ਚੰਡੀਗੜ੍ਹ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਦਾਖਾ ਸੀਟ ਹਾਕਮ ਧਿਰ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਲਈ ਵਕਾਰ ਦਾ ਸਵਾਲ ਬਣ ਗਈ ਹੈ। ਦੋਵੇਂ ਇੱਕ ਦੂਜੇ ਨੂੰ ਪਛਾੜਨ ਲਈ ਹਰ ਹਰਬਾ ਵਰਤ ਰਹੇ ਹਨ। ਜਲਾਲਾਬਾਦ ਵਿੱਚ ਟੱਕਰ ਕਾਂਗਰਸ ਤੇ ਅਕਾਲੀ ਦਲ ਵਿਚਕਾਰ ਹੈ।


ਫਗਵਾੜਾ ਤੇ ਮੁਕੇਰੀਆ ਹਲਕਿਆਂ ਵਿੱਚ ਕਾਂਗਰਸ ਅਤੇ ਭਾਜਪਾ ਵਿਚਾਲੇ ਤਿੱਖੀ ਟੱਕਰ ਹੈ। ਹਾਕਮ ਧਿਰ ਕੋਲ ਪੰਜਾਬ ਵਿਧਾਨ ਸਭਾ ਵਿੱਚ ਪਹਿਲਾਂ ਹੀ ਦੋ ਤਿਹਾਈ ਬਹੁਮਤ ਹੈ। ਇਸ ਲਈ ਨਤੀਜਿਆਂ ਤੋਂ ਭਾਵੇਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਕੋਈ ਖਤਰਾ ਨਹੀਂ ਪਰ ਨਤੀਜਿਆਂ ਤੋਂ ਬਾਅਦ ਸੂਬੇ ਵਿੱਚ ਨਵੀਂ ਸਫ਼ਬੰਦੀ ਹੋਣ ਦੇ ਆਸਾਰ ਬਣ ਸਕਦੇ ਹਨ। ਇਸ ਕਰਕੇ ਜਿੱਤ ਹਾਰ ਦੀ ਕਾਫੀ ਅਹਿਮੀਅਤ ਹੈ।

ਚੋਣ ਨਤੀਜੇ ਕੈਪਟਨ ਸਰਕਾਰ ਦੀ ਢਾਈ ਸਾਲ ਦੀ ਕਾਰਗੁਜ਼ਾਰੀ ਬਾਰੇ ਵੀ ਫਤਵਾ ਹੋਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਲਕਿਆਂ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ ਕਾਂਗਰਸ ਉਮੀਦਵਾਰਾਂ ਦੇ ਹੱਕ ਵਿੱਚ ਭੁਗਤਾਉਣ ਦਾ ਯਤਨ ਕੀਤਾ ਪਰ ਉਨ੍ਹਾਂ ਨੇ ਆਪਣੇ ਰਾਜਨੀਤਕ ਸਕੱਤਰ ਸੰਦੀਪ ਸਿੰਘ ਸੰਧੂ ਦੇ ਹੱਕ ਵਿੱਚ ਦਾਖਾ ਹਲਕੇ ਤੋਂ ਦੋ ਦਿਨ ਰੋਡ ਸ਼ੋਅ ਕਰਕੇ ਸਭ ਤੋਂ ਵੱਧ ਜ਼ੋਰ ਲਾਇਆ।