ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਬਾਰੇ ਅੱਜ ਕੋਈ ਫੈਸਲਾ ਆ ਸਕਦਾ ਹੈ। ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਅੱਜ ਹੋਣ ਵਾਲੀ ਮੀਟਿੰਗ ਵਿੱਚ ਜਥੇਦਾਰ ਬਾਰੇ ਕੋਈ ਅਹਿਮ ਫੈਸਲਾ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਜਾਂਚ ਕਮੇਟੀ ਨੇ ਵੀ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪ ਦਿੱਤੀ ਹੈ।
ਯਾਦ ਰਹੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਪਰ ਕੁਝ ਸਮੇਂ ਮਗਰੋਂ ਹੀ ਉਨ੍ਹਾਂ ਮੁੜ ਸੇਵਾ ਸਾਂਭ ਲਈ ਸੀ। ਉਨ੍ਹਾਂ ਸੋਮਵਾਰ ਆਪਣੇ ਹਿਤੈਸ਼ੀਆਂ ਨਾਲ ਮੀਟਿੰਗ ਵੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੋਸ਼ ਲਾਏ ਹਨ ਕਿ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।
ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਬੋਰਡ ਦੇ ਜਨਰਲ ਹਾਊਸ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਇਸ ਵਿੱਚ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਦੀ ਅਗਵਾਈ ਵਿੱਚ ਬੋਰਡ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ।
ਉਧਰ, ਉੱਘੇ ਵਕੀਲ ਐਚਐਸ ਫੂਲਕਾ ਨੇ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨਾਲ ਗੱਲਬਾਤ ਕਰਕੇ ਸਲਾਹ ਦਿੱਤੀ ਹੈ ਕਿ ਗਿਆਨੀ ਇਕਬਾਲ ਸਿੰਘ ਵੱਲੋਂ ਦਿੱਤਾ ਅਸਤੀਫਾ ਵਾਪਸ ਨਹੀਂ ਹੋ ਸਕਦਾ। ਉਨ੍ਹਾਂ ਆਖਿਆ ਕਿ ਜੇਕਰ ਬੋਰਡ ਕੋਲ ਨਿਯੁਕਤੀ ਦਾ ਹੱਕ ਹੈ ਤਾਂ ਬੋਰਡ ਅਹੁਦਾ ਛੱਡਣ ਵਾਲੇ ਵਿਅਕਤੀ ਨੂੰ ਮੁੜ ਨਿਯੁਕਤ ਕਰ ਸਕਦਾ ਹੈ ਪਰ ਅਹੁਦਾ ਛੱਡਣ ਦਾ ਐਲਾਨ ਕਰਨ ਵਾਲਾ ਵਿਅਕਤੀ ਖੁਦ ਨੂੰ ਦੂਜੀ ਵਾਰ ਨਿਯੁਕਤ ਨਹੀਂ ਕਰ ਸਕਦਾ। ਉਨ੍ਹਾਂ ਆਖਿਆ ਕਿ ਬੋਰਡ ਦੇ ਸੈਕਟਰੀ ਕੋਲ ਅਸਤੀਫਾ ਅਪ੍ਰਵਾਨ ਕਰਨ ਦਾ ਕੋਈ ਹੱਕ ਨਹੀਂ।