇ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਛੱਡ ਗਏ ਸਨ।  ਪਰ ਹੁਣ ਅਚਾਨਕ ਵਿਰੋਧੀ ਧਿਰ ਵਿੱਚ ਆਉਣ ਤੇ ਉਨ੍ਹਾਂ ਨੂੰ ਕਿਸਾਨਾਂ ਦੇ ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਬਣਾ ਦਿੱਤਾ ਹੈ।  ਕੰਗ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਸਰਕਾਰ ਹਰ ਮੁੱਦੇ 'ਤੇ ਗੱਲ ਕਰਨ ਅਤੇ ਹਰ ਗੱਲ ਦਾ ਹੱਲ ਕਰਨ ਲਈ ਤਿਆਰ ਹੁੰਦੀ ਹੈ ਪਰ ਵਿਰੋਧੀ ਧਿਰ ਜਨਤਕ ਮੁੱਦਿਆਂ 'ਤੇ ਚਰਚਾ ਕਰਨ ਤੋਂ ਭੱਜ ਰਹੀ ਹੈ।



 ਕੰਗ ਨੇ ਕਿਹਾ ਕਿ ਭਾਜਪਾ ਨੇ ਸਾਡੇ ਨੌਜਵਾਨਾਂ ਨੂੰ ਅਗਨੀਵੀਰ ਬਣਾਇਆ, ਸਾਡੇ ਕਿਸਾਨਾਂ ਨੂੰ ਅੰਦੋਲਨਜੀਵੀ  ਕਿਹਾ ਅਤੇ ਭਾਜਪਾ ਦੇ ਰਾਜ ਵਿੱਚ ਸਾਡੇ ਦੇਸ਼ ਵਿੱਚ ਕੋਈ ਵੀ ਔਰਤ ਸੁਰੱਖਿਅਤ ਨਹੀਂ ਹੈ ਕਿਉਂਕਿ ਅਸੀਂ ਮਨੀਪੁਰ ਤੋਂ ਲੈ ਕੇ ਯੂਪੀ ਤੱਕ ਉਨ੍ਹਾਂ ਦੇ ਖਿਲਾਫ ਹੁੰਦੇ ਅਪਰਾਧਾਂ ਨੂੰ ਦੇਖ ਰਹੇ ਹਾਂ।  ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਰਹਿੰਦਿਆਂ ਸੁਨੀਲ ਜਾਖੜ ਮੋਦੀ ਸਰਕਾਰ ਦੀ ਆਲੋਚਨਾ ਕਰਦੇ ਸਨ ਪਰ ਉਸੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਗਿਰਗਿਟ ਵਾਂਗ ਰੰਗ ਬਦਲ ਲਿਆ ਅਤੇ ਹੁਣ ਪੰਜਾਬ ਦੇ ਲੋਕ ਉਨ੍ਹਾਂ ਦੇ ਕਿਸੇ ਵੀ ਡਰਾਮੇ ਦੇ ਝਾਂਸੇ ਵਿੱਚ ਨਹੀਂ ਆਉਣਗੇ।