ਚੰਡੀਗੜ੍ਹ: ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲੀ ਦਲ ਦੇ ਬਾਗੀ ਟਕਸਾਲੀਆਂ ਨੇ ਨਵੀਂ ਪਾਰਟੀ ਬਣਾਈ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਨਾਂਅ ਦਿੱਤਾ ਗਿਆ। ਰਣਜੀਤ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦਾ ਪ੍ਰਧਾਨ ਥਾਪਿਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੱਡਾ ਇਕੱਠ ਹੋਇਆ। ਇਸ ਦੌਰਾਨ ਰਣਜੀਤ ਸਿੰਘ ਬ੍ਰਹਮਪੁਰਾ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਤਰ ਮੋਹ 'ਚੋਂ ਨਿਕਲਣ ਦੀ ਸਲਾਹ ਦਿੱਤੀ।

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਟਕਸਾਲੀ ਲੀਡਰ ਸੇਵਾ ਸਿੰਘ ਸੇਖਵਾਂ ਤੇ ਰਤਨ ਸਿੰਘ ਅਜਨਾਲਾ ਵੀ ਮੌਜੂਦ ਰਹੇ। ਬ੍ਰਹਮਪੁਰਾ ਨੇ ਕਿਹਾ ਕਿ ਨਵੀਂ ਪਾਰਟੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵੀ ਲੜੇਗੀ। ਪੰਚਾਇਤੀ ਚੋਣਾਂ ਤੋਂ ਬਾਅਦ ਉਹ ਗੱਠਜੋੜ ਵੀ ਕਰ ਸਕਦੇ ਹਨ। ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਇੰਨੇ ਵੱਡੇ ਇਕੱਠ ਦੀ ਉਮੀਦ ਨਹੀਂ ਸੀ ਪਰ ਹੁਣ ਲੱਗਦਾ ਹੈ ਕਿ ਪੰਜਾਬ ਦਾ ਬੱਚਾ-ਬੱਚਾ ਉਨ੍ਹਾਂ ਦੇ ਨਾਲ ਹੈ।

ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਤਰ ਮੋਹ ਵਿੱਚੋਂ ਨਿਕਲ ਕੇ ਪੰਥ, ਕੌਮ, ਹੱਕ ਤੇ ਸੱਚ ਦੀ ਗੱਲ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਬਾਦਲ ਸਾਹਿਬ ਗਲਤੀ ਮੰਨ ਲੈਣ ਤਾਂ ਲੋਕ ਉਨ੍ਹਾਂ ਨੂੰ ਮੁਆਫ ਕਰ ਦੇਣਗੇ। ਉਨ੍ਹਾਂ ਕਿਹਾ ਕਿ ਬਾਦਲ ਸ਼੍ਰੋਮਣੀ ਕਮੇਟੀ ਦੇ ਆਸਰੇ ਖੜ੍ਹੇ ਹਨ।