ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਅਜ਼ਾਦੀ ਘੁਲਾਟੀਆ ਵਿਭਾਗ ਅਤੇ ਰੱਖਿਆ ਸੇਵਾਵਾਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ
ਪੰਜਾਬ ਸਰਕਾਰ ਅਜ਼ਾਦੀ ਘੁਲਾਟੀਆਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵਚਨਬੱਧ ਹੈ। ਅੱਜ ਇੱਥੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਅਜ਼ਾਦੀ ਘੁਲਾਟੀਆ ਵਿਭਾਗ ਅਤੇ ਰੱਖਿਆ ਸੇਵਾਵਾਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ।
ਚੰਡੀਗੜ੍ਹ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜ਼ਾਦੀ ਘੁਲਾਟੀਆਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵਚਨਬੱਧ ਹੈ। ਅੱਜ ਇੱਥੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਅਜ਼ਾਦੀ ਘੁਲਾਟੀਆ ਵਿਭਾਗ ਅਤੇ ਰੱਖਿਆ ਸੇਵਾਵਾਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਅਜ਼ਾਦੀ ਘੁਲਾਟੀਆ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਉਹਨਾਂ ਹਦਾਇਤ ਕੀਤੀ ਕਿ ਪੰਜਾਬ ਰਾਜ ਵਿੱਚ ਇਸ ਸਮੇਂ ਜਿੰਨੇ ਵੀ ਅਜ਼ਾਦੀ ਘੁਲਾਟੀਏ ਜੀਵਤ ਹਨ, ਉਹਨਾਂ ਦੀ ਡਾਇਰੈਕਟਰੀ ਬਣਾਈ ਜਾਵੇ।
ਉਹਨਾਂ ਵੱਖ-ਵੱਖ ਵਿਭਾਗਾਂ ਵਿੱਚ ਅਜ਼ਾਦੀ ਘੁਲਾਟੀਆਂ ਲਈ ਰਾਖ਼ਵੀਆਂ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਪੱਤਰ ਲਿਖਣ ਦਾ ਵੀ ਆਦੇਸ਼ ਦਿੱਤਾ। ਇਸ ਦੇ ਨਾਲ ਹੀ ਉਹਨਾਂ ਹਦਾਇਤ ਕੀਤੀ ਕਿ ਅਜ਼ਾਦੀ ਘੁਲਾਟੀਆਂ ਦੇ ਇਲਾਜ ਲਈ ਕੈਸ਼ ਲੈਸ ਹੈਲਥ ਯੋਜਨਾ ਲਾਗੂ ਕਰਨ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ. ਮੀਨਾ ਵੀ ਹਾਜ਼ਰ ਸਨ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਰੱਖਿਆ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਾਜ ਦਾ ਨਿਰੀਖਣ ਕੀਤਾ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।
ਇਸ ਤੋਂ ਇਲਾਵਾ ਸੂਬੇ ਦੇ ਬਾਗ਼ਬਾਨੀ ਬਾਰੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਰਾਜ ਸਰਕਾਰ ਖੇਤੀ ਵਿਭਿੰਨਤਾ ਦੇ ਖੇਤਰ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਲਦਾਰ ਬੂਟੇ ਲਗਾਉਣ ਦੀ ਇਸ ਮੁਹਿੰਮ ਦੇ ਅਗਲੇ ਪੜਾਅ ਵਿੱਚ ਸੂਬੇ ਵਿੱਚ ਵਗਦੇ ਸੂਇਆਂ, ਸੇਮ ਨਾਲਿਆਂ ਅਤੇ ਸੜਕਾਂ ਦੇ ਨਾਲ-ਨਾਲ ਫ਼ਲਦਾਰ ਬੂਟੇ ਲਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ।