ਅਮਰੀਕਾ ਦੀ ਕੈਲੇਫੋਰਨੀਆ ਸਟੇਟ ਅਸੈਂਬਲੀ ਨੇ ਪੰਜਾਬ ਵਿੱਚ ਹੋਈ ਬੇਅਦਬੀ ਮਾਮਲੇ ਵਿੱਚ ਇੱਕ ਵੱਡਾ ਫੈਸਲਾ ਲਿਆ ਹੈ। ਕੈਲੇਫੋਰਨੀਆ ਸਟੇਟ ਅਸੈਂਬਲੀ ਨੇ 4 ਫਰਵਰੀ ਦਾ ਦਿਨ ਪੰਜਾਬ ਦੇ ਨਕੋਦਰ 'ਚ ਵਾਪਰੇ ਸਾਕਾ ਨਕੋਦਰ ਦੇ ਸ਼ਹੀਦਾਂ ਦੇ ਨਾਮ ਕਰ ਦਿੱਤਾ ਹੈ। ਸਾਲ 1986 ਵਿੱਚ ਇਹ ਸਾਕਾ ਵਾਪਰਿਆ ਸੀ। ਇਹ ਮਤਾ ਅਸੈਂਬਲੀ ਮੈਂਬਰ ਡਾ ਜਸਮੀਤ ਕੌਰ ਬੈਂਸ ਵੱਲੋਂ ਲਿਆਂਦਾ ਗਿਆ, ਜਿਸ ਨੂੰ ਸਮੁੱਚੀ ਅਸੈਂਬਲੀ ਨੇ ਸਰਬਸੰਮਤੀ ਨਾਲ ਪਾਸ ਕਿਰ ਦਿੱਤਾ ਹੈ।
ਕੀ ਹੈ ਸਾਕਾ ਨਕੋਦਰ
4 ਫ਼ਰਵਰੀ 1986 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਸ਼ਾਂਤਮਈ ਰੋਸ ਮਾਰਚ ਕਰ ਰਹੀਆਂ ਸੰਗਤਾਂ ’ਤੇ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਦੌਰਾਨ 4 ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਪੁਲਿਸ ਨੇ ਇਹ ਸਾਕਾ ਵਰਤਾ ਦੇਣ ਤੋਂ ਬਾਅਦ ਸ਼ਹੀਦ ਹੋਏ ਸਿੱਖ ਨੌਜਵਾਨਾਂ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ, ਸ਼ਹੀਦ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ, ਸ਼ਹੀਦ ਭਾਈ ਝਿਲਮਣ ਸਿੰਘ ਜੀ ਗੋਰਸੀਆਂ ਅਤੇ ਸ਼ਹੀਦ ਭਾਈ ਹਰਮਿੰਦਰ ਸਿੰਘ ਜੀ ਚਲੂਪੁਰ ਦੀਆਂ ਮ੍ਰਿਤਕ ਦੇਹਾਂ ਵੀ ਪਰਿਵਾਰਾਂ ਨੂੰ ਨਹੀਂ ਸੌਂਪੀਆਂ ਤੇ ਆਪ ਹੀ ਇਨ੍ਹਾਂ ਦਾ ਬਿਨ੍ਹਾਂ ਮਰਿਆਦਾ ਤੇਲ ਪਾ ਕੇ ਸਸਕਾਰ ਕਰ ਦਿੱਤਾ ਸੀ।
ਜਾਂਚ ਕਮੀਸ਼ਨ ਦੀ ਰਿਪੋਰਟ
2015 ਦੀਆਂ ਬੇਅਦਬੀਆਂ ਅਤੇ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਕਮਿਸ਼ਨ ਦੀ ਅਗਵਾਈ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਨੇ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਜਾਂਚ ਕਰਨ ਲਈ ਇੱਕ ਐਸਆਈਟੀ ਬਣਾਉਣ ਕਿ ਨਕੋਦਰ ਪੁਲਿਸ ਗੋਲੀਬਾਰੀ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਇੱਕ ਹਿੱਸਾ ਕਿਵੇਂ ਗਾਇਬ ਹੋ ਗਿਆ ਅਤੇ ਫਰਵਰੀ 1986 ਦੀ ਗੋਲੀਬਾਰੀ ਦੀ ਘਟਨਾ ਵਿੱਚ ਚਾਰ ਨੌਜਵਾਨਾਂ ਦੇ ਕਤਲ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਵੀ ਸ਼ੁਰੂ ਕੀਤੀ ਜਾਵੇ।