ਪਟਿਆਲਾ: ਨਾਭਾ ਜੇਲ੍ਹ ਵਿੱਚ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਮਗਰੋਂ ਕੈਪਟਨ ਸਰਕਾਰ ਹਰਕਤ ਵਿੱਚ ਆ ਗਈ ਹੈ। ਜਿੱਥੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮਾਂ ਦੇ ਨਾਲ-ਨਾਲ ਜੇਲ੍ਹ ਅਧਿਕਾਰੀਆਂ 'ਤੇ ਵੀ ਕਾਰਵਾਈ ਕੀਤੀ ਹੈ, ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੇਲ੍ਹਾਂ ਦੇ ਉੱਚ ਪੁਲਿਸ ਅਧਿਕਾਰੀ ਨੂੰ ਤਿੰਨ ਦਿਨਾਂ ਵਿੱਚ ਮਾਮਲੇ ਦੀ ਰਿਪੋਰਟ ਦੇਣ ਦੇ ਹੁਕਮ ਦਿੱਤੇ ਹਨ।


ਰੰਧਾਵਾ ਨੇ ਜੇਲ੍ਹ ਸੁਪਰਡੈਂਟ ਅਤੇ ਬੈਰਕ ਇੰਚਾਰਜ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ ਅਤੇ ਮਾਮਲੇ ਦੀ ਮੈਜਿਸਟ੍ਰੇਟੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਏਡੀਜੀਪੀ ਜੇਲ੍ਹ ਰੋਹਿਤ ਚੌਧਰੀ ਨੂੰ ਮਾਮਲੇ ਦੀ ਜਾਂਚ ਕਰ ਤਿੰਨ ਦਿਨਾਂ ਵਿੱਚ ਰਿਪੋਰਟ ਸੌਂਪਣ ਦੇ ਹੁਕਮ ਵੀ ਦੇ ਦਿੱਤੇ ਹਨ। ਕੈਪਟਨ ਨੇ ਇਸ ਕਤਲ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦੇ ਨਾਲ-ਨਾਲ ਸੂਬੇ ਵਿੱਚ ਸੁਰੱਖਿਆ ਵਧਾਉਣ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਮਹਿੰਦਰ ਪਾਲ ਬਿੱਟੂ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਸੀ ਅਤੇ ਉਹ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੁੱਖ ਮੈਂਬਰ ਸੀ ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਕਰੀਬੀ ਵੀ ਮੰਨਿਆ ਜਾਂਦਾ ਸੀ। ਅਜਿਹੇ ਵਿੱਚ ਸਿੱਖਾਂ ਤੇ ਡੇਰਾ ਪ੍ਰੇਮੀਆਂ ਦਰਮਿਆਨ ਟਕਰਾਅ ਦਾ ਮਾਹੌਲ ਪੈਦਾ ਹੋ ਸਕਦਾ ਹੈ। ਕਿਉਂਕਿ ਪੁਲਿਸ ਨੇ ਮਹਿੰਦਰਪਾਲ ਬਿੱਟੂ ਦੇ ਕਤਲ ਦੇ ਇਲਜ਼ਾਮ ਹੇਠ ਜੇਲ੍ਹ ਪ੍ਰਸ਼ਾਸਨ ਨੇ ਅੰਮ੍ਰਿਤਧਾਰੀ ਸਿੱਖ ਕੈਦੀਆਂ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤਾ ਹੈ।