ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਮੰਤਰੀ ਮੰਡਲ ਨੇ ਅੱਜ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਈ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ।ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਵਜ਼ਾਰਤ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਉਮਰ ਕੈਦ ਸਜ਼ਾ ਯਾਫਤਾ/ਕੈਦੀਆਂ ਦੀ ਵਿਸ਼ੇਸ਼ ਸਜ਼ਾ ਮੁਆਫੀ ਦੇ ਕੇਸ ਭੇਜਣ ਲਈ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸੇ ਤਰ੍ਹਾਂ 15 ਅਗਸਤ, 2022 ਨੂੰ ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਆਜ਼ਾਦੀ ਦੇ ਮਹਾਂਉਤਸਵ ਵਜੋਂ ਮਨਾਉਣ ਲਈ ਸੂਬੇ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਕੈਦੀਆਂ ਦੇ ਵਿਸ਼ੇਸ਼ ਸਜ਼ਾ ਮੁਆਫੀ ਦੇ ਕੇਸ ਭੇਜਣ ਲਈ ਵੀ ਮਨਜ਼ੂਰੀ ਦਿੱਤੀ ਗਈ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਵੱਲੋਂ ਮਨਜ਼ੂਰੀ ਦੇਣ ਤੋਂ ਬਾਅਦ ਸਜ਼ਾ ਘਟਾਉਣ ਦੇ ਇਹ ਵਿਸ਼ੇਸ਼ ਮਾਮਲੇ ਸੰਵਿਧਾਨ ਦੀ ਧਾਰਾ 161 ਤਹਿਤ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ।


ਰੁਜ਼ਗਾਰ ਪੈਦਾਵਾਰ ਤੇ ਸਿਖਲਾਈ ਵਿਭਾਗ ਦੀ ਸਲਾਨਾ ਪ੍ਰਸ਼ਾਸਨਿਕ ਰਿਪੋਰਟ
ਵਜ਼ਾਰਤ ਵੱਲੋਂ ਸਾਲ 2020-21 ਲਈ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਸਲਾਨਾ ਪ੍ਰਸ਼ਾਸਨਿਕ ਰਿਪਰੋਟ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।


ਸੂਬਾ ਸੰਕਟ ਰਾਹਤ ਫੰਡ ਲਈ ਮਨਜ਼ੂਰੀ
ਕੁਦਰਤੀ ਆਫ਼ਤਾਂ ਦੇ ਜ਼ੋਖਮ ਨੂੰ ਘਟਾਉਣ ਲਈ ਵਿਸ਼ੇਸ਼ ਉਪਾਵਾਂ ਦੀ ਸ਼ੁਰੂਆਤ ਦੇ ਮੰਤਵ ਨਾਲ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਸੂਬਾ ਸੰਕਟ ਰਾਹਤ ਫੰਡ (ਐਸ.ਡੀ.ਐਮ.ਐਫ) ਹੋਂਦ ਵਿਚ ਲਿਆਉਣ ਲਈ ਮੰਨਜ਼ੂਰੀ ਦੇ ਦਿੱਤੀ ਗਈ ਹੈ। ਇਸ ਫੰਡ ਦੇ ਹੋਂਦ ਵਿਚ ਆਉਣ ਨਾਲ ਕੁਦਰਤੀ ਸੰਕਟਾਂ ਨਾਲ ਨਿਪਟਣ ਅਤੇ ਉਨ੍ਹਾਂ ਦੇ ਜ਼ੋਖਮਾਂ ਨੂੰ ਘਟਾਉਣ ਲਈ ਪੰਜਾਬ ਸਰਕਾਰ ਦੁਆਰਾ ਕੀਤੇ ਜਾਂਦੇ ਯਤਨਾਂ ਨੂੰ ਹੋਰ ਬਲ ਮਿਲੇਗਾ।