ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚਾਰ ਮੰਤਰੀਆਂ ਨੂੰ ਹੜ੍ਹਾਂ ਨਾਲ ਝੰਬੇ ਰੂਪਨਗਰ, ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਤਾਇਨਾਤ ਕਰ ਦਿੱਤਾ ਹੈ। ਇਹ ਮੰਤਰੀ ਬਚਾਅ ਕਾਰਜਾਂ ਲਈ ਲੋੜੀਂਦੀ ਰਸਦ, ਦਵਾਈਆਂ ਤੋਂ ਲੈ ਕੇ ਲੋਕਾਂ ਨੂੰ ਲੋੜੀਂਦੀਆਂ ਹੋਰਨਾਂ ਵਸਤਾਂ ਦੀ ਨਿਗਰਾਨੀ ਕਰਨਗੇ।


ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਸਨਅਤ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਰੋਪੜ ਜ਼ਿਲ੍ਹੇ ਵਿੱਚ ਆਏ ਹੜ੍ਹਾਂ ਤੋਂ ਪੀੜਤ ਲੋਕਾਂ ਲਈ ਮਦਦ ਦੇਣਗੇ। ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਜਲੰਧਰ ਤੇ ਕਪੂਰਥਲਾ ਜ਼ਿਲ੍ਹੇ ਦੀ ਜ਼ਿੰਮੇਵਾਰੀ ਸੌਂਪੀ ਹੈ। ਹੜ੍ਹ ਪੀੜਤ ਇਲਾਕਿਆਂ ਵਿੱਚ ਸਤਲੁਜ ਦਰਿਆ 'ਚ ਪਏ ਪਾੜ ਨੂੰ ਪੂਰਨ ਤੋਂ ਇਲਾਵਾ, ਪੀੜਤ ਲੋਕਾਂ ਨੂੰ ਖਾਣਾ ਤੇ ਦਵਾਈਆਂ ਆਦਿ ਪਹੁੰਚਾਉਣਾ ਵੱਡੀ ਚੁਨੌਤੀ ਬਣਿਆ ਹੋਇਆ ਹੈ।


ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਪਾਵਰਕੌਮ ਦੇ ਚੇਅਰਮੈਨ ਨੂੰ ਹੜ੍ਹ ਪੀੜਤ ਪਿੰਡਾਂ ਵਿੱਚ ਬਿਜਲੀ ਸੇਵਾ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਵੀ ਦਿੱਤੇ ਹਨ। ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਸੂਬੇ ਦੇ ਆਈਪੀਐਸ ਅਫਸਰਾਂ ਨੇ ਅੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਦਾਨ ਕਰਨ ਦਾ ਐਲਾਨ ਕੀਤਾ ਹੈ।