Punjab News: ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਪਟਿਆਲਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਟਿਆਲਾ ਵਿੱਚ ਮਹਾਰਾਜਾ ਅਗਰਸੇਨ ਯਾਦਗਾਰ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਿਆ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ਅੱਜ ਨਾਭਾ ਵਿਖੇ ਮਹਾਰਾਜਾ ਅਗਰਸੈਨ ਸਮਾਰਕ ਦਾ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਰਸਮੀ ਤੌਰ 'ਤੇ ਉਦਘਾਟਨ ਕਰਕੇ ਲੋਕ ਅਰਪਿਤ ਕੀਤੀ।

ਸ਼ਾਂਤੀ ਦੇ ਪੁੰਜ ਵਜੋਂ ਜਾਣੇ ਜਾਂਦੇ ਮਹਾਰਾਜਾ ਅਗਰਸੈਨ ਜੀ ਨੇ ਲੋਕਾਂ ਨੂੰ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੱਤਾ। ਅਗਰਵਾਲ ਸਮਾਜ ਦਾ ਦੇਸ਼ ਦੀ ਤਰੱਕੀ 'ਚ ਬਹੁਤ ਵੱਡਾ ਯੋਗਦਾਨ ਰਿਹਾ ਹੈ। ਅੱਜ ਵੀ ਉਹ ਦੇਸ਼ ਅਤੇ ਸੂਬੇ ਨੂੰ ਬੁਲੰਦੀਆਂ ਤੱਕ ਲੈ ਕੇ ਜਾਣ ਲਈ ਕੰਮ ਕਰ ਰਹੇ ਹਨ। ਪੰਜਾਬ ਦੀ ਤੱਰਕੀ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ 'ਚ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਦੀ ਲੋੜ ਹੈ।

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਵਿੱਚ ਇੰਡਸਟਰੀ ਨੂੰ ਲੈ ਕੇ ਇੰਨਾ ਵੱਡਾ ਐਲਾਨ ਕਰਨ ਜਾ ਰਹੇ ਹਨ ਕਿ ਲੋਕਾਂ ਨੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ। ਸਰਕਾਰ ਕਾਰੋਬਾਰੀਆਂ ਦੀ ਸੁਰੱਖਿਆ ਲਈ ਕੰਮ ਕਰ ਰਹੀ ਹੈ। ਕਾਰੋਬਾਰੀਆਂ ਦੇ ਬਾਜ਼ਾਰਾਂ ਦੀ ਹਾਲਤ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਵਪਾਰੀਆਂ ਲਈ ਰਾਜ ਤੇ ਜ਼ਿਲ੍ਹਾ ਪੱਧਰ 'ਤੇ ਇੱਕ ਬੋਰਡ ਬਣਾਇਆ ਜਾਵੇਗਾ।

ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਸਰਕਾਰੀ ਨੀਤੀ ਨੂੰ ਬੋਰਡ ਰਾਹੀਂ ਵੀ ਬਦਲਿਆ ਜਾ ਸਕਦਾ ਹੈ। ਕੇਜਰੀਵਾਲ ਨੇ ਕਿਹਾ ਕਿ ਜੇ ਕੋਈ ਵਿਧਾਇਕ ਜਾਂ ਪੁਲਿਸ ਅਧਿਕਾਰੀ ਪ੍ਰੇਸ਼ਾਨ ਕਰਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਵਪਾਰੀਆਂ ਨੂੰ ਖੁੱਲ੍ਹ ਕੇ ਕੰਮ ਕਰਨਾ ਚਾਹੀਦਾ ਹੈ। ਇਮਾਨਦਾਰੀ ਨਾਲ ਅਤੇ ਬਿਨਾਂ ਕਿਸੇ ਝਿਜਕ ਦੇ ਕਾਰੋਬਾਰ ਕਰੋ। ਵਪਾਰੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਗਾਹਕਾਂ ਨੂੰ ਕਦੇ ਵੀ ਧੋਖਾ ਨਾ ਦੇਣ।