Amritsar News: ਸ਼੍ਰੋਮਣੀ ਅਕਾਲੀ ਦਲ ਨੇ ਕੈਨੇਡਾ ਦੇ ਨਾਗਰਿਕਾਂ ਲਈ ਭਾਰਤ ਦੇ ਵੀਜ਼ੇ ਬੰਦ ਕਰਨ 'ਤੇ ਭਗੰਵਤ ਮਾਨ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਨੇ ਇਸ ਮੁੱਦੇ ਉੱਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਉੱਪਰ ਸਵਾਲ ਉਠਾਏ ਹਨ। ਇਸ ਦੇ ਨਾਲ ਹੀ ਅਕਾਲੀ ਦਲ ਨੇ ਸੀਐਮ ਮਾਨ ਉੱਪਰ ਦੋਸ਼ ਲਾਇਆ ਹੈ ਕਿ ਉਹ ਬੀਜੇਪੀ ਨਾਲ ਮਿਲੇ ਹੋਏ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭਾਰਤ ਵੱਲੋਂ ਕੈਨੇਡਾ ਦੇ ਨਾਗਰਿਕਾਂ ਦੇ ਵੀਜ਼ੇ ਬੰਦ ਕਰਨ ਦੇ ਫ਼ੈਸਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਪੰਜਾਬ ਵਾਸੀਆਂ ਨੂੰ ਮਹਿੰਗੀ ਪੈ ਰਹੀ ਹੈ ਤੇ ਹਜ਼ਾਰਾਂ ਪੰਜਾਬੀਆਂ ਦਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ’ਤੇ ਭਾਜਪਾ ਦੀ ਲੀਡਰਸ਼ਿਪ ਨਾਲ ਮਿਲੇ ਹੋਣ ਦਾ ਦੋਸ਼ ਲਾਇਆ।
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਬਿਆਨ ਰਾਹੀਂ ਕਿਹਾ ਕਿ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ੇ ਰੋਕਣ ਦਾ ਫ਼ੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਵੱਡੀ ਗਿਣਤੀ ਪੰਜਾਬੀ ਪਰਿਵਾਰ ਰਹਿੰਦੇ ਹਨ। ਉਹ ਆਪਣੇ ਵਿਆਹ ਪੰਜਾਬ ਆ ਕੇ ਕਰਨ ਨੂੰ ਤਰਜੀਹ ਦਿੰਦੇ ਹਨ ਤੇ ਕੁੱਝ ਪਰਿਵਾਰ ਮੈਡੀਕਲ ਇਲਾਜ ਲਈ ਪੰਜਾਬ ਆਉਂਦੇ ਹਨ।
ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਮਾਮਲੇ ’ਤੇ ਜ਼ੁਬਾਨਬੰਦੀ ਹੈਰਾਨ ਕਰਨ ਵਾਲੀ ਹੈ। ਉਨ੍ਹਾਂ ਦੀ ਚੁੱਪ ਦਰਸਾਉਂਦੀ ਹੈ ਕਿ ਉਹ ਭਾਜਪਾ ਦੀ ਸਿਖ਼ਰਲੀ ਲੀਡਰਸ਼ਿਪ ਨਾਲ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕੈਨੇਡਾ ਦੇ ਪੰਜਾਬੀ ਨਾਗਰਿਕਾਂ ਦੇ ਵੀਜ਼ੇ ਬਹਾਲ ਨਾ ਹੋਏ ਤਾਂ ਇਸ ਨਾਲ ਪੰਜਾਬ ਨੂੰ ਆਰਥਿਕ ਤੌਰ ‘ਤੇ ਬਹੁਤ ਵੱਡੀ ਸੱਟ ਵੱਜੇਗੀ।
ਇਸ ਦੌਰਾਨ ਬਿਕਰਮ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਰਹੱਦੀ ਖੇਤਰ ਦੇ ਉਨ੍ਹਾਂ ਪਿੰਡ ਵਾਸੀਆਂ ਦੀ ਗੱਲ ਜ਼ਰੂਰ ਸੁਣੀ ਜਾਵੇ ਜਿਨ੍ਹਾਂ ਨੇ ‘ਆਪ’ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੇ ਉਸ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਕਥਿਤ ਗ਼ੈਰਕਾਨੂੰਨੀ ਮਾਈਨਿੰਗ ਖਿਲਾਫ਼ ਬਿਆਨ ਦਿੱਤੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।