ਚੰਡੀਗੜ੍ਹ: ਪੰਜਾਬ ਸਰਕਾਰ ਅੱਜ ਪੰਜ ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਅਧਿਆਪਕ ਵਰਗ ਲਈ ਵੱਡਾ ਐਲਾਨ ਕਰ ਸਕਦੀ ਹੈ। ਅਧਿਆਪਕ ਦਿਵਸ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਸੂਬਾਈ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਮਾਨ ਇਹ ਐਲਾਨ ਕਰ ਸਕਦੇ ਹਨ। ਸੂਤਰਾਂ ਮੁਤਾਬਕ ਅਧਿਆਪਕਾਂ ਨੂੰ ਸੱਤਵੇਂ ਪੇਅ ਕਮਿਸ਼ਨ ਦੇ ਰੂਪ ’ਚ ਵੱਡਾ ਤੋਹਫ਼ਾ ਦਿੱਤਾ ਜਾ ਸਕਦਾ ਹੈ।
ਉਧਰ, ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਅੱਜ ਕੈਬਨਿਟ ਮੀਟਿੰਗ ਵੀ ਸੱਦ ਲਈ ਗਈ ਹੈ ਜਿਸ ਵਿੱਚ ਹੀ ਪੇਅ ਕਮਿਸ਼ਨ ਦੇਣ ਦੀ ਮੱਦ ’ਤੇ ਮੋਹਰ ਲਾਈ ਜਾਵੇਗੀ। ਇਸ ਫੈਸਲੇ ਦਾ ਯੂਨੀਵਰਸਿਟੀ ਤੇ ਕਾਲਜਾਂ ਦੇ ਤਕਰੀਬਨ ਸਾਢੇ ਪੰਜ ਹਜ਼ਾਰ ਰੈਗੂਲਰ ਅਧਿਆਪਕਾਂ ਨੂੰ ਲਾਭ ਹੋਵੇਗਾ। ਇਸ ਨਾਲ ਹਰ ਅਧਿਆਪਕ ਨੂੰ 20 ਤੋਂ 45 ਹਜ਼ਾਰ ਤੱਕ ਦਾ ਫਾਇਦਾ ਹੋਵੇਗਾ।
ਦੂਜੇ ਪਾਸੇ ਇਸ ਫੈਸਲੇ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ’ਤੇ ਤਕਰੀਬਨ ਸਾਢੇ ਤਿੰਨ ਸੌ ਕਰੋੜ ਰੁਪਏ ਸਾਲਾਨਾ ਦਾ ਬੋਝ ਪਵੇਗਾ। ਯਾਦ ਰਹੇ ਦੇਸ਼ ਦੀਆਂ ਲਗਪਗ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਸੱਤਵਾਂ ਪੇਅ ਕਮਿਸ਼ਨ ਦਿੱਤਾ ਜਾ ਚੁੱਕਾ ਹੈ ਪਰ ਪੰਜਾਬ ਸਰਕਾਰ ਵੱਲੋਂ ਲਟਕਾਇਆ ਜਾ ਰਿਹਾ ਸੀ।
ਇਸ ਤੋਂ ਇਲਾਵਾ ਸਰਕਾਰ ਵੱਲੋਂ ਯੂਨੀਵਰਸਿਟੀ ਤੇ ਕਾਲਜਾਂ ਦੇ ਕੰਟਰੈਕਟ ਆਧਾਰਿਤ ਅਧਿਆਪਕਾਂ ਲਈ ਵੀ ਇੰਕਰੀਮੈਂਟ ਦੀ ਵਿਵਸਥਾ ਕੀਤੀ ਜਾ ਰਹੀ ਹੈ। ਉਂਜ ਇਹ ਇੰਕਰੀਮੈਂਟ ਉਨ੍ਹਾਂ ਅਧਿਆਪਕਾਂ ਨੂੰ ਹੀ ਮਿਲੇਗੀ ਜੋ ਯੋਗਤਾ ਪੂਰੀ ਕਰਦੇ ਹਨ। ਸੂਤਰਾਂ ਅਨੁਸਾਰ ਇੰਕਰੀਮੈਂਟਾਂ ਤੋਂ ਵਾਂਝੇ ਅਧਿਆਪਕਾਂ ਨੂੰ ਸਰਕਾਰ ਦੋ ਤੋਂ ਤਿੰਨ ਸਾਲ ਤੱਕ ਦਾ ਸਮਾਂ ਵੀ ਦੇਵੇਗੀ ਤਾਂ ਕਿ ਉਨ੍ਹਾਂ ਨੂੰ ਯੋਗਤਾ ਪੂਰੀ ਕਰਨ ਦਾ ਮੌਕਾ ਮਿਲ ਸਕੇ।
ਪੰਜਾਬ ਦੇ 36 ਹਜ਼ਾਰ ਕੱਚੇ ਕਾਮੇ ਹੋਣਗੇ ਰੈਗੂਲਰ, ਅੱਜ ਕੈਬਨਿਟ ਮੀਟਿੰਗ 'ਚ ਲੱਗ ਸਕਦੀ ਮੋਹਰ
ਪੰਜਾਬ ਕੈਬਨਿਟ ਵੱਲੋਂ ਅੱਜ ਸੂਬੇ ਦੇ 36 ਹਜ਼ਾਰ ਕੱਚੇ ਕਾਮਿਆਂ ਨੂੰ ਰੈਗੂਲਰ ਕੀਤੇ ਜਾਣ ਦੀ ਪਾਲਿਸੀ ਨੂੰ ਹਰੀ ਝੰਡੀ ਦਿੱਤੇ ਜਾਣ ਦੀ ਸੰਭਾਵਨਾ ਹੈ। ਕੈਬਨਿਟ ਸਬ ਕਮੇਟੀ ਵੱਲੋਂ ਅੱਜ ਕੈਬਨਿਟ ਮੀਟਿੰਗ ਵਿੱਚ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਬਾਰੇ ਰਿਪੋਰਟ ਪੇਸ਼ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਅੱਜ ਅਧਿਆਪਕ ਦਿਵਸ ਹੈ ਜਿਸ ਕਰਕੇ ਕੈਬਨਿਟ ਵੱਲੋਂ ਇਸ ਮੌਕੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦਾ ਤੋਹਫਾ ਦਿੱਤਾ ਜਾ ਸਕਦਾ ਹੈ।