Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਸ਼ੁਰੂ ਕੀਤੇ ਗਏ 500 ਆਮ ਆਦਮੀ ਕਲੀਨਿਕਾਂ ‘ਚੋਂ ਇੱਕ ਕਲੀਨਿਕ ਕੈਬਨਿਟ ਮੰਤਰੀ ਹਰਪਾਲ ਵੱਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਮਹਿਲਾਂ ਵਿਖੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਅੰਮ੍ਰਿਤਸਰ ‘ਚ 500 ‘ਆਮ ਆਦਮੀ ਕਲੀਨਿਕਾਂ’ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਕਰਵਾਏ ਗਏ ਸਮਾਗਮ ਨੂੰ ਵੀ ਆਨਲਾਈਨ ਦੇਖਿਆ ਗਿਆ।



 

ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ 15 ਅਗਸਤ 2022 ਨੂੰ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ ਜਿਨ੍ਹਾਂ ਵਿੱਚ ਹੁਣ ਤੱਕ 10 ਲੱਖ ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਦਿੜ੍ਹਬਾ ਅਧੀਨ 2 ਆਮ ਆਦਮੀ ਕਲੀਨਿਕ ਅੱਜ ਸ਼ੁਰੂ ਹੋ ਰਹੇ ਹਨ ਜਿਨ੍ਹਾਂ ਵਿੱਚ ਮਹਿਲਾਂ ਤੋਂ ਇਲਾਵਾ ਦੂਸਰਾ ਪਿੰਡ ਛਾਜਲੀ ਵਿਖੇ ਤਿਆਰ ਕੀਤਾ ਗਿਆ ਹੈ।

 

ਵਿੱਤ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਸਿਰਫ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਦੇ ਖੇਤਰ ‘ਚ ਕ੍ਰਾਂਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ‘ਚ ਵੀ ਤਰਜੀਹੀ ਤੌਰ ‘ਤੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ‘ਚ ਬਿਹਤਰੀਨ ਮੁੱਢਲੀਆਂ ਸਿਹਤ ਸੇਵਾਵਾਂ ਇੱਕ ਥਾਂ ‘ਤੇ ਆਪਣੇ ਘਰਾਂ ਦੇ ਨੇੜੇ ਉਪਲੱਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ 91 ਤਰ੍ਹਾਂ ਦੀਆਂ ਦਵਾਈਆਂ ਅਤੇ 41 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਕੀਤੇ ਜਾਣਗੇ।

 

ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਕੀਤੇ ਵਾਅਦੇ ਹਰ ਹੀਲੇ ਪੂਰੇ ਕੀਤੇ ਜਾਣਗੇ।

 

ਇਸ ਮੌਕੇ ਐਸ. ਡੀ. ਐੱਮ. ਦਿੜ੍ਹਬਾ ਰਾਜੇਸ਼ ਸ਼ਰਮਾ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਹਿਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ, ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਕਾਰਜਕਾਰੀ ਐੱਸ.ਐਮ.ਓ. ਡਾ. ਮਲਕੀਤ ਸਿੰਘ ਤੋਂ ਇਲਾਵਾ ਪੰਚਾਇਤਾਂ ਦੇ ਨੁਮਾਇੰਦੇ ਤੇ ਇਲਾਕਾ ਨਿਵਾਸੀ ਹਾਜ਼ਰ ਸਨ।