Punjab news: ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੂਨਕ ਨੇੜਲੇ ਪਿੰਡ ਨਵਾਂ ਗਾਓਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ।


ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਖੁਦ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਇਸ ਮੁਹਿੰਮ ਦੀ ਅਗਵਾਈ ਕਰ ਰਹੇ ਹਨ ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ।


ਪਿੰਡ ਨਵਾਂ ਗਾਓਂ ਵਿਖੇ ਵਿਧਾਇਕ ਲਹਿਰਾ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਮੁਹਿੰਮ ਸਦਕਾ ਸੂਬੇ ਵਿਚ ਹੁਣ ਤੱਕ 12000 ਏਕੜ ਤੋਂ ਵੱਧ ਜ਼ਮੀਨ ਨਜਾਇਜ਼ ਕਬਜ਼ੇ ਤੋਂ ਛੁਡਵਾ ਕੇ ਪੰਚਾਇਤਾਂ ਨੂੰ ਸੌਂਪੀ ਜਾ ਚੁੱਕੀ ਹੈ।


ਉਨ੍ਹਾਂ ਦੱਸਿਆ ਕਿ ਲਹਿਰਾ ਹਲਕੇ ਅਧੀਨ ਆਉਂਦੇ ਇਸ ਪਿੰਡ ਦੀ ਇਹ ਜ਼ਮੀਨ ਪਿਛਲੇ ਲੰਬੇ ਸਮੇਂ ਤੋਂ ਨਜਾਇਜ਼ ਕਬਜ਼ੇ ਹੇਠ ਸੀ ਜਿਸ ਤੋਂ ਕਬਜ਼ਾਧਾਰੀਆਂ ਨੇ ਅੱਜ ਖੁਦ ਕਬਜ਼ਾ ਛੱਡ ਦਿੱਤਾ ਹੈ।


ਇਹ ਵੀ ਪੜ੍ਹੋ: Ludhiana News: ਵਿਆਹ 'ਚ ਭੰਗੜੇ ਪਾਉਂਦਾ ਦਿਸਿਆ ਲੁਧਿਆਣਾ ਜੇਲ੍ਹ ਦਾ ਕੈਦੀ, ਸਵਾਲਾਂ 'ਚ ਘਿਰੀ ਪੁਲਿਸ


ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਲੇ ਸੀਜ਼ਨ ਦੌਰਾਨ ਇਸ ਜ਼ਮੀਨ ਦੀ ਖੁੱਲੀ ਬੋਲੀ ਕਰਵਾਈ ਜਾਵੇਗੀ ਅਤੇ ਉਸ ਸਮੇਂ ਕੋਈ ਵੀ ਸਫਲ ਬੋਲੀਕਾਰ ਚਕੋਤੇ ਉਤੇ ਇਹ ਜ਼ਮੀਨ ਲੈ ਸਕੇਗਾ।


ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਚਾਇਤੀ ਜ਼ਮੀਨ ਉੱਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬਹੁਤ ਗੰਭੀਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਨਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਉੱਪਰ ਨਜਾਇਜ਼ ਕਬਜ਼ੇ ਜਿਹੀਆਂ ਘਟਨਾਵਾਂ ਲਈ ਪਿਛਲੀਆਂ ਸਰਕਾਰਾਂ ਜਿੰਮੇਵਾਰ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਗ੍ਰਾਮ ਪੰਚਾਇਤ ਨੂੰ ਸੌਂਪ ਕੇ ਮਾਲੀਏ ਦੇ ਹੋਰ ਸਰੋਤ ਪੈਦਾ ਕਰਨ ਦੀ ਦਿਸ਼ਾ ਵਿੱਚ ਨਿਰੰਤਰ ਕਦਮ ਚੁੱਕੇ ਜਾ ਰਹੇ ਹਨ।


ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਨਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖੀ ਜਾਵੇਗੀ। ਉਨ੍ਹਾਂ ਨਾਲ ਹੀ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਖ਼ਾਲੀ ਕਰਵਾਈ ਜ਼ਮੀਨ 'ਤੇ ਮੁੜ ਤੋਂ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


ਇਸ ਮੌਕੇ ਵਿਧਾਇਕ ਬਰਿੰਦਰ ਗੋਇਲ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਜੋਸ਼ੋ ਖਰੋਸ਼ ਨਾਲ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕੀਤੀ।


ਇਹ ਵੀ ਪੜ੍ਹੋ: Moga News: ਮੋਟਰਸਾਇਕਲ ਚੋਰੀ ਕਰਦੇ ਭੱਜਦਿਆਂ ਦੀ ਟਰੈਕਟਰ-ਟਰਾਲੀ ਨਾਲ ਟੱਕਰ, 1 ਦੀ ਮੌਤ ਦੂਜਾ ਜ਼ਖ਼ਮੀ