ਚੰਡੀਗੜ੍ਹ: ਬੀਜੇਪੀ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਮਿਲ ਕੇ ਚੋਣਾਂ ਲੜ ਰਹੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ 38 ਸੀਟਾਂ ਮਿਲੀਆਂ ਹਨ। ਉਨ੍ਹਾਂ ਨੇ ਅੱਜ ਆਪਣੇ 22 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ 38 ਸੀਟਾਂ 'ਤੇ ਚੋਣ ਲੜ ਰਹੀ ਹੈ ਤੇ ਬਾਕੀ ਉਮੀਦਵਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਏਗਾ। ਅਹਿਮ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਕਾਂਗਰਸ ਛੱਡ ਕੇ ਚੋਣ ਲੜ ਰਹੇ ਹਨ। ਇਸ ਵਾਰ ਭਾਜਪਾ ਨਾਲ ਗਠਜੋੜ ਵੀ ਉਨ੍ਹਾਂ ਦਾ ਪਹਿਲੀ ਵਾਰ ਹੈ। 









ਇਸ ਦੇ ਨਾਲ ਹੀ ਕੈਪਟਨ ਨੇ ਐਲਾਨ ਕੀਤਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਜਿੱਤਣ ਨਹੀਂ ਦੇਣਗੇ। ਨਵਜੋਤ ਸਿੱਧੂ ਦੇ ਵਿਰੋਧ ਕਾਰਨ ਹੀ ਪੰਜਾਬ ਵਿੱਚ ਸੱਤਾ ਤਬਦੀਲੀ ਹੋਈ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਤੇ ਪੰਜਾਬ ਲੋਕ ਕਾਂਗਰਸ ਦੇ ਨਾਂ ਨਾਲ ਆਪਣੀ ਪਾਰਟੀ ਬਣਾਈ।


ਇਸ ਤੋਂ ਪਹਿਲਾਂ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਇੱਕ ਟਵੀਟ ਵਿੱਚ ਕਿਹਾ ਸੀ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਚੋਣ ਲੜਨਗੇ। ਉਹ 300 ਸਾਲ ਪੁਰਾਣਾ ਆਪਣਾ ਜੱਦੀ ਘਰ ਨਹੀਂ ਛੱਡੇਗਾ। ਉਨ੍ਹਾਂ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਆਪਣੀ ਸਰਕਾਰ ਦੌਰਾਨ ਹੋਏ ਵਿਕਾਸ ਕਾਰਜਾਂ ਤੇ ਨਰਿੰਦਰ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦੇ ਆਧਾਰ ’ਤੇ ਲੋਕਾਂ ਤੋਂ ਵੋਟਾਂ ਮੰਗਣਗੇ।


 


ਕੈਪਟਨ ਨੂੰ ਮਿਲੀਆਂ ਸੀਟਾਂ-ਰਾਜਾਸਾਂਸੀ, ਅੰਮ੍ਰਿਤਸਰ ਦੱਖਣੀ, ਜੰਡਿਆਲਾ, ਅਜਨਾਲਾ, ਨਵਾਂਸ਼ਹਿਰ, ਬੁਢਲਾਡਾ, ਮਾਨਸਾ, ਰਾਮਪੁਰਾ ਫੂਲ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਧਰਮਕੋਟ ਅਤੇ ਨਿਹਾਲ ਸਿੰਘ ਵਾਲਾ, ਭੁਲੱਥ, ਖਡੂਰ ਸਾਹਿਬ, ਪੱਟੀ, ਦਾਖਾ, ਲੁਧਿਆਣਾ ਦੱਖਣੀ, ਆਤਮ ਨਗਰ, ਲੁਧਿਆਣਾ ਪੂਰਬੀ, ਪਟਿਆਲਾ, ਸਨੌਰ, ਸਮਾਣਾ, ਸ਼ੁਤਰਾਣਾ, ਪਟਿਆਲਾ ਦਿਹਾਤੀ, ਭਦੌੜ, ਮਹਿਲਕਲਾਂ, ਮਲੇਰਕੋਟਲਾ, ਅਮਰਗੜ੍ਹ, ਫਤਿਹਗੜ੍ਹ ਚੂੜੀਆਂ, ਨਕੋਦਰ, ਆਦਮਪੁਰ, ਫ਼ਿਰੋਜ਼ਪੁਰ ਦਿਹਾਤੀ, ਜ਼ੀਰਾ, ਕੋਟਕਪੂਰਾ, ਬੱਸੀ ਪਠਾਣਾ, ਖਰੜ, ਗਿੱਦੜਬਾਹਾ, ਮਲੋਟ।


 


ਭਾਜਪਾ ਨੇ 35 ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ 14 ਸੀਟਾਂ ਦਾ ਐਲਾਨ



ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ। ਭਾਜਪਾ ਨੇ ਪੰਜਾਬ ਚੋਣਾਂ ਲਈ 35 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਵੀ 14 ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ ਹਨ।