Blast In Mohali: ਮੁਹਾਲੀ ਧਮਾਕੇ ਮਗਰੋਂ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਸਵਾਲ ਉੱਠਣ ਲੱਗੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੇਤਾਵਨੀ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਧਮਾਕੇ ਨੂੰ ਕਾਇਰਤਾ ਭਰੀ ਕਾਰਵਾਈ ਕਿਹਾ ਹੈ।
ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਮੁਹਾਲੀ ਧਮਾਕਾ ਉਨ੍ਹਾਂ ਲੋਕਾਂ ਦੀ ਕਾਇਰਤਾ ਭਰੀ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਹੋਣ ਦੇਵੇਗੀ। ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਹਰ ਹਾਲਤ ਵਿੱਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇਗੀ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੁਹਾਲੀ 'ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਦੱਸ ਦਈਏ ਕਿ ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ਨੇੜੇ ਸੋਮਵਾਰ ਸ਼ਾਮ ਕਰੀਬ 7.30 ਵਜੇ ਜ਼ੋਰਦਾਰ ਧਮਾਕਾ ਹੋਇਆ ਸੀ ਪਰ ਇਸ ’ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਧਮਾਕੇ ਵਾਲੀ ਥਾਂ ਤੋਂ ਰਾਕੇਟ ਵਰਗੀ ਕੋਈ ਚੀਜ਼ ਬਰਾਮਦ ਹੋਈ ਹੈ।