ਨਵਜੋਤ ਸਿੱਧੂ 'ਤੇ ਬੋਲੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਅਦਾਲਤ ਦੇ ਫੈਸਲੇ ਦਾ ਹੋਣਾ ਚਾਹੀਦਾ ਸਨਮਾਨ
ਸਿੱਧੂ ਨੂੰ 1998 ਦੇ ਰੋਡਰੇਜ ਮਾਮਲੇ 'ਚ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਅਦਾਲਤ ਦੇ ਫੈਸਲੇ ਦਾ ਸਨਮਾਨ ਹੋਣਾ ਚਾਹੀਦਾ ਹੈ ਤੇ ਸਿੱਧੂ ਨੂੰ ਮੰਨਣਾ ਚਾਹੀਦਾ ਹੈ।
ਚੰਡੀਗੜ੍ਹ: ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ 1998 ਦੇ ਰੋਡਰੇਜ ਮਾਮਲੇ 'ਚ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਅਦਾਲਤ ਦੇ ਫੈਸਲੇ ਦਾ ਸਨਮਾਨ ਹੋਣਾ ਚਾਹੀਦਾ ਹੈ ਤੇ ਸਿੱਧੂ ਨੂੰ ਮੰਨਣਾ ਚਾਹੀਦਾ ਹੈ। ਲੁਧਿਆਣਾ ਤੋਂ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪੁੱਜੇ ਕੈਬਨਿਟ ਮੰਤਰੀ ਨੇ ਸਿੱਧੂ ਦੇ ਮਾਮਲੇ 'ਤੇ ਜ਼ਿਆਦਾ ਬੋਲਣ ਤੋਂ ਇਨਕਾਰ ਕਰ ਦਿੱਤਾ।
ਉੱਥੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਉਨ੍ਹਾਂ ਕਿਹਾ ਕਿ ਕਾਂਗਰਸ ਖਤਮ ਹੋ ਚੁੱਕੀ ਹੈ ਤੇ ਜਾਖੜ ਦਾ ਭਾਜਪਾ 'ਚ ਸ਼ਾਮਲ ਹੋਣਾ ਇਸ ਦੀ ਮਿਸਾਲ ਹੈ। ਇਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸਰਕਾਰ ਤੋਂ ਜਾਂਚ ਕਰਵਾਉਣ ਦੀ ਮੰਗ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਇਸ 'ਤੇ ਕੰਮ ਕਰ ਰਹੀ ਹੈ।
ਇਸ ਤਰ੍ਹਾਂ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ਿਆਂ ਨੂੰ ਖਤਮ ਕਰਕੇ ਵਾਪਸ ਲੈਣ ਦੀ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਅਪੀਲ ਕਰ ਰਹੀ ਹੈ ਕਿ ਪੰਚਾਇਤਾਂ ਦੀਆਂ ਜ਼ਮੀਨਾਂ ਵਾਪਸ ਕੀਤੀਆਂ ਜਾਣ। ਹਾਲਾਂਕਿ ਉਹ ਵੀ ਕਿਸੇ ਦਾ ਘਰ ਨਹੀਂ ਤੋੜਨਾ ਚਾਹੁੰਦੇ ਤੇ ਬਾਅਦ 'ਚ ਇਸ ਸਬੰਧੀ ਇੱਕ ਸਕੀਮ ਵੀ ਲਿਆਂਦੀ ਜਾਵੇਗੀ, ਜਿਸ ਤਹਿਤ ਲੋਕਲ ਕੀਮਤ ਦੇ ਆਧਾਰ 'ਤੇ ਲੋਕਾਂ ਤੋਂ ਉਨ੍ਹਾਂ ਦੀ ਕੀਮਤ ਵਸੂਲੀ ਜਾਵੇਗੀ। ਉਨ੍ਹਾਂ ਨੇ ਡੇਅਰੀ ਫਾਰਮਿੰਗ ਦੇ ਖੇਤਰ ਵਿੱਚ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।
ਜ਼ਿਕਰਯੋਗ ਹੈ ਕਿ ਰੋਡ ਰੇਜ ਮਾਮਲੇ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਹੁਣ ਜੇਲ੍ਹ ਜਾਣਾ ਹੀ ਪਵੇਗਾ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਊਰੇਟਿਵ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸਿੱਧੂ ਨੂੰ ਹੁਣ ਅਦਾਲਤ 'ਚ ਸਿਰੰਡਰ ਕਰਨਾ ਪਵੇਗਾ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ।