ਸਿੱਧੂ ਮੂਸੇਵਾਲਾ ਦੇ ਨਾਂ 'ਤੇ ਬਣੇਗਾ ਕੈਂਸਰ ਹਸਪਤਾਲ ਤੇ ਖੇਡ ਸਟੇਡੀਅਮ, ਪਰਿਵਾਰ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅੱਗੇ ਰੱਖੀ ਮੰਗ


ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਭਾਜਪਾ ਆਗੂ ਗਜੇਂਦਰ ਸ਼ੇਖਾਵਤ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਆਗੂ ਫਤਿਹਜੰਗ ਬਾਜਵਾ ਤੇ ਸੁਨੀਲ ਜਾਖੜ ਵੀਰਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਮਾਨਸਾ 'ਚ ਇੱਕ ਕੈਂਸਰ ਹਸਪਤਾਲ ਤੇ ਇੱਕ ਖੇਡ ਸਟੇਡੀਅਮ ਬਣਾਉਣ ਦੀ ਮੰਗ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅੱਗੇ ਰੱਖੀ ਹੈ, ਜੋ ਉਨ੍ਹਾਂ ਨੇ ਪਰਿਵਾਰ ਦੀ ਇਸ ਮੰਗ ਨੂੰ ਪ੍ਰਵਾਨ ਕੀਤਾ ਹੈ।



ਉਧਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ। ਹਾਲਾਂਕਿ ਸੀਐਮ ਮਾਨ ਦੇ ਆਉਣ ਤੋਂ ਪਹਿਲਾਂ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਪਰਿਵਾਰ ਦੇ ਕਰੀਬੀਆ ਨੇ ਦੋਸ਼ ਲਾਏ ਹਨ ਕਿ ਸੀਐਮ ਦੌਰੇ ਕਾਰਨ ਸਾਡੇ ਪਿੰਡ ਵਾਸੀਆਂ ਤੇ ਕਰੀਬੀਆਂ ਨੂੰ ਘਰ ਆਉਣ ਤੋਂ ਰੋਕਿਆ ਗਿਆ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਫ਼ੈਨਜ ਪੰਜਾਬ ਸਰਕਾਰ ਤੋਂ ਕਾਫੀ ਨਾਰਾਜ਼ ਹਨ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਨਾ ਕੀਤੀ ਹੁੰਦੀ ਤਾਂ ਅੱਜ ਮੂਸੇਵਾਲਾ ਉਨ੍ਹਾਂ ਵਿੱਚੋਂ ਹੁੰਦਾ। ਇਸ ਦੇ ਨਾਲ ਹੀ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਸਿੱਧੂ ਮੂਸੇਵਾਲਾ ਦੇ ਘਰ ਪੁੱਜੇ। ਇਸ ਦੌਰਾਨ ਜਦੋਂ ਉਹ ਮਾਨਸਾ ਸਥਿਤ ਮੂਸੇਵਾਲਾ ਦੇ ਘਰ ਪਹੁੰਚੇ ਤਾਂ ਉਨ੍ਹਾਂ ਨੂੰ ਸਥਾਨਕ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ।

ਜ਼ਿਕਰਯੋਗ ਹੈ ਕਿ ਪਹਿਲਾਂ ਸਵੇਰੇ ਸਿੱਧੂ ਮੂਸੇਵਾਲ ਦੇ ਪਿੰਡ 'ਚ ਸੀਐੱਮ ਭਗਵੰਤ ਮਾਨ ਦੀ ਫੇਰੀ ਨੂੰ ਲੈ ਕੇ ਹੰਗਾਮਾ ਹੋ ਗਿਆ ਸੀ। ਭਗਵੰਤ ਮਾਨ ਨੇ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਆਉਣਾ ਸੀ, ਜਿਸ ਕਾਰਨ ਪਿੰਡ ਦੇ ਆਲੇ-ਦੁਆਲੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਸਨ। ਇਸ ਦੌਰਾਨ ਪੁਲਿਸ ਵੱਲੋਂ ਲੋਕਾਂ ਨੂੰ ਸਿੱਧੂ ਮੂਸੇਵਾਲਾ ਦੇ ਘਰ ਜਾਣ ਤੋਂ ਰੋਕਿਆ ਗਿਆ। ਹਾਲਾਂਕਿ ਪੁਲਿਸ ਪ੍ਰਸ਼ਾਸਨ ਨੇ ਇਸ ਗੱਲ ਤੋਂ ਸਾਫ਼ ਇਨਕਾਰ ਕੀਤਾ ਸੀ।