ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੱਲ੍ਹ ਫਿਰੋਜ਼ਪੁਰ ਫੇਰੀ ਦੌਰਾਨ ਹੋਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਤੇ ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਜਸਟਿਸ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।
ਬੀਜੇਪੀ ਤੇ ਕਾਂਗਰਸ ਵਿਚਾਲੇ ਬਿਆਨਬਾਜ਼ੀ ਦੀ ਜੰਗ ਛਿੜੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਫੇਰੀ ਰੱਦ ਹੋਣ ਮਗਰੋਂ ਬੀਜੇਪੀ ਤੇ ਕਾਂਗਰਸ ਵਿਚਾਲੇ ਬਿਆਨਬਾਜ਼ੀ ਦੀ ਜੰਗ ਛਿੜ ਗਈ ਹੈ। ਜਿੱਥੇ ਬੀਜੇਪੀ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਹਵਾਲਾ ਦੇ ਕਿ ਪੰਜਾਬ ਸਰਕਾਰ ਨੂੰ ਘੇਰ ਰਹੀ ਹੈ, ਉੱਥੇ ਹੀ ਕਾਂਗਰਸ ਦਾਅਵਾ ਕੀਤਾ ਹੈ ਕਿ ਰੈਲੀ ਵਿੱਚ ‘ਮੋਦੀ ਜੀ’ ਨੂੰ ਸੁਣਨ ਲਈ ਕੋਈ ਭੀੜ ਨਹੀਂ ਸੀ। ਇਸ ਲਈ ਸਾਰਾ ਡਰਾਮਾ ਕੀਤਾ ਗਿਆ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਹੈ ਕਿ ਭਾਜਪਾ ਪ੍ਰਧਾਨ ਜੇਪੀ ਨੱਢਾ ਦੂਜੇ ਸਿਰ ਦੋਸ਼ ਮੜ੍ਹਨਾ ਬੰਦ ਕਰਨ ਤੇ ਇਸ ਦੀ ਥਾਂ ਬੀਜੇਪੀ ਆਪਣੇ ‘ਕਿਸਾਨ ਵਿਰੋਧੀ’ ਰਵੱਈਏ ਨੂੰ ਲੈ ਕੇ ਅੰਤਰਝਾਤ ਮਾਰੇ।
ਦਰਅਸਲ ਨੱਢਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਗਾਮੀ ਚੋਣਾਂ ਵਿੱਚ ਆਪਣੀ ਹਾਰ ਦੇ ਡਰੋਂ ਸੂਬੇ ਵਿੱਚ ਮੋਦੀ ਦੇ ਪ੍ਰੋਗਰਾਮਾਂ ਨੂੰ ਨਾਕਾਮ ਬਣਾਉਣ ਲਈ ਹਰ ਸੰਭਵ ਹਰਬਾ ਵਰਤ ਰਹੀ ਹੈ। ਇਸ ਦਾ ਜਵਾਬ ਦਿੰਦਿਆਂ ਸੁਰਜੇਵਾਲਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਦਾ ਬਚਾਅ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਸਾਰੇ ਸੁਰੱਖਿਆ ਪ੍ਰਬੰਧ ਐੈਸਪੀਜੀ ਤੇ ਹੋਰਨਾਂ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਗਏ ਸਨ।
ਸੁਖਬੀਰ ਬਾਦਲ ਨੇ ਮੰਗਿਆ ਮੁੱਖ ਮੰਤਰੀ ਚੰਨੀ ਦਾ ਅਸਤੀਫਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਬਾਰੇ ਸਖਤ ਸਟੈਂਡ ਲੈਂਦਿਆਂ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸੁਰੱਖਿਆ ’ਚ ਸੰਨ੍ਹ ਲੱਗਣ ਨੇ ਸਾਬਤ ਕੀਤਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ, ਜਿਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਸੂਬੇ ਨੂੰ ਚਲਾਉਣ ਦੇ ਯੋਗ ਤੇ ਸਮਰੱਥ ਨਹੀਂ ਹਨ, ਜਿਸ ਲਈ ਉਨ੍ਹਾਂ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਹੁਣ ਕੋਈ ਨੈਤਿਕ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਘੱਟੋ-ਘੱਟ ਇਹ ਆਸ ਰੱਖੀ ਜਾ ਰਹੀ ਸੀ ਕਿ ਸੂਬੇ ਵਿੱਚ ਪ੍ਰਧਾਨ ਮੰਤਰੀ ਦਾ ਦੌਰਾ ਸੁਰੱਖਿਅਤ ਨੇਪਰੇ ਚੜ੍ਹੇਗਾ ਪਰ ਇਸ ਦੇ ਫੇਲ੍ਹ ਹੋਣ ਨੇ ਸਾਬਤ ਕਰ ਦਿੱਤਾ ਹੈ ਕਿ ਸੂਬੇ ਵਿੱਚ ਆਮ ਆਦਮੀ ਵੀ ਸੁਰੱਖਿਅਤ ਨਹੀਂ।