Crime News: ਮੋਹਾਲੀ ਦੇ ਫੇਜ਼-11 ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਨੌਜਵਾਨ ਨੇ ਆਪਣੀ ਪ੍ਰੇਮਿਕਾ ਵੱਲੋਂ ਗੱਲ ਕਰਨ ਤੋਂ ਮਨ੍ਹਾ ਕਰਨ 'ਤੇ ਗੁੱਸੇ ਵਿੱਚ ਆ ਕੇ ਉਸ ਦਾ ਕਤਲ ਕਰ ਦਿੱਤਾ। ਉਸ ਨੇ ਦਫ਼ਤਰ ਵਿੱਚ ਆ ਕੇ ਕੰਮ ਕਰ ਰਹੀ ਲੜਕੀ ਦੀ ਗਰਦਨ 'ਤੇ ਚਾਕੂ ਨਾਲ ਲਗਾਤਾਰ ਵਾਰ ਕੀਤੇ, ਉਹ ਉਦੋਂ ਤੱਕ ਵਾਰ ਕਰਦਾ ਰਿਹਾ, ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ।
ਮ੍ਰਿਤਕਾ ਦੀ ਪਛਾਣ 29 ਸਾਲਾ ਡਿੰਪਲ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਸ 'ਤੇ ਕਰੀਬ 35 ਵਾਰ ਚਾਕੂ ਨਾਲ ਹਮਲਾ ਕੀਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੇ ਆਪਣੇ ਆਪ 'ਤੇ ਵੀ ਚਾਕੂ ਨਾਲ ਕਈ ਵਾਰ ਕੀਤੇ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਦੋਵੇਂ ਪਟਿਆਲਾ ਦੇ ਰਹਿਣ ਵਾਲੇ ਸਨ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜ਼ਖ਼ਮੀ ਨੌਜਵਾਨ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਸ ਦੀ ਪਛਾਣ 34 ਸਾਲਾ ਹਰਜਿੰਦਰ ਮਾਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਅਤੇ ਲੜਕੀ ਦੋਵੇਂ ਪਟਿਆਲਾ ਦੇ ਰਹਿਣ ਵਾਲੇ ਸਨ ਅਤੇ ਫੇਜ਼-11 ਵਿੱਚ ਸਥਿਤ ਇੱਕ ਨਿੱਜੀ ਕੰਪਨੀ ਵਿੱਚ ਨੌਕਰੀ ਕਰਦੇ ਸਨ।
ਜਾਣਕਾਰੀ ਅਨੁਸਾਰ ਦੋਵੇਂ ਪਹਿਲਾਂ ਪ੍ਰੇਮ ਸੰਬੰਧ ਵਿੱਚ ਸਨ, ਪਰ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਮਨਮੁਟਾਅ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਨੂੰ ਨੌਜਵਾਨ ਨੇ ਲੜਕੀ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਗੱਲ ਕਰਨ ਤੋਂ ਮਨ੍ਹਾ ਕਰ ਦਿੱਤਾ। ਇਸ ਤੋਂ ਗੁੱਸੇ ਵਿੱਚ ਆ ਕੇ ਨੌਜਵਾਨ ਨੇ ਕੰਪਨੀ ਦੇ ਦਫ਼ਤਰ ਵਿੱਚ ਆ ਕੇ ਉਸ ਦੀ ਗਰਦਨ 'ਤੇ ਚਾਕੂ ਨਾਲ ਤਾਬੜਤੋੜ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਡਾਕਟਰਾਂ ਨੇ ਡਿੰਪਲ ਨੂੰ ਮ੍ਰਿਤ ਐਲਾਨਿਆ
ਲੜਕੀ ਦੀ ਹਾਲਤ ਦੇਖ ਕੇ ਦੋਸ਼ੀ ਨੇ ਆਪਣੀ ਜਾਨ ਲੈਣ ਦੀ ਨੀਅਤ ਨਾਲ ਆਪਣੀ ਗਰਦਨ 'ਤੇ ਵੀ ਚਾਕੂ ਨਾਲ ਕਈ ਵਾਰ ਕੀਤੇ। ਘਟਨਾ ਤੋਂ ਬਾਅਦ ਕੰਪਨੀ ਦੇ ਹੋਰ ਕਰਮਚਾਰੀ ਮੌਕੇ 'ਤੇ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਸੂਚਿਤ ਕੀਤਾ। ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਡਿੰਪਲ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਹਰਜਿੰਦਰ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫੇਜ਼-11 ਥਾਣੇ ਦੀ ਪੁਲਿਸ ਟੀਮ ਸਣੇ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
ਇਸ ਦੌਰਾਨ ਫ਼ੋਰੈਂਸਿਕ ਮਾਹਿਰਾਂ ਦੀ ਟੀਮ ਨੇ ਵੀ ਮੌਕੇ 'ਤੇ ਪਹੁੰਚ ਕੇ ਖੂਨ ਦੇ ਨਮੂਨੇ ਇਕੱਠੇ ਕੀਤੇ। ਪੁਲਿਸ ਨੇ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ CCTV ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਲੜਕੀ ਦੇ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
