ਸੰਗਰੂਰ: ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਦਾ ਚੋਣ ਪ੍ਰਚਾਰ ਸਿਖਰਾਂ 'ਤੇ ਹੈ।ਅੱਜ  ਸ਼੍ਰੋਮਣੀ ਅਕਾਲੀ ਦਲ ਦੀ ਸੰਗਰੂਰ ਤੋਂ ਉਮੀਦਵਾਰ ਬੀਬਾ ਕਮਲਦੀਪ ਕੌਰ ਦੇ ਹੱਕ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਚੋਣ ਪ੍ਰਚਾਰ ਕਰਨ ਪਹੁੰਚੇ।ਇਸ ਮੌਕੇ  ਉਨ੍ਹਾਂ ਹਲਕਾ ਭਦੌੜ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤ।


ਧਾਮੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੇ ਸੰਗਰੂਰ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬਾ ਕਮਲਦੀਪ ਕੌਰ ਨੂੰ ਵੋਟ ਪਾਉਣ ਇਸ ਮੌਕੇ ਉਨ੍ਹਾਂ ਕਾਬਲ ਵਿਖੇ ਗੁਰਦੁਆਰਾ ਸਾਹਿਬ 'ਤੇ ਹੋਏ ਅਤਿਵਾਦੀ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਐਸਜੀਪੀਸੀ ਵੱਲੋਂ ਪਹਿਲਾਂ ਵੀ ਪਾਕਿਸਤਾਨ ਤੇ ਅਫਗਾਨਿਸਤਾਨ ਦੀ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਲਈ ਸੁਚੇਤ ਕੀਤਾ ਗਿਆ ਸੀ।


ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਸਾਜ਼ਿਸ਼ ਹੈ ਇਸ ਦੀ ਗਹਿਰਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਉਥੋਂ ਦੀਆਂ ਸਰਕਾਰਾਂ ਨੂੰ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ।


ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।
 
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਫਦ ਨੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਅਫ਼ਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਅਤੇ ਪਹਿਲਾਂ ਆਏ ਸਿੱਖਾਂ ਨੂੰ ਇਥੇ ਪੱਕੇ ਤੌਰ ’ਤੇ ਵਸਾਉਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰਤਾ ਵਿਚ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਪਹਿਲ ਕਦਮੀ ਕਰੇ।