Cabinet Minister Harjot Singh Bains called on the experts today, experts to prepare for crackdown on illegal mining


ਚੰਡੀਗੜ੍ਹ: ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜੇ ਦੀ ਤਿਆਰੀ ਸ਼ੁਰੂ ਹੋ ਗਈ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮਾਹਿਰਾਂ ਨਾਲ ਮੀਟਿੰਗ ਕੀਤੀ। ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਖਣਨ ਨੀਤੀ ਬਣਾਈ ਜਾ ਰਹੀ ਹੈ ਜਿਸ ਨਾਲ ਮਾਲੀਏ ਵਿੱਚ ਭਾਰੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ।


ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ 9 ਵਜੇ ਦਫ਼ਤਰ ਪਹੁੰਚ ਕੇ ਨਵੀਂ ਮਾਈਨਿੰਗ ਪਾਲਿਸੀ ਦੇ ਸਬੰਧ ‘ਚ ਮਾਹਿਰਾਂ ਨਾਲ ਮੁਲਾਕਾਤਾਂ ਕੀਤੀਆਂ। ਖਣਨ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਤੇ ਕਾਨੂੰਨੀ ਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਨੇ ਆਪਣੇ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਹੋਰ ਸਟਾਫ਼ ਮੈਂਬਰਾਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਆਪਣੀ ਪੂਰੀ ਵਾਹ ਲਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਨਵੀਂ ਬਣੀ 'ਆਪ' ਸਰਕਾਰ ਦਾ ਉਦੇਸ਼ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ ਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਮੰਤਰੀ ਨੇ ਕਿਹਾ ਕਿ ਮੈਂ ਸੂਬੇ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰਾਂਗਾ ਤੇ ਖਣਨ ਅਤੇ ਸੈਰ ਸਪਾਟਾ ਵਿਭਾਗਾਂ ਵਿੱਚ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਬੈਂਸ ਨੇ ਇਸ ਗੱਲ ਦੀ ਮੁੜ ਪੁਸ਼ਟੀ ਕੀਤੀ ਕਿ ਖਣਨ ਅਤੇ ਜੇਲ੍ਹਾਂ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਹਰ ਹੀਲੇ ਰੋਕਿਆ ਜਾਵੇਗਾ ਤੇ ਪੰਜਾਬ ਸਰਕਾਰ ਵੱਲੋਂ ਨਵੀਂ ਖਣਨ ਨੀਤੀ ਬਣਾਈ ਜਾ ਰਹੀ ਹੈ ਜਿਸ ਨਾਲ ਮਾਲੀਏ ਵਿੱਚ ਭਾਰੀ ਵਾਧਾ ਹੋਵੇਗਾ।


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਤੇ ਇਸ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤਰਜੀਹੀ ਆਧਾਰ ’ਤੇ ਕੀਤਾ ਜਾਵੇਗਾ।


ਇਹ ਵੀ ਪੜ੍ਹੋ: ਲੋ ਕਰ ਲਓ ਸ਼ਿਕਾਇਤ, ਸਰਕਾਰੀ ਦਫ਼ਤਰਾਂ 'ਚ ਤਾਂ ਆਮ ਲੋਕ ਲਿਜਾ ਹੀ ਨਹੀਂ ਸਕਦੇ ਮੋਬਾਈਲ, ਭਗਵੰਤ ਮਾਨ ਕੋਲ ਉਠਾਇਆ ਜਾਵੇਗਾ ਮੁੱਦਾ