ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਨੇ 50 ਸਾਲ ਪੁਰਾਣਾ ਨਾਤਾ ਤੋੜਿਆ
ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਕੈਬਨਿਟ ਰੈਂਕ) ਦੇ ਚੇਅਰਮੈਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ ਜਿਸ ਨਾਲ ਉਨ੍ਹਾਂ ਦਾ ਕਾਂਗਰਸ ਨਾਲ 50 ਸਾਲ ਪੁਰਾਣਾ ਰਿਸ਼ਤਾ ਟੁੱਟ ਗਿਆ ਹੈ।
ਰਵਨੀਤ ਕੌਰ
ਚੰਡੀਗੜ੍ਹ : ਸੂਬੇ 'ਚ ਕਾਂਗਰਸ ਪਾਰਟੀ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵੱਡੇ ਚਿਹਰੇ ਤੇ ਸਾਬਕਾ ਮੰਤਰੀ ਪੰਜਾਬ ਜੋਗਿੰਦਰ ਸਿੰਘ ਮਾਨ (Joginder Singh Mann) ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਕੈਬਨਿਟ ਰੈਂਕ) ਦੇ ਚੇਅਰਮੈਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਇਸ ਨਾਲ ਉਨ੍ਹਾਂ ਦਾ ਕਾਂਗਰਸ ਨਾਲ 50 ਸਾਲ ਪੁਰਾਣਾ ਰਿਸ਼ਤਾ ਟੁੱਟ ਗਿਆ ਹੈ।
ਮੀਡੀਆ ਨੂੰ ਦਿੱਤੀ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਡਾ. ਬੀਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਨਾਰਾਜ਼ ਕਾਂਗਰਸ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਦੇ ਭਾਣਜੇ ਜੋਗਿੰਦਰ ਸਿੰਘ ਅੱਜ ਪਾਰਟੀ ਤੇ ਕੈਬਨਿਟ ਰੈਂਕ ਵਾਲੀ ਚੇਅਰਮੈਨੀ ਨੂੰ ਛੱਡ ਦਿੱਤਾ।
ਉਨ੍ਹਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਵਿਦਿਅਕ ਅਦਾਰਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਬਜਾਏ, ਉਨ੍ਹਾਂ ਨੂੰ ਪੁਲਿਸ ਕੇਸ ਤੋਂ ਮੁਕਤ ਕਰ ਦਿੱਤਾ ਹੈ।
ਇਸ ਦੌਰਾਨ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਿਆਂ, ਜਾਗੀਰਦਾਰਾਂ, ਪੈਸੇ ਵਾਲੇ, ਮੌਕਾਪ੍ਰਸਤਾਂ ਅਤੇ ਹੋਰਾਂ ਦੇ ਦਬਦਬੇ ਦੇ ਨਾਲ-ਨਾਲ, ਇਨ੍ਹਾਂ ਕਾਰਨਾਂ ਨੇ ਹੁਣ ਉਨ੍ਹਾਂ ਨੂੰ ਇਸ ਪਾਰਟੀ ਨੂੰ ਛੱਡਣ ਲਈ ਮਜ਼ਬੂਰ ਕਰ ਦਿੱਤਾ ਹੈ, ਜਿਸ ਦੀ ਉਨ੍ਹਾਂ ਨੇ ਪਿਛਲੇ 50 ਸਾਲਾਂ ਦੌਰਾਨ ਖੂਨ -ਪਸੀਨੇ ਅਤੇ ਮਿਹਨਤ ਨਿਰਸਵਾਰਥ ਭਾਵ ਨਾਲ ਸੇਵਾ ਕੀਤੀ ਸੀ।
ਦੱਸ ਦਈਏ ਕਿ 1985, 1992 ਤੇ 2002 ’ਚ ਫਗਵਾੜਾ ਤੋਂ ਵਿਧਾਇਕ ਰਹੇ ਮਾਨ ਪੰਜਾਬ ਵਿੱਚ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ’ਚ ਮੰਤਰੀ ਰਹੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904