ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਪੈਸੇ ਦੇ ਜ਼ੋਰ 'ਤੇ ਵਿਰੋਧੀ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ ਦਾ ਖੰਡਨ ਕਰ ਦਿੱਤਾ ਹੈ। ਕੈਪਟਨ ਨੇ 'ਆਪ' ਨੂੰ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਬਹੁਮਤ ਹਾਸਲ ਹੈ।

ਕੈਪਟਨ ਨੇ ਕਿਹਾ ਕਿ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਆਪਣੀਆਂ ਨਾਲਾਇਕੀਆਂ ਲੁਕਾਉਣ ਲਈ ਅਜਿਹੇ ਦੋਸ਼ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਦੂਸ਼ਣਬਾਜ਼ੀ ਨਾਲ 'ਆਪ' ਆਪਣੇ ਖੁੱਸ ਚੁੱਕੇ ਆਧਾਰ ਨੂੰ ਮੁੜ ਤੋਂ ਹਾਸਲ ਨਹੀਂ ਕਰ ਸਕਦੀ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ 'ਆਪ' ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਮਗਰੋਂ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼ ਲਾਏ ਸਨ। ਮਾਨ ਨੇ ਕਿਹਾ ਸੀ ਕਿ ਕਾਂਗਰਸ ਨੇ 'ਆਪ' ਦੇ ਵਿਧਾਇਕ ਨੂੰ 10 ਕਰੋੜ ਰੁਪਏ ਤੇ ਉੱਚੇ ਅਹੁਦੇ ਦੇਣ ਦਾ ਲਾਲਚ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਹੈ।