ਚੰਡੀਗੜ੍ਹ: ਪੰਜਾਬ ਦਾ ਬਜਟ 18 ਫਰਵਰੀ ਨੂੰ ਪੇਸ਼ ਹੋਏਗਾ। ਇਹ ਫੈਸਲਾ ਅੱਜ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਪੰਜਾਬ ਦਾ ਬਜਟ ਸੈਸ਼ਨ 12 ਤੋਂ 21 ਫਰਵਰੀ ਤੱਕ ਦਾ ਹੋਵੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 18 ਫਰਵਰੀ ਨੂੰ ਬਜਟ ਵਿਧਾਨ ਸਭਾ ਵਿੱਚ ਪੇਸ਼ ਕਰਨਗੇ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਛ ਲਿਆ ਗਿਆ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜਟ ਇਜਲਾਸ 12 ਤੋਂ 21 ਫਰਵਰੀ ਤੱਕ ਤੱਕ ਸੱਦਣ ਦਾ ਫੈਸਲਾ ਕੀਤਾ ਹੈ। ਬਜਟ ਇਜਲਾਸ 12 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਜਿਸ ਤੋਂ ਬਾਅਦ ਉਸੇ ਦਿਨ ਬਾਅਦ ਦੁਪਹਿਰ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਜਾਣਗੀਆਂ।
13 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ। 15 ਫਰਵਰੀ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਪੇਸ਼ ਹੋਵੇਗਾ ਜਿਸ ਤੋਂ ਬਾਅਦ ਭਾਸ਼ਣ ’ਤੇ ਬਹਿਸ ਆਰੰਭ ਹੋਵੇਗੀ ਜੋ ਦਿਨ ਭਰ ਚੱਲੇਗੀ।
18 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਸਾਲ 2017-18 ਲਈ ਭਾਰਤ ਦੇ ਕੰਪਟ੍ਰੋਲਰ ਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ, ਵਪਾਰਕ), ਸਾਲ 2017-18 ਲਈ ਵਿੱਤੀ ਲੇਖੇ ਤੇ ਸਾਲ 2017-18 ਲਈ ਨਮਿੱਤਣ ਲੇਖੇ ਪੇਸ਼ ਹੋਣਗੇ।
ਇਸੇ ਤਰ੍ਹਾਂ 18 ਫਰਵਰੀ ਨੂੰ ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ ਤੇ ਨਮਿੱਤਣ ਬਿੱਲ ਤੇ ਸਾਲ 2019-20 ਲਈ ਬਜਟ ਅਨੁਮਾਨ ਸਦਨ ਅੱਗੇ ਪੇਸ਼ ਕੀਤੇ ਜਾਣਗੇ।
20 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਬਜਟ ਅਨੁਮਾਨਾਂ ’ਤੇ ਆਮ ਬਹਿਸ ਸ਼ੁਰੂ ਹੋਵੇਗੀ। 21 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ ਜਿਸ ਤੋਂ ਬਾਅਦ ਬਜਟ ਅਨੁਮਾਨਾਂ ਦੀਆਂ ਮੰਗਾਂ ’ਤੇ ਬਹਿਸ ਤੇ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।