Farmer protest: ਕੱਲ੍ਹ ਤੋਂ ਪੰਜਾਬ ਵਿੱਚ ਭਾਜਪਾ ਦੇ ਤਿੰਨ ਵੱਡੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੇ ਘਰ ਸ਼ਾਮਲ ਹਨ। ਇਸ ਨੂੰ ਲੈ ਕੇ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 24 ਫਰਵਰੀ ਨੂੰ ਚੰਡੀਗੜ੍ਹ ਮੋਰਚਾ ਲਾਉਣ ਦਾ ਫੈਸਲਾ ਵਾਪਸ ਲਿਆ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦਾ ਸੱਦਾ ਆਉਣ ਤੱਕ ਉਹ ਭਾਰਤੀ ਜਨਤਾ ਪਾਰਟੀ ਦੇ ਤਿੰਨ ਮੁੱਖ ਆਗੂ  ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਵਲ ਢਿੱਲੋਂ ਦੇ ਘਰਾਂ ਬਾਹਰ 2 ਦਿਨ ਧਰਨੇ ਲਾਏ ਜਾਣਗੇ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਮੁਫ਼ਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ੰਭੂ ਤੇ ਖਨੌਰੀ ਸਰੱਹਦ ਉੱਤੇ ਸੰਘਰਸ਼ ਕਰ ਰਹੇ ਸਾਥੀਆਂ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਉਨ੍ਹਾਂ ਦਾ ਸਾਥ ਦੇਣਗੇ। 


ਅੱਜ ਮੁੜ ਤੋਂ ਦਾਗੇ ਗਏ ਅੱਥਰੂ ਗੈਸ ਦੇ ਗੋਲੇ


ਜ਼ਿਕਰ ਕਰ ਦਈਏ ਕਿ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਤਣਾਅ ਜਾਰੀ ਹੈ। ਜਿੱਥੇ ਪੁਲਿਸ ਨੇ ਸ਼ੁੱਕਰਵਾਰ (16 ਫਰਵਰੀ) ਨੂੰ ਦਿੱਲੀ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ। ਇਨ੍ਹਾਂ ਕਿਸਾਨਾਂ ਨੇ ‘ਦਿੱਲੀ ਚੱਲੋ’ ਦਾ ਨਾਅਰਾ ਦਿੱਤਾ ਹੈ ਅਤੇ ਪਿਛਲੇ ਚਾਰ ਦਿਨਾਂ ਤੋਂ ਸ਼ੰਭੂ ਸਰਹੱਦ ’ਤੇ ਡਟੇ ਹੋਏ ਹਨ। ਕਿਸਾਨਾਂ ਨੇ ਮੰਗਲਵਾਰ (13 ਫਰਵਰੀ) ਨੂੰ ਦਿੱਲੀ ਵੱਲ ਆਪਣਾ ਮਾਰਚ ਸ਼ੁਰੂ ਕੀਤਾ, ਪਰ ਦਿੱਲੀ ਅਤੇ ਹਰਿਆਣਾ ਵਿਚਕਾਰ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਕਿਸਾਨਾਂ ਨਾਲ ਸੁਲ੍ਹਾ ਕਰਨ ਨੂੰ ਲੈ ਕੇ ਸਰਕਾਰ ਅਤੇ ਜਥੇਬੰਦੀਆਂ ਦਰਮਿਆਨ ਤਿੰਨ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ। ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਤੀਜੇ ਦੌਰ ਦੀ ਗੱਲਬਾਤ ਹੋਈ। ਹੁਣ ਦੋਵਾਂ ਧਿਰਾਂ ਵਿਚਾਲੇ 18 ਫਰਵਰੀ ਨੂੰ ਮੀਟਿੰਗ ਹੋਵੇਗੀ।


ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ ਵਿੱਚ ਹੁਣ ਤੱਕ 400 ਤੋਂ ਵੱਧ ਕਿਸਾਨ ਜ਼ਖ਼ਮੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡੇ ਖ਼ਿਲਾਫ਼ ਪੂਰੀ ਤਾਕਤ ਵਰਤੀ ਜਾ ਰਹੀ ਹੈ। ਅਸੀਂ ਸਰਕਾਰ ਕੋਲ ਇਹ ਮੁੱਦਾ ਉਠਾਇਆ ਹੈ। ਸਾਡੇ ਸੋਸ਼ਲ ਮੀਡੀਆ ਹੈਂਡਲ ਬੰਦ ਕੀਤੇ ਜਾ ਰਹੇ ਹਨ। ਸਾਨੂੰ ਦੇਸ਼ ਵਿਰੋਧੀ ਕਿਹਾ ਜਾ ਰਿਹਾ ਹੈ। ਸਾਡੇ 70 ਯੂਟਿਊਬ ਚੈਨਲ ਬੰਦ ਕਰ ਦਿੱਤੇ ਗਏ ਹਨ। ਸਰਕਾਰ ਸਾਡੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਸੀਂ ਦਿੱਲੀ ਜਾਣ ਦੇ ਆਪਣੇ ਫੈਸਲੇ 'ਤੇ ਕਾਇਮ ਹਾਂ।