ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ: ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਪਰਿਵਾਰ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਨਤਮਸਤਕ ਹੋਏ ।
ਅੰਮ੍ਰਿਤਸਰ: ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਪਰਿਵਾਰ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਨਤਮਸਤਕ ਹੋਏ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ’ਤੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਸਮੇਤ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਮੌਕੇ ਜਿਥੇ ਗੁਰਬਾਣੀ ਕੀਰਤਨ ਸਰਵਣ ਕੀਤਾ, ਉਥੇ ਹੀ ਉਨ੍ਹਾਂ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਤਿਆਰ ਹੁੰਦਾ ਵੇਖਿਆ ਅਤੇ ਲੰਗਰ ਸੇਵਾ ਵੀ ਕੀਤੀ। ਬ੍ਰਿਟਿਸ਼ ਹਾਈ ਕਮਿਸ਼ਨ ਦੇ ਵਫ਼ਦ ਨੇ ਹਜ਼ਾਰਾਂ ਸੰਗਤਾਂ ਵੱਲੋਂ ਇਕੋ ਸਮੇਂ ਲੰਗਰ ਛਕਣ ਬਾਰੇ ਜਾਣ ਕੇ ਖੁਸ਼ੀ ਪ੍ਰਗਟਾਈ।
ਇਸ ਮੌਕੇ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪੁੱਜ ਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਮਨੁੱਖਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਫੇਰੀ ਨੂੰ ਯਾਦਗਾਰੀ ਦੱਸਿਆ। ਇਥੇ ਪਹੁੰਚਣ ’ਤੇ ਮਿਲੇ ਸਨਮਾਨ ਲਈ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਸੰਸਥਾ ਦਾ ਧੰਨਵਾਦ ਕੀਤਾ।
ਛੇਵੀਂ ਪਾਤਸ਼ਾਹੀ ਦਾ ਮਨਾਇਆ ਗਿਆ ਪ੍ਰਕਾਸ਼ ਪੁਰਬ
ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਗਵਾਲੀਅਰ ਦੇ ਕਿਲ੍ਹੇ ’ਚੋਂ ਰਿਹਾਈ ਸਮੇਂ 52 ਰਾਜਿਆਂ ਨੂੰ ਵੀ ਆਪਣੇ ਨਾਲ ਰਿਹਾਅ ਕਰਵਾਇਆ ਸੀ, ਇਸੇ ਕਰਕੇ ਗੁਰੂ ਸਾਹਿਬ ਨੂੰ ਬੰਦੀ ਛੋੜ ਦਾਤਾ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਬਹੁਤ ਸਾਰੇ ਸਿੱਖ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਹਨ, ਜੋ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਤੋਂ ਵੀ ਬਹੁਤ ਜਿਆਦਾ ਸਮਾਂ ਜੇਲ੍ਹ ਵਿਚ ਗੁਜਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਬਹੁ-ਗਿਣਤੀ ਦੀ ਵੋਟ ਰਾਜਨੀਤੀ ਕਾਰਨ ਇਨ੍ਹਾਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀਆਂ।