Punjab News: ਸੀਮਾ ਸੁਰੱਖਿਆ ਬਲ (BSF) ਨੇ ਇੱਕ ਵਾਰ ਫਿਰ ਪਾਕਿਸਤਾਨੀ ਸਮੱਗਲਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਡਰੋਨ ਤੋਂ ਸੁੱਟੀ ਗਈ 4.490 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਪੂਰੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਇਹ ਜਾਣਕਾਰੀ ਬੀਐਸਐਫ ਨੇ ਦਿੱਤੀ ਹੈ।


ਤਲਾਸ਼ੀ ਮੁਹਿੰਮ ਦੌਰਾਨ ਪੈਕਟ ਵਿੱਚੋਂ ਮਿਲੀ ਹੈਰੋਇਨ


ਬੀਐਸਐਫ ਨੇ ਦੱਸਿਆ ਕਿ ਵੀਰਵਾਰ ਸਵੇਰੇ ਬੀਐਸਐਫ ਦੇ ਜਵਾਨਾਂ ਨੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਦਾਉਕੇ ਦੇ ਆਸਪਾਸ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ ਜਵਾਨਾਂ ਨੂੰ ਖੇਤ ਵਿੱਚ ਇੱਕ ਪੀਲੇ ਰੰਗ ਦਾ ਪੈਕਟ ਮਿਲਿਆ। ਪੈਕੇਟ ਨੂੰ ਖੋਲ੍ਹਣ 'ਤੇ ਉਸ 'ਚੋਂ 4.490 ਕਿਲੋ ਹੈਰੋਇਨ ਬਰਾਮਦ ਹੋਈ। ਦੱਸਿਆ ਜਾ ਰਿਹਾ ਹੈ ਕਿ ਇਹ ਹੈਰੋਇਨ ਡਰੋਨ ਰਾਹੀਂ ਸਰਹੱਦ ਪਾਰ ਤੋਂ ਭਾਰਤੀ ਖੇਤਰ ਵਿੱਚ ਸੁੱਟੀ ਗਈ ਸੀ। ਬਰਾਮਦ ਹੋਈ ਹੈਰੋਇਨ ਦੀ ਕੀਮਤ ਕਰੋੜਾਂ ਵਿੱਚ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਬੀਐਸਐਫ ਵੱਲੋਂ ਆਸਪਾਸ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਹੈਰੋਇਨ ਦਾ ਰਸੀਵਰ ਕੌਣ ਸੀ।


ਫਾਜ਼ਿਲਕਾ ਜ਼ਿਲ੍ਹੇ ਵਿੱਚ ਵੀ ਢਾਈ ਕਿੱਲੋ ਹੈਰੋਇਨ ਬਰਾਮਦ ਹੋਈ ਹੈ


ਦੱਸ ਦੇਈਏ ਕਿ ਬੀਐਸਐਫ ਨੇ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਤੋਂ ਵੀ ਇਸੇ ਤਰ੍ਹਾਂ ਢਾਈ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਸੀ। ਇਨ੍ਹੀਂ ਦਿਨੀਂ ਸੰਘਣੀ ਧੁੰਦ ਕਾਰਨ ਸਰਹੱਦ 'ਤੇ ਤਸਕਰਾਂ ਦੀਆਂ ਗਤੀਵਿਧੀਆਂ ਵਧ ਗਈਆਂ ਹਨ। ਇਸ ਦੌਰਾਨ ਅਕਸਰ ਹੀ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਨੂੰ ਭੇਜੇ ਜਾਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਪਰ ਉੱਚ ਤਕਨੀਕ ਅਤੇ ਲਗਾਤਾਰ ਗਸ਼ਤ ਕਾਰਨ ਬੀ.ਐੱਸ.ਐੱਫ. ਉਨ੍ਹਾਂ ਦੇ ਮਨਸੂਬਿਆਂ ਨੂੰ ਕਾਫੀ ਹੱਦ ਤੱਕ ਨਾਕਾਮ ਕਰ ਰਹੀ ਹੈ।


ਪਿਛਲੇ 4-5 ਦਿਨ ਪਹਿਲਾਂ ਵੀ ਜਲੰਧਰ ਸਿਟੀ ਪੁਲਿਸ ਨੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਸੀ। ਇਨ੍ਹਾਂ ਮੁਲਜ਼ਮਾਂ ਕੋਲੋਂ 1 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਇਹ ਚਾਰੇ ਤਸਕਰ ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਨਸ਼ਾ ਸਪਲਾਈ ਕਰਨ ਲਈ ਜਲੰਧਰ ਆਉਂਦੇ ਸਨ।